ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਹੋਈ ਮੀਟਿੰਗ ਦੀ ਕੀਤੀ ਪੁਸ਼ਟੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਚੰਡੀਗੜ੍ਹ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ। ਪ੍ਰੈਸ ਕਾਨਫਰੰਸ ਦੋਰਾਨ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਬੈਠਕ ਹੋਈ ਸੀ। ਸਿੱਧੂ ਨੇ ਸਪੱਸ਼ਟ ਕੀਤਾ ਕਿ 15 ਮਿੰਟਾਂ ਤੱਕ ਚੱਲੀ ਇਸ ਬੈਠਕ ਵਿਚ ਕਰਤਾਰਪੁਰ ਲਾਂਘੇ ਲਈ ਸੁਸ਼ਮਾ ਸਵਰਾਜ ਨੇ ਕਿਹਾ ਕਿ ਇਸ ਸੰਬੰਧੀ ਡਰਾਫ਼ਟ ਤਿਆਰ ਕੀਤਾ ਜਾ ਰਿਹਾ ਹੈ ਅਤੇ ਛੇਤੀ ਹੀ ਇਸ ‘ਤੇ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਇਹ ਵੀ ਕਿਹਾ ਹੈ ਕਿ ਉਹ ਧਰਮ ਦੇ ਨਾਂ ‘ਤੇ ਸਿਆਸੀ ਰੋਟੀਆਂ ਨਹੀਂ ਸੇਕ ਰਹੇ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਪਾਕਿਸਤਾਨ ਵੱਲ ਹੈ ਅਤੇ ਉਸ ਥਾਂ ‘ਤੇ ਜਾਣ ਲਈ ਸਾਨੂੰ ਅਪੀਲ ਕਰਨੀ ਚਾਹੀਦੀ ਹੈ। ਸਿੱਧੂ ਮੁਤਾਬਕ ਇਹ ਦਸ ਕਰੋੜ ਤੋਂ ਵੱਧ ਨਾਨਕ ਨਾਮ ਲੇਵਾ ਸੰਗਤਾਂ ਦੀ ਆਸਥਾ ਦੀ ਗੱਲ ਹੈ।
ਉਧਰ ਦੂਜੇ ਪਾਸੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਨਵਜੋਤ ਸਿੱਧੂ ਵਲੋਂ ਪਾਕਿ ਦੇ ਫੌਜ ਮੁਖੀ ਨੂੰ ਗਲੇ ਮਿਲਣ ਦੀ ਘਟਨਾ ਨੇ ਸਾਡੇ ਫੌਜੀ ਜਵਾਨਾਂ ‘ਤੇ ਅਸਰ ਪਾਇਆ ਹੈ। ਸੀਤਾਰਮਨ ਨੇ ਕਿਹਾ ਕਿ ਸਿੱਧੂ ਨੂੰ ਇਸ ਤੋਂ ਪਰਹੇਜ਼ ਹੀ ਕਰਨਾ ਚਾਹੀਦਾ ਸੀ।