Breaking News
Home / ਹਫ਼ਤਾਵਾਰੀ ਫੇਰੀ / ਦਵਿੰਦਰਪਾਲ ਸਿੰਘ ਭੁੱਲਰ ਪੈਰੋਲ ‘ਤੇ ਰਿਹਾਅ

ਦਵਿੰਦਰਪਾਲ ਸਿੰਘ ਭੁੱਲਰ ਪੈਰੋਲ ‘ਤੇ ਰਿਹਾਅ

3 copy copyਚੰਗੇ ਕਿਰਦਾਰ ਦੇ ਆਧਾਰ ‘ਤੇ ਮਿਲੀ 21 ਦਿਨਾਂ ਦੀ ਛੁੱਟੀ
ਅੰਮ੍ਰਿਤਸਰ/ਬਿਊਰੋ ਨਿਊਜ਼
ਸਿੱਖ ਬੰਦੀ ਗੁਰਦੀਪ ਸਿੰਘ ਖਹਿਰਾ ਦੀ ਇਕ ਦਿਨ ਪਹਿਲਾਂ ਰਿਹਾਈ ਤੋਂ ਬਾਅਦ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਨੂੰ ਵੀ 21 ਦਿਨਾਂ ਵਾਸਤੇ ਪੈਰੋਲ ‘ਤੇ ਰਿਹਾਅ ਕਰ ਦਿੱਤਾ ਗਿਆ। ਰਿਹਾਅ ਹੋਣ ਤੋਂ ਬਾਅਦ ਪ੍ਰੋ. ਭੁੱਲਰ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਮੱਥਾ ਟੇਕਿਆ ਅਤੇ ਸ਼ੁਕਰਾਨੇ ਦੀ ਅਰਦਾਸ ਕੀਤੀ। ਸ਼ਨੀਵਾਰ ਸ਼ਾਮ ਨੂੰ ਜੇਲ੍ਹ ਵਿਭਾਗ ਵੱਲੋਂ ਉਸ ਦੀ ਪੈਰੋਲ ‘ਤੇ ਰਿਹਾਈ ਸਬੰਧੀ ਆਦੇਸ਼ ਦਿੱਤੇ ਗਏ ਅਤੇ ਮਗਰੋਂ ਉਸ ਦੀ ਪਤਨੀ ਨਵਨੀਤ ਕੌਰ ਉਸ ਨੂੰ ਹਸਪਤਾਲ ਤੋਂ ਘਰ ਲੈ ਗਏ। ਇਸ ਦੀ ਪੁਸ਼ਟੀ ਕਰਦਿਆਂ ਕੇਂਦਰੀ ਜੇਲ੍ਹ ਦੇ ਡਿਪਟੀ ਸੁਪਰਡੈਂਟ ਕੁਲਵੰਤ ਸਿੰਘ ਨੇ ਦੱਸਿਆ ਕਿ ਭੁੱਲਰ ਨੂੰ ਚੰਗੇ ਕਿਰਦਾਰ ਤੇ ਚਾਲ ਚਲਣ ਦੇ ਆਧਾਰ ‘ਤੇ 21 ਦਿਨਾਂ ਵਾਸਤੇ ਪੈਰੋਲ ‘ਤੇ ਰਿਹਾਅ ਕੀਤਾ ਗਿਆ ਹੈ। ਮੁਕੰਮਲ ਪ੍ਰਵਾਨਗੀ ਮਿਲਣ ਮਗਰੋਂ ਨਵਨੀਤ ਕੌਰ ਤੇ ਹੋਰ ਜਣੇ ਪ੍ਰੋ. ਭੁੱਲਰ ਨੂੰ ਆਪਣੀ ਕਾਰ ਵਿੱਚ ਬਿਠਾ ਕੇ ਘਰ ਲੈ ਗਏ। ਘਰ ਲਿਜਾਣ ਤੋਂ ਪਹਿਲਾਂ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਅਤੇ ਹੋਰਨਾਂ ਵੱਲੋਂ ਪ੍ਰੋ.ਭੁੱਲਰ ਨੂੰ ਸਿਰੋਪਾਓ ਭੇਟ ਕੀਤੇ ਗਏ ਅਤੇ ਰਿਹਾਈ ਦੀ ਵਧਾਈ ਦਿੱਤੀ ਗਈ। ਨਵਨੀਤ ਕੌਰ ਨੇ ਪਤੀ ਦੀ ਪੈਰੋਲ ‘ਤੇ ਮਿਲੀ ਰਿਹਾਈ ਉਪਰ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਆਖਿਆ ਕਿ ਘਰ ਦਾ ਬਿਹਤਰ ਮਾਹੌਲ ਮਿਲਣ ਨਾਲ ਉਹ ਜਲਦੀ ਸਿਹਤਯਾਬ ਹੋ ਸਕਣਗੇ।
ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਪਿਛਲੇ ਸਾਲ 12 ਜੂਨ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ। ਉਸ ਨੂੰ 11 ਸਤੰਬਰ 1993 ਨੂੰ ਕਾਂਗਰਸੀ ਆਗੂ ਮਨਿੰਦਰਜੀਤ ਸਿੰਘ ਬਿੱਟਾ ਉਪਰ ਬੰਬ ਧਮਾਕਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਹਮਲੇ ਵਿਚ 9 ਵਿਅਕਤੀ ਮਾਰੇ ਗਏ ਸਨ ਅਤੇ ਕਈ ਜ਼ਖ਼ਮੀ ਹੋਏ ਸਨ। ਉਸ ਨੂੰ ਜਰਮਨੀ ਤੋਂ ਭਾਰਤ ਵਾਪਸ ਲਿਆਂਦਾ ਗਿਆ ਸੀ ਅਤੇ ਅਦਾਲਤ ਵੱਲੋਂ 2001 ਵਿੱਚ ਉਸ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਉਸ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਾਉਣ ਲਈ ਕਈ ਸਿੱਖ ਸੰਗਠਨਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਗਈ ਸੀ। ਉਸ ਦੀ ਖ਼ਰਾਬ ਹੁੰਦੀ ਸਿਹਤ ਨੂੰ ਧਿਆਨ ਵਿੱਚ ਰੱਖ ਕੇ ਸੁਪਰੀਮ ਕੋਰਟ ਨੇ 31 ਮਾਰਚ 2014 ਨੂੰ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ।
ਮਗਰੋਂ ਉਸ ਨੂੰ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ, ਜਿਥੇ ਉਸ ਨੂੰ ਇਲਾਜ ਵਾਸਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਮਨੋਰੋਗ ਵਾਰਡ ਵਿੱਚ ਭੇਜ ਦਿੱਤਾ ਗਿਆ ਸੀ। ਵਾਰਡ ਦੇ ਮੁਖੀ ਡਾ. ਪੀ ਡੀ ਗਰਗ ਨੇ ਦੱਸਿਆ ਕਿ ਪ੍ਰੋ. ਭੁੱਲਰ ਪਹਿਲਾਂ ਨਾਲੋਂ ਬਿਹਤਰ ਸਥਿਤੀ ਵਿੱਚ ਹੈ ਅਤੇ ਘਰ ਵਰਗਾ ਮਾਹੌਲ ਮਿਲਣ ਨਾਲ ਉਹ ਹੋਰ ਜਲਦੀ ਤੰਦਰੁਸਤ ਹੋਵੇਗਾ।
ਪ੍ਰੋ. ਭੁੱਲਰ ਦੇ ਕੇਸ ਦੀ ਪੈਰਵੀ ਕਰ ਰਹੇ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਉਸ ਦੀ ਪੈਰੋਲ ‘ਤੇ ਰਿਹਾਈ ਵਾਸਤੇ ਲੋੜੀਂਦੀ ਦਸਤਾਵੇਜ਼ੀ ਕਾਰਵਾਈ ਮੁਕੰਮਲ ਕਰ ਦਿੱਤੀ ਗਈ ਸੀ। ਪਿਛਲੇ ਦਿਨੀਂ ਬਟਾਲਾ ਕੇਸ ਵਿੱਚ ਵੀ ਉਸ ਨੂੰ ਬਰੀ ਕਰ ਦਿੱਤਾ ਗਿਆ ਸੀ ਜਦੋਂ ਕਿ ਯੂਪੀ ਵਿਚ ਦਰਜ ਇਕ ਹੋਰ ਮਾਮਲੇ ਵਿੱਚ ਉਸ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਇਹ ਵੀ ਪਤਾ ਲੱਗਾ ਹੈ ਕਿ ਪਰਿਵਾਰ ਵੱਲੋਂ 42 ਦਿਨ ਵਾਸਤੇ ਪੈਰੋਲ ‘ਤੇ ਰਿਹਾਈ ਮੰਗੀ ਗਈ ਸੀ ਪਰ 21 ਦਿਨਾਂ ਦੀ ਰਿਹਾਈ ਮਨਜ਼ੂਰ ਕੀਤੀ ਗਈ।
ਇਸ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪ੍ਰੋ. ਭੁੱਲਰ ਦੀ ਪੈਰੋਲ ‘ਤੇ ਰਿਹਾਈ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਸਰਕਾਰ ਨੂੰ ਹੋਰ ਸਿੱਖ ਬੰਦੀਆਂ ਨੂੰ ਵੀ ਇਸੇ ਤਰ੍ਹਾਂ ਜੇਲ੍ਹਾਂ ਵਿੱਚੋਂ ਰਿਹਾਅ ਕਰਨਾ ਚਾਹੀਦਾ ਹੈ।

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …