Breaking News
Home / ਪੰਜਾਬ / ਬਾਦਲਾਂ ਨੂੰ ਪੰਥ ‘ਚੋਂ ਕਢਵਾਉਣ ਲਈ ਸਿੱਧੂ ਨੇ ਜਥੇਦਾਰ ਦੇ ਨਾਂ ਭੇਜਿਆ ਪੱਤਰ

ਬਾਦਲਾਂ ਨੂੰ ਪੰਥ ‘ਚੋਂ ਕਢਵਾਉਣ ਲਈ ਸਿੱਧੂ ਨੇ ਜਥੇਦਾਰ ਦੇ ਨਾਂ ਭੇਜਿਆ ਪੱਤਰ

ਅੰਮ੍ਰਿਤਸਰ/ਬਿਊਰੋ ਨਿਊਜ਼ : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਂ ਪੱਤਰ ਸੌਂਪ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਡੇਰਾ ਸਿਰਸਾ ਦੇ ਮੁਖੀ ਨਾਲ ਸਾਂਝ ਰੱਖ ਕੇ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰਨ, ਸੰਗਤ ਨਾਲ ਵਿਸ਼ਵਾਸਘਾਤ ਕਰਨ, ਪੰਥਕ ਮਰਿਆਦਾ ਨੂੰ ਸਿਆਸੀ ਹਿੱਤਾਂ ਲਈ ਵਰਤਣ ਤੇ ਬੇਅਦਬੀ ਦੀਆਂ ਘਟਨਾਵਾਂ ਲਈ ਦੋਸ਼ੀ ਕਰਾਰ ਦਿੰਦਿਆਂ ਇਨ੍ਹਾਂ ਨੂੰ ਪੰਥ ਵਿੱਚੋਂ ਛੇਕਣ ਦੀ ਅਪੀਲ ਕੀਤੀ। ਇਹ ਪੱਤਰ ਉਨ੍ਹਾਂ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਚ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਨਿੱਜੀ ਸਕੱਤਰ ਭੁਪਿੰਦਰ ਸਿੰਘ ਨੂੰ ਸੌਂਪਿਆ। ਜਥੇਦਾਰ ਫਿਲਹਾਲ ਇੱਥੇ ਨਹੀਂ ਹਨ। ਚਾਰ ਸਫ਼ਿਆਂ ਦੇ ਇਸ ਪੱਤਰ ਵਿੱਚ ਸਿੱਧੂ ਨੇ ਆਖਿਆ ਕਿ 2007 ਜਦੋਂ ਡੇਰਾ ਸਿਰਸਾ ਦੇ ਮੁਖੀ ਨੇ ਦਸਵੇਂ ਗੁਰੂ ਦਾ ਸਵਾਂਗ ਰਚਾਇਆ ਸੀ, ਉਸ ਵੇਲੇ ਵੀ ਸੂਬੇ ਵਿਚ ਅਕਾਲੀ ਸਰਕਾਰ ਸੀ ਅਤੇ ਬੇਅਦਬੀ ਦੀਆਂ ਘਟਨਾਵਾਂ ਸਮੇਂ ਵੀ ਅਕਾਲੀ ਸਰਕਾਰ ਸੀ। ਉਨ੍ਹਾਂ ਕਿਹਾ ਕਿ ਉਸ ਵੇਲੇ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਸੰਗਤ ਨੂੰ ਡੇਰਾ ਸਿਰਸਾ ਦੇ ਸਮਾਜਿਕ ਬਾਈਕਾਟ ਕਰਨ, ਉਸ ਨਾਲ ਰੋਟੀ-ਬੇਟੀ ਦੀ ਸਾਂਝ ਨਾ ਰੱਖਣ ਆਦਿ ਦੇ ਹੁਕਮ ਜਾਰੀ ਹੋਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਦਸ ਸਾਲਾਂ ਵਿੱਚ ਜਦੋਂ ਵੀ ਅਕਾਲੀ ਸਰਕਾਰ ਸੱਤਾ ਵਿੱਚ ਸੀ ਤਾਂ ਡੇਰਾ ਸਿਰਸਾ ਦੇ ਮੁਖੀ ਖ਼ਿਲਾਫ਼ ਦਰਜ ਐਫਆਈਆਰ ਦੀ ਜਾਂਚ ਪੂਰੀ ਨਹੀਂ ਹੋਈ ਅਤੇ ਨਾ ਹੀ ਪੁਲਿਸ ਨੇ ਉਸ ਖ਼ਿਲਾਫ਼ ਅਦਾਲਤ ਵਿਚ ਚਾਰਜਸ਼ੀਟ ਦਾਖਲ ਕੀਤੀ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਖ਼ਿਲਾਫ਼ ਇਸ ਲਈ ਕੋਈ ਕਾਰਵਾਈ ਨਹੀਂ ਹੋਣ ਦਿੱਤੀ ਗਈ ਕਿਉਂਕਿ ਲੋਕ ਸਭਾ ਚੋਣਾਂ ਵਿੱਚ ਹਰਸਿਮਰਤ ਕੌਰ ਬਾਦਲ ਵਾਸਤੇ ਉਸ ਕੋਲੋਂ ਮਦਦ ਲਈ ਗਈ ਸੀ। ਇਸੇ ਤਰ੍ਹਾਂ 2012 ਦੀਆਂ ਵਿਧਾਨ ਸਭਾ ਚੋਣਾਂ ਤੇ 2014 ਦੀਆਂ ਲੋਕ ਸਭਾ ਚੋਣਾਂ ਵੇਲੇ ਮੁੜ ਉਸ ਤੋਂ ਮਦਦ ਲਈ ਗਈ। ਉਨ੍ਹਾਂ ਕਿਹਾ ਹੁਣ ਉਸ ਦੀ ਫਿਲਮ ਰਿਲੀਜ਼ ਕਰਾਉਣ ਲਈ ਅਕਾਲ ਤਖ਼ਤ ਸਾਹਿਬ ਤੋਂ ਉਸ ਨੂੰ ਮੁਆਫੀ ਦਿਵਾਈ ਗਈ ਹੈ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …