Breaking News
Home / ਹਫ਼ਤਾਵਾਰੀ ਫੇਰੀ / ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਸੰਤੋਖ ਸਿੰਘ ਨੂੰ ਧੋਖਾਧੜੀ ਦੇ ਦੋਸ਼ ਹੇਠ ਪੰਜ ਸਾਲ ਦੀ ਸਜ਼ਾ

ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਸੰਤੋਖ ਸਿੰਘ ਨੂੰ ਧੋਖਾਧੜੀ ਦੇ ਦੋਸ਼ ਹੇਠ ਪੰਜ ਸਾਲ ਦੀ ਸਜ਼ਾ

ਅੰਮ੍ਰਿਤਸਰ : ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਸੰਤੋਖ ਸਿੰਘ ਨੂੰ ਜ਼ਮੀਨ ‘ਤੇ ਕਬਜ਼ੇ ਦੇ ਮਾਮਲੇ ਵਿਚ ਅਦਾਲਤ ਵਿਚ ਚਲ ਰਹੇ ਇਕ ਕੇਸ ਦੀ ਸੁਣਵਾਈ ਦੌਰਾਨ ਚੀਫ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵੱਲੋਂ ਧੋਖਾਧੜੀ ਦੇ ਦੋਸ਼ ਹੇਠ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਹ ਸਜ਼ਾ ਸੁਣਾਏ ਜਾਣ ਮਗਰੋਂ ਉਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਹ ਮਾਮਲਾ ਰਾਜਾਸਾਂਸੀ ਵਾਸੀ ਮਨਜੀਤ ਸਿੰਘ ਅਤੇ ਮਹਿੰਦਰ ਸਿੰਘ ਵੱਲੋਂ ਡਾ. ਸੰਤੋਖ ਸਿੰਘ, ਉਨ੍ਹਾਂ ਦੇ ਭਰਾ ਇੰਦਰਪਾਲ ਸਿੰਘ ਅਤੇ ਦੋ ਹੋਰ ਵਿਅਕਤੀਆਂ ਖ਼ਿਲਾਫ਼ ਅਦਾਲਤ ਵਿਚ ਦਾਇਰ ਕੀਤਾ ਗਿਆ ਸੀ, ਜਿਸ ਦੀ ਪਿਛਲੇ ਕੁਝ ਸਾਲਾਂ ਤੋਂ ਸੁਣਵਾਈ ਚੱਲ ਰਹੀ ਸੀ। ਇਨ੍ਹਾਂ ਦੋਵਾਂ ਵਿਅਕਤੀਆਂ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਪੁਰਖਿਆਂ ਦੀ 12 ਕਨਾਲ 11 ਮਰਲੇ ਜ਼ਮੀਨ ‘ਤੇ ਇਨ੍ਹਾਂ ਨੇ ਧੱਕੇ ਨਾਲ ਕਬਜ਼ਾ ਕਰ ਲਿਆ ਹੈ। ਇਹ ਜ਼ਮੀਨ ਹਵਾਈ ਅੱਡਾ ਰੋਡ ‘ਤੇ ਪਿੰਡ ਹੇਰ ਵਿਖੇ ਹੈ। ਸ਼ਿਕਾਇਤਕਰਤਾ ਨੇ ਦਾਅਵਾ ਕੀਤਾ ਸੀ ਕਿ ਇਹ ਜ਼ਮੀਨ ਉਨ੍ਹਾਂ ਦੇ ਪੁਰਖਿਆਂ ਭਾਈ ਬਿਸ਼ਨ ਸਿੰਘ ਅਤੇ ਭਾਈ ਗੋਪਾਲ ਦਾਸ ਦੀ ਹੈ। ਇਸ ਮਾਮਲੇ ਦੀ ਅਦਾਲਤੀ ਸੁਣਵਾਈ ਦੌਰਾਨ ਡਾ. ਸੰਤੋਖ ਸਿੰਘ ਅਤੇ ਉਸ ਦੇ ਭਰਾ ਵੱਲੋਂ ਸਬੰਧਤ ਜ਼ਮੀਨ ਦੀ ਰਜਿਸਟਰੀ ਹੋਣ ਦਾ ਦਾਅਵਾ ਕੀਤਾ ਗਿਆ ਸੀ।
ਆਪਣੇ ਦਾਅਵੇ ਵਿਚ ਡਾ. ਸੰਤੋਖ ਸਿੰਘ ਆਦਿ ਨੇ ਆਖਿਆ ਸੀ ਕਿ ਇਹ ਜ਼ਮੀਨ ਉਨ੍ਹਾਂ ਨੂੰ ਭਾਈ ਬਿਸ਼ਨ ਸਿੰਘ ਅਤੇ ਭਾਈ ਗੋਪਾਲ ਦਾਸ ਨੇ 1967 ਵਿੱਚ ਵੇਚੀ ਸੀ। ਜਦੋਂਕਿ ਦੂਜੀ ਧਿਰ ਵੱਲੋਂ ਇਸ ਦਾਅਵੇ ਨੂੰ ਗਲਤ ਕਰਾਰ ਦਿੰਦਿਆਂ ਆਖਿਆ ਕਿ ਭਾਈ ਬਿਸ਼ਨ ਸਿੰਘ 1950 ਵਿੱਚ ਅਤੇ ਭਾਈ ਗੋਪਾਲ ਦਾਸ 1940 ਵਿਚ ਅਕਾਲ ਚਲਾਣਾ ਕਰ ਗਏ ਸਨ। ਅਜਿਹੀ ਸਥਿਤੀ ਵਿਚ 1967 ਵਿਚ ਇਸ ਜ਼ਮੀਨ ਦੀ ਰਜਿਸਟਰੀ ਡਾ. ਸੰਤੋਖ ਸਿੰਘ ਤੇ ਹੋਰਨਾਂ ਦੇ ਨਾਂ ‘ਤੇ ਕਿਵੇਂ ਹੋ ਸਕਦੀ ਹੈ। ਸ਼ਿਕਾਇਤਕਰਤਾ ਧਿਰ ਦੇ ਵਕੀਲ ਅਜੈ ਵਰਮਾਨੀ ਨੇ ਦੱਸਿਆ ਕਿ ਅਦਾਲਤ ਨੇ ਡਾ. ਸੰਤੋਖ ਸਿੰਘ ਨੂੰ ਆਈਪੀਸੀ ਦੀ ਧਾਰਾ 465, 467, 468, 471 ਅਤੇ 120ਬੀ ਹੇਠ ਦੋਸ਼ੀ ਕਰਾਰ ਦਿੱਤਾ ਹੈ। ਜਦੋਂਕਿ ਉਨ੍ਹਾਂ ਦੇ ਭਰਾ ਇੰਦਰਪਾਲ ਸਿੰਘ ਨੂੰ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ।
ਡਾ. ਸੰਤੋਖ ਸਿੰਘ ਦਾ ਅਸਤੀਫਾ ਪ੍ਰਵਾਨ : ਜ਼ਮੀਨੀ ਝਗੜੇ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਵੱਲੋਂ ਪੰਜ ਸਾਲ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਏ ਜਾਣ ਮਗਰੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਸੰਤੋਖ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਜਿਸ ਨੂੰ ਦੀਵਾਨ ਦੀ ਕਾਰਜਕਾਰਨੀ ਕਮੇਟੀ ਤੇ ਜਨਰਲ ਹਾਊਸ ਵਲੋਂ ਪ੍ਰਵਾਨ ਕਰ ਲਿਆ ਹੈ।

Check Also

ਲਿਬਰਲ ਪਾਰਟੀ ਵੱਲੋਂ ਪੇਸ਼ ਕੀਤੇ ਗਏ ਬਜਟ ਤੋਂ ਬਹੁਤੇ ਕੈਨੇਡਾ ਵਾਸੀ ਨਾ ਖੁਸ਼

ਓਟਵਾ/ਬਿਊਰੋ ਨਿਊਜ਼ : ਇੱਕ ਨਵੇਂ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਲਿਬਰਲਾਂ ਵੱਲੋਂ ਪੇਸ਼ ਕੀਤੇ …