Breaking News
Home / ਪੰਜਾਬ / ਬਰਗਾੜੀ ਦੇ ਇਨਸਾਫ ਮੋਰਚੇ ਵਿਚ ਸੰਗਤ ਦੀ ਆਮਦ ਘਟੀ

ਬਰਗਾੜੀ ਦੇ ਇਨਸਾਫ ਮੋਰਚੇ ਵਿਚ ਸੰਗਤ ਦੀ ਆਮਦ ਘਟੀ

ਬੇਅਦਬੀ ਮਾਮਲਾ
ਫ਼ਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਜ਼ਿਲ੍ਹੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਅਤੇ ਇਸ ਤੋਂ ਬਾਅਦ ਬਹਿਬਲ ਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਗਰਮ ਖਿਆਲੀ ਸਿੱਖ ਜਥੇਬੰਦੀਆਂ ਵੱਲੋਂ ਪਿੰਡ ਬਰਗਾੜੀ ਵਿੱਚ ਸ਼ੁਰੂ ਕੀਤੇ ਇਨਸਾਫ਼ ਮੋਰਚੇ ਵਿੱਚੋਂ ਹੁਣ ਸੰਗਤਾਂ ਦੀ ਗਿਣਤੀ ਲਗਾਤਾਰ ਘਟਣੀ ਸ਼ੁਰੂ ਹੋ ਗਈ ਹੈ, ਜਿਸ ਦਾ ਮੁੱਖ ਕਾਰਨ ਪਿਛਲੇ ਦਿਨੀਂ ਟਕਰਾਅ ਦੀਆਂ ਵਾਪਰੀਆਂ ਘਟਨਾਵਾਂ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 1 ਜੂਨ 2018 ਨੂੰ ਸ਼ੁਰੂ ਹੋਏ ਬਰਗਾੜੀ ਇਨਸਾਫ਼ ਮੋਰਚੇ ਦੀ ਕਮਾਨ ਭਾਈ ਧਿਆਨ ਸਿੰਘ ਮੰਡ, ਬਾਬਾ ਬਲਜੀਤ ਸਿੰਘ ਦਾਦੂਵਾਲ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਸਾਂਭ ਰਹੇ ਹਨ। ਵਿਧਾਨ ਸਭਾ ਵਿੱਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਪੇਸ਼ ਹੋਣ ਤੋਂ ਬਾਅਦ ਵਿਵਾਦਾਂ ਵਿਚ ਘਿਰੇ ਅਕਾਲੀ ਦਲ ਵੱਲੋਂ ਆਪਣੀ ਸਿਆਸੀ ਜ਼ਮੀਨ ਬਚਾਉਣ ਲਈ ਫਰੀਦਕੋਟ ਵਿਚ ਕੀਤੀ ਰੈਲੀ ਸਫ਼ਲ ਹੋਣ ਮਗਰੋਂ ਸਰਕਾਰ ਨੇ ਅੰਦਰਖਾਤੇ ਮੋਰਚੇ ਨੂੰ ਦਿੱਤੀ ਜਾ ਰਹੀ ਕਥਿਤ ਹਮਾਇਤ ਵੀ ਵਾਪਸ ਲੈ ਲਈ ਹੈ। 16 ਸਤੰਬਰ ਨੂੰ ਅਕਾਲੀ ਦਲ ਦੀ ਰੈਲੀ ਦੌਰਾਨ 200 ਤੋਂ ਵੱਧ ਹਥਿਆਰਬੰਦ ਗਰਮ ਖਿਆਲੀ ਸਿੱਖਾਂ ਨੇ ਸ਼ਹਿਰ ਵਿੱਚ ਕਿਰਪਾਨਾਂ ਲਹਿਰਾ ਕੇ ਅਕਾਲੀ ਦਲ ਦੀ ਰੈਲੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਜਿਸ ਦਾ ਸ਼ਹਿਰੀ ਲੋਕਾਂ ਨੇ ਕਾਫ਼ੀ ਬੁਰਾ ਮਨਾਇਆ। ਅਕਾਲੀ ਦਲ ਦੀ ਰੈਲੀ ਵਿੱਚ ਭਾਈ ਰੁਪਿੰਦਰ ਸਿੰਘ ਪੰਜਗਰਾਈਂ ਵੱਲੋਂ ਅਕਾਲੀ ਦਲ ਦੀਆਂ ਬੱਸਾਂ ਤੋੜਨ ਦੀਆਂ ਤਸਵੀਰਾਂ ਨਸ਼ਰ ਹੋਣ ਤੋਂ ਬਾਅਦ ਕਾਂਗਰਸ ਦੀ ਸਥਿਤੀ ਕਾਫ਼ੀ ਤਰਸਯੋਗ ਹੋ ਗਈ ਹੈ ਕਿਉਂਕਿ ਪੰਜਾਬ ਸਰਕਾਰ ਨੇ ਇੱਕ ਹਫ਼ਤਾ ਪਹਿਲਾਂ ਹੀ ਭਾਈ ਰੁਪਿੰਦਰ ਸਿੰਘ ਨੂੰ ਦਸ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਭਾਈ ਰੁਪਿੰਦਰ ਸਿੰਘ ਨੂੰ ਪੰਜਾਬ ਪੁਲਿਸ ਨੇ ਅਕਾਲੀ ਸਰਕਾਰ ਵੇਲੇ ਬੇਅਦਬੀ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਸੀ ਪਰ ਬਾਅਦ ਵਿੱਚ ਉਸ ਨੂੰ ਜਥੇਬੰਦੀਆਂ ਦੇ ਦਬਾਅ ਕਾਰਨ ਰਿਹਾਅ ਕਰ ਦਿੱਤਾ ਸੀ।
ਬਰਗਾੜੀ ਇਨਸਾਫ਼ ਮੋਰਚੇ ਵਿੱਚ ਪਹਿਲਾਂ ਰੋਜ਼ਾਨਾ 2000 ਤੋਂ ਵੱਧ ਸੰਗਤਾਂ ਸ਼ਮੂਲੀਅਤ ਕਰ ਰਹੀਆਂ ਸਨ ਤੇ 17 ਸਤੰਬਰ ਤੋਂ ਬਾਅਦ ਇਹ ਗਿਣਤੀ 800-900 ਤੱਕ ਰਹਿ ਗਈ ਹੈ ਅਤੇ ਇਹ ਗਿਣਤੀ ਲਗਾਤਾਰ ਘਟ ਰਹੀ ਹੈ। ਇਸ ਮੋਰਚੇ ਦੀ ਨਿਗਰਾਨੀ ਕਰ ਰਹੀਆਂ ਖੁਫ਼ੀਆ ਏਜੰਸੀਆਂ ਨੂੰ ਖਦਸ਼ਾ ਸੀ ਕਿ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਤੋਂ ਬਾਅਦ 20 ਸਤੰਬਰ ਨੂੰ ਬਰਗਾੜੀ ਮੋਰਚੇ ਵਿੱਚ ਸੰਗਤਾਂ ਦੀ ਗਿਣਤੀ ਫਿਰ ਵਧੇਗੀ ਪਰ ਸੰਗਤਾਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ। ਸੰਤ ਬਲਜੀਤ ਸਿੰਘ ਦਾਦੂਵਾਲ ਨੇ ਦਾਅਵਾ ਕੀਤਾ ਹੈ ਕਿ ਇਨਸਾਫ਼ ਮੋਰਚਾ ਬਰਗਾੜੀ ਵਿੱਚ ਸੰਗਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਇਹ ਮੋਰਚਾ ਸੰਗਤਾਂ ਦੇ ਸਹਿਯੋਗ ਨਾਲ ਇਨਸਾਫ਼ ਮਿਲਣ ਤੱਕ ਜਾਰੀ ਰਹੇਗਾ। ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਸੁਰਿੰਦਰ ਕੁਮਾਰ ਗੁਪਤਾ ਨੇ ਕਿਹਾ ਕਿ ਬਰਗਾੜੀ ਕਾਂਡ ਨੂੰ ਸਰਕਾਰ ਕਾਨੂੰਨ ਅਨੁਸਾਰ ਨਜਿੱਠ ਰਹੀ ਹੈ ਅਤੇ ਉਸ ਦਾ ਕਿਸੇ ਵੀ ਮੋਰਚੇ ਨਾਲ ਕੋਈ ਵੀ ਸਬੰਧ ਨਹੀਂ ਹੈ।
ਭਾਈ ਧਿਆਨ ਸਿੰਘ ਮੰਡ ਵਿਵਾਦਾਂ ਵਿੱਚ ਘਿਰੇ
ਬਰਗਾੜੀ ਮੋਰਚੇ ਦੀ ਅਗਵਾਈ ਕਰ ਰਹੇ ਜਥੇਦਾਰ ਧਿਆਨ ਸਿੰਘ ਮੰਡ ਵੀ ਵਿਵਾਦਾਂ ਵਿਚ ਘਿਰਦੇ ਨਜ਼ਰ ਆ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚਾ ਸ਼ੁਰੂ ਹੋਣ ਤੋਂ ਬਾਅਦ 30 ਲੱਖ ਰੁਪਏ ਦੀ ਜਾਇਦਾਦ ਖਰੀਦੀ ਹੈ। ਸੁਖਬੀਰ ਸਿੰਘ ਬਾਦਲ ਨੇ ਧਿਆਨ ਸਿੰਘ ਮੰਡ ਦੀ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਹੋਈ ਰਜਿਸਟਰੀ ਵੀ ਜਨਤਕ ਕੀਤੀ ਹੈ। ਹਾਲਾਂਕਿ ਧਿਆਨ ਸਿੰਘ ਮੰਡ ਨੇ ਸੁਖਬੀਰ ਬਾਦਲ ਦੇ ਦਾਅਵੇ ਨੂੰ ਗਲਤ ਦੱਸਿਆ ਹੈ।

Check Also

ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ’ਚ ਭਾਜਪਾ ਦੀ ਹਾਰ ਨੂੰ ਲੈ ਕੇ ਕੀਤਾ ਵੱਡਾ ਦਾਅਵਾ

ਕਿਹਾ : ਪ੍ਰਧਾਨ ਮੰਤਰੀ ਦੇ ਭਾਸ਼ਣਾਂ ਤੋਂ ਨਜ਼ਰ ਆਉਂਦੀ ਭਾਜਪਾ ਦੀ ਹਾਰ ਬਠਿੰਡਾ/ਬਿਊਰੋ ਨਿਊਜ਼ : …