14.8 C
Toronto
Tuesday, September 16, 2025
spot_img
Homeਪੰਜਾਬਕੈਪਟਨ ਅਮਰਿੰਦਰ ਸਿੰਘ ਨੇ ਮੀਂਹ ਨਾਲ ਪ੍ਰਭਾਵਿਤ ਖੇਤਰਾਂ ਦਾ ਲਿਆ ਜਾਇਜ਼ਾ

ਕੈਪਟਨ ਅਮਰਿੰਦਰ ਸਿੰਘ ਨੇ ਮੀਂਹ ਨਾਲ ਪ੍ਰਭਾਵਿਤ ਖੇਤਰਾਂ ਦਾ ਲਿਆ ਜਾਇਜ਼ਾ

ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਹੁਕਮ
ਤਰਨਤਾਰਨ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੀਂਹ ਨਾਲ ਫ਼ਸਲਾਂ ਦਾ ਨੁਕਸਾਨ ਦਾ ਜਾਇਜ਼ਾ ਲੈ ਕੇ ਪ੍ਰਸ਼ਾਸਨ ਨੂੰ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਇਹ ਆਦੇਸ਼ ਜ਼ਿਲ੍ਹੇ ਦੇ ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਅਨਾਜ ਮੰਡੀ ਵਿੱਚ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਲਾਂ ਸੁਣਦਿਆਂ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਗਿਰਦਾਵਰੀ ਦਾ ਕੰਮ ਬਿਨਾ ਦੇਰੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਹੋਏ ਨੁਕਸਾਨ ਤੋਂ ਇਲਾਵਾ ਮੀਂਹ ਨਾਲ ਮਕਾਨਾਂ ਦੇ ਢਹਿ ਜਾਣ ਅਤੇ ਪਸ਼ੂਆਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਦੇਵੇਗੀ। ਉਨ੍ਹਾਂ ਮੰਨਿਆ ਕਿ ਤਰਨਤਾਰਨ ਜ਼ਿਲ੍ਹੇ ਤੋਂ ਇਲਾਵਾ ਗੁਰਦਾਸਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਵੀ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਫ਼ਸਲਾਂ ਦੇ ਨੁਕਸਾਨ ਦਾ ਨੇੜਿਓਂ ਜਾਇਜ਼ਾ ਲੈਣ ਦੀ ਹਦਾਇਤ ਕੀਤੀ। ਉਨ੍ਹਾਂ ਮੀਂਹ ਕਰਕੇ ਝੋਨੇ ਦੀ ਨਮੀ ਦੇ ਵਧਣ ਨਾਲ ਐਫਸੀਆਈ ਵੱਲੋਂ ਝੋਨਾ ਖ਼ਰੀਦਣ ਤੋਂ ਇਨਕਾਰ ਕਰਨ ਸਬੰਧੀ ਕਿਸਾਨ ਦੇ ਸੰਸਿਆਂ ਨੂੰ ਦੂਰ ਕਰਦਿਆਂ ਕਿਹਾ ਕਿ ਇਸ ਹਾਲਤ ਵਿਚ ਵੀ ਕਿਸਾਨਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਇਸ ਮੌਕੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਜ਼ਿਲ੍ਹੇ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ (ਖੇਮਕਰਨ), ਡਾ. ਧਰਮਬੀਰ ਅਗਨੀਹੋਤਰੀ (ਤਰਨਤਾਰਨ), ਹਰਮਿੰਦਰ ਸਿੰਘ ਗਿੱਲ (ਪੱਟੀ), ਨਵਤੇਜ ਸਿੰਘ ਚੀਮਾ (ਸੁਲਤਾਨਪੁਰ ਲੋਧੀ), ਜੋਗਿੰਦਰ ਸਿੰਘ ਮਾਨ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ, ਆਈ.ਜੀ. ਐੱਸ.ਪੀ.ਐੱਸ. ਪਰਮਾਰ ਤੇ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਹਾਜ਼ਰ ਸਨ।
ਭਿੱਖੀਵਿੰਡ : ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਕਿਹਾ ਕਿ ਮਾਲ ਵਿਭਾਗ ਵੱਲੋਂ ਡਿਪਟੀ ਕਮਿਸ਼ਨਰਾਂ ਕੋਲੋਂ ਗਿਰਦਾਵਰੀ ਦੀਆਂ ਰਿਪੋਰਟਾਂ ਹਾਸਲ ਕਰਨ ਤੋਂ ਬਾਅਦ ਵਿਅਕਤੀਗਤ ਤੌਰ ‘ਤੇ ਹੋਏ ਨੁਕਸਾਨ ਦੇ ਆਧਾਰ ‘ਤੇ ਮੁਆਵਜ਼ੇ ਦੀ ਰਾਸ਼ੀ ਦਾ ਫ਼ੈਸਲਾ ਕੀਤਾ ਜਾਵੇਗਾ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਕੇਂਦਰ ਸਰਕਾਰ ਦੀ ਫ਼ਸਲ ਬੀਮਾ ਸਕੀਮ ਨੂੰ ਰੱਦ ਕਰ ਦਿੱਤਾ ਹੈ, ਕਿਉਂਕਿ ਇਹ ਸਕੀਮ ਕਿਸਾਨਾਂ ਦੇ ਨਾਲ-ਨਾਲ ਸੂਬੇ ਦੇ ਹਿੱਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਪੰਜਾਬ ਦੀਆਂ ਲੋੜਾਂ ਮੁਤਾਬਕ ਇਸ ਸਕੀਮ ਵਿੱਚ ਤਬਦੀਲੀ ਨਹੀਂ ਕਰਦੀ ਤਾਂ ਸੂਬਾ ਸਰਕਾਰ ਆਪਣੀ ਬੀਮਾ ਨੀਤੀ ਲਿਆਵੇਗੀ ਤਾਂ ਕਿ ਕਿਸਾਨਾਂ ਨੂੰ ਇਸ ਦਾ ਬਣਦਾ ਲਾਭ ਦਿੱਤਾ ਜਾ ਸਕੇ।
ਸੁਲਤਾਨਪੁਰ ਲੋਧੀ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਆਸ ਕੰਢੇ ਵਸਦੇ ਲੋਕਾਂ ਦੀਆਂ ਫ਼ਸਲਾਂ ਅਤੇ ਜਾਨ-ਮਾਲ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਪਿੰਡ ਪਰਮਜੀਤਪੁਰ ਵਿੱਚ ਹੈਲੀਕਾਪਟਰ ‘ਤੇ ਪੁੱਜੇ ਤੇ ਇਸ ਮਗਰੋਂ ਉਨ੍ਹਾਂ ਦਰਿਆ ਬਿਆਸ ਦੇ ਕਿਨਾਰੇ ਧੁੱਸੀ ਬੰਨ੍ਹ ‘ਤੇ ਵਸੇ ਲੋਕਾਂ ਦੀ ਸਾਰ ਲਈ।
ਨਰਿੰਦਰ ਮੋਦੀ ਨੇ ਪੰਜਾਬ ਨੂੰ ਮਦਦ ਦਾ ਭਰੋਸਾ ਦਿੱਤਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਫੋਨ ‘ਤੇ ਹੋਈ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਰੋਸਾ ਦਿੱਤਾ ਕਿ ਸੂਬੇ ਵਿੱਚ ਭਾਰੀ ਮੀਂਹ ਨਾਲ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨਾਲ ਨਿਪਟਣ ਲਈ ਕੇਂਦਰ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਫੋਨ ‘ਤੇ ਗੱਲਬਾਤ ਕਰਕੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਪ੍ਰਧਾਨ ਮੰਤਰੀ ਨੂੰ ਸਥਿਤੀ ਬਾਰੇ ਜਾਣੂ ਕਰਵਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਫ਼ਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦੇ ਦਿੱਤੇ ਹਨ ਅਤੇ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਇਹ ਪ੍ਰਕਿਰਿਆ ਕਰ ਦਿੱਤੀ ਜਾਵੇਗੀ।

RELATED ARTICLES
POPULAR POSTS