Breaking News
Home / ਦੁਨੀਆ / ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਯੂਐਨਓ ਦੇ ਸਕੱਤਰ ਜਨਰਲ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਯੂਐਨਓ ਦੇ ਸਕੱਤਰ ਜਨਰਲ

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੂੰ ਇਥੇ ਸ਼੍ਰੋਮਣੀ ਕਮੇਟੀ ਨੇ ਅੰਤਰਰਾਸ਼ਟਰੀ ਪੱਧਰ ‘ਤੇ ਸਿੱਖਾਂ ਦੇ ਮਨੁੱਖੀ ਹੱਕਾਂ ਨਾਲ ਸਬੰਧਤ ਸਮੱਸਿਆਵਾਂ ਤੋਂ ਜਾਣੂ ਕਰਾਇਆ ਅਤੇ ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਫੌਜੀ ਹਮਲੇ ਸਾਕਾ ਨੀਲਾ ਤਾਰਾ ਤੇ ਨਵੰਬਰ 1984 ਸਿੱਖ ਕਤਲੇਆਮ ਮਾਮਲਿਆਂ ਵਿਚ ਨਿਆਂ ਦਿਵਾਉਣ ਦੀ ਅਪੀਲ ਕੀਤੀ ਹੈ। ਬੁੱਧਵਾਰ ਸ਼ਾਮ ਅੰਮ੍ਰਿਤਸਰ ਪੁੱਜੇ ਸਕੱਤਰ ਜਨਰਲ ਨੇ ਲਗਪਗ ਸਵਾ ਘੰਟਾ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਬਿਤਾਇਆ। ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਸਮੇਂ ਉਹ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿਚ ਗਏ, ਜਿਥੇ ਉਨ੍ਹਾਂ ਲੰਗਰ ਛਕਿਆ ਅਤੇ ਲੰਗਰ ਦੀ ਪ੍ਰਥਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਪਰਿਕਰਮਾ ਕਰਦਿਆਂ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਾਇਆ ਗਿਆ। ਸਿੱਖ ਰੈਫਰੈਂਸ ਲਾਇਬਰੇਰੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਦੱਸਿਆ ਕਿ ਸਾਕਾ ਨੀਲਾ ਤਾਰਾ ਫੌਜੀ ਹਮਲੇ ਸਮੇਂ ਇਸ ਲਾਇਬਰੇਰੀ ਨੂੰ ਸਾੜ ਦਿੱਤਾ ਗਿਆ ਸੀ ਅਤੇ ਸਿੱਖ ਧਰਮ ਦਾ ਅਮੁੱਲਾ ਖਜ਼ਾਨਾ ਫੌਜ ਚੁੱਕ ਕੇ ਲੈ ਗਈ ਸੀ। ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਪਤਾਸਿਆਂ ਦਾ ਪ੍ਰਸ਼ਾਦ ਦਿੱਤਾ।
ਉਹ ਕੁਝ ਸਮਾਂ ਗੁਰਬਾਣੀ ਦਾ ਕੀਰਤਨ ਵੀ ਸੁਣਨਾ ਚਾਹੁੰਦੇ ਸਨ ਪਰ ਅਧਿਕਾਰੀਆਂ ਵੱਲੋਂ ਲਗਾਤਾਰ ਉਨ੍ਹਾਂ ਨੂੰ ਜਲਦੀ ਚੱਲਣ ਲਈ ਕਿਹਾ ਜਾ ਰਿਹਾ ਸੀ। ਇਸ ਦੌਰਾਨ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਗਏ, ਜਿਥੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਇਸ ਦੇ ਇਤਿਹਾਸ ਅਤੇ ਸਰਵਉਚਤਾ ਬਾਰੇ ਜਾਣਕਾਰੀ ਦਿੱਤੀ। ਉਪਰੰਤ ਸੂਚਨਾ ਕੇਂਦਰ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ ਬੀਬੀ ਕਿਰਨਜੋਤ ਕੌਰ ਆਦਿ ਨੇ ਉਨ੍ਹਾਂ ਨੂੰ ਸਿਰੋਪਾਓ, ਲੋਈ ਅਤੇ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ , ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਉਨ੍ਹਾਂ ਆਖਿਆ ਕਿ ਇਸ ਰੂਹਾਨੀ ਅਸਥਾਨ ‘ਤੇ ਆ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ ਹੈ ਅਤੇ ਉਹ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰ ਰਹੇ ਹਨ ਕਿ ਇਥੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਸ਼੍ਰੋਮਣੀ ਕਮੇਟੀ ਨੇ ਆਖਿਆ ਕਿ ਸਮੁੱਚਾ ਸਿੱਖ ਭਾਈਚਾਰਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਰਿਹਾ ਹੈ ਅਤੇ ਇਸ ਮੌਕੇ ਸਿੱਖ ਭਾਈਚਾਰਾ ਪਾਕਿਸਤਾਨ ਵਿਚਲੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਾ ਚਾਹੁੰਦਾ ਹੈ, ਜਿਥੇ ਗੁਰੂ ਸਾਹਿਬ ਨੇ ਆਪਣਾ ਆਖਰੀ ਸਮਾਂ ਬਿਤਾਇਆ ਸੀ। ਇਸ ਵਾਸਤੇ ਖੁੱਲੇ ਲਾਂਘੇ ਦੀ ਮੰਗ ਕੀਤੀ ਜਾ ਰਹੀ ਹੈ।

Check Also

ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ

ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …