21.1 C
Toronto
Saturday, September 13, 2025
spot_img
Homeਹਫ਼ਤਾਵਾਰੀ ਫੇਰੀਐਂਡਰਿਊ ਸ਼ੀਅਰ ਨੇ ਦਰਬਾਰ ਸਾਹਿਬ ਵਿਖੇ ਝੁਕਾਇਆ ਸ਼ੀਸ਼

ਐਂਡਰਿਊ ਸ਼ੀਅਰ ਨੇ ਦਰਬਾਰ ਸਾਹਿਬ ਵਿਖੇ ਝੁਕਾਇਆ ਸ਼ੀਸ਼

ਅੰਮ੍ਰਿਤਸਰ : ਕੈਨੇਡਾ ਸਰਕਾਰ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਕੰਸਰਵੇਟਿਵ ਪਾਰਟੀ ਦੇ ਮੁਖੀ ਐਂਡਰਿਊ ਸ਼ੀਅਰ ਨੇ ਬੁੱਧਵਾਰ ਨੂੰ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਕੈਨੇਡਾ ਦੇ ਅਰਥਚਾਰੇ ਦੇ ਵਿਕਾਸ ਵਿਚ ਸਿੱਖਾਂ ਵੱਲੋਂ ਦਿੱਤੇ ਯੋਗਦਾਨ ਦੀ ਸ਼ਲਾਘਾ ਕੀਤੀ ਹੈ। ਉਹ ਇਥੇ ਆਪਣੀ ਪਤਨੀ ਸਮੇਤ ਮੱਥਾ ਟੇਕਣ ਪੁੱਜੇ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਸਿੱਖ ਕੈਨੇਡਾ ਵਿਚ ਵੱਡੀ ਗਿਣਤੀ ਵਿਚ ਵਸ ਰਹੇ ਹਨ ਅਤੇ ਉਨ੍ਹਾਂ ਨੇ ਕੈਨੇਡਾ ਦੇ ਅਰਥਚਾਰੇ ਦੇ ਵਿਕਾਸ ਲਈ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਮਿਲਵਰਤਣ ਵਾਲਾ ਭਾਈਚਾਰਾ ਹੈ। ਸਿੱਖ ਭਾਈਚਾਰੇ ਵੱਲੋਂ ਕੈਨੇਡਾ ਵਿਚ ਛੋਟੇ ਤੇ ਵੱਡੇ ਪੱਧਰ ਦੇ ਬਿਜ਼ਨਸ ਸਥਾਪਤ ਕੀਤੇ ਹਨ, ਜਿਸ ਨਾਲ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮਿਲ ਰਹੇ ਹਨ। ਉਨ੍ਹਾਂ ਆਖਿਆ ਕਿ ਇਸ ਵੇਲੇ ਛੋਟੇ ਪੱਧਰ ਦੇ ਵਪਾਰ ‘ਤੇ ਟੈਕਸ ਦੀ ਮਜ਼ਬੂਤ ਜਕੜ ਹੈ ਪਰ ਜੇਕਰ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਆਈ ਤਾਂ ਇਸ ਸਬੰਧੀ ਨਿਯਮਾਂ ਵਿਚ ਕੁਝ ਛੋਟ ਦਿੱਤੀ ਜਾਵੇਗੀ ਤਾਂ ਜੋ ਅਜਿਹੇ ਛੋਟੇ ਵਪਾਰ ਹੋਰ ਪ੍ਰਫੁਲਿਤ ਹੋ ਸਕਣ। ਪਰਵਾਸੀ ਨਿਯਮਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਇਸ ਵੇਲੇ ਵਿਸ਼ਵ ਭਰ ਤੋਂ ਵਿਦਿਆਰਥੀ ਕੈਨੇਡਾ ਵਿਚ ਪੜ੍ਹਨ ਲਈ ਆ ਰਹੇ ਹਨ। ਜੇਕਰ ਉਨ੍ਹਾਂ ਦੀ ਸਰਕਾਰ ਆਈ ਤਾਂ ਇਸ ਸਬੰਧੀ ਇਮੀਗਰੇਸ਼ਨ ਨਿਯਮਾਂ ਨੂੰ ਹੋਰ ਸੁਖਾਲਾ ਬਣਾਇਆ ਜਾਵੇਗਾ ਤਾਂ ਜੋ ਕੈਨੇਡਾ ਵਿਚ ਪੜ੍ਹਾਈ ਲਈ ਆਉਣ ਵਾਲਿਆਂ ਵਾਸਤੇ ਵਧੇਰੇ ਮੌਕੇ ਪੈਦਾ ਹੋ ਸਕਣ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਉਹ ਗਰਮਖਿਆਲੀਆਂ ਦੀਆਂ ਗਤੀਵਿਧੀਆਂ ਨਾਲ ਸਹਿਮਤ ਨਹੀਂ ਹਨ ਅਤੇ ਉਹ ਇਕਜੁਟ ਭਾਰਤ ਦੇ ਹੱਕ ਵਿਚ ਹਨ। ਇਸ ਤੋਂ ਪਹਿਲਾਂ ਉਨ੍ਹਾਂ ਆਪਣੀ ਪਤਨੀ ਜ਼ਿਲ ਸ਼ੀਰ ਅਤੇ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਬੌਬ ਸਰੋਆ ਤੋਂ ਇਲਾਵਾ ਰਮੋਨਾ ਸਿੰਘ, ਬੌਬ ਦੋਸਾਂਝ ਅਤੇ ਬਿਕਰਮਜੀਤ ਸਿੰਘ ਚੱਕਾ ਅੱਲਾ ਬਖ਼ਸ਼ ਸਮੇਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਹ ਲੰਗਰ ਘਰ ਵਿਚ ਵੀ ਗਏ। ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਜੀ ਆਇਆਂ ਕਿਹਾ ਤੇ ਸਿੱਖ ਕੌਮ ਵੱਲੋਂ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਕੈਨੇਡੀਅਨ ਆਗੂ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਦੁਨੀਆ ਦਾ ਖ਼ੂਬਸੂਰਤ ਅਸਥਾਨ ਦੱਸਿਆ ਅਤੇ ਕਿਹਾ ਕਿ ਇਥੋਂ ਸਰਬ-ਸਾਂਝੀਵਾਲਤਾ ਦਾ ਸੁਨੇਹਾ ਮਿਲਦਾ ਹੈ।
ਕੈਪਟਨ ਅਮਰਿੰਦਰ ਨੇ ਐਂਡਰਿਊ ਸ਼ੀਅਰ ਦਾ ਕੀਤਾ ਸ਼ਾਨਦਾਰ ਸਵਾਗਤ
ਚੰਡੀਗੜ੍ਹ : ਕੈਨੇਡਾ ‘ਚ ਕੰਸਰਵੇਟਿਵ ਪਾਰਟੀ ਦੇ ਮੁਖੀ ਤੇ ਵਿਰੋਧੀ ਧਿਰ ਦੇ ਆਗੂ ਐਂਡਰਿਊ ਸ਼ੀਅਰ ਦਾ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਚ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਲੰਮੀ ਵਿਚਾਰ ਚਰਚਾ ਕੀਤੀ। ਬੁੱਧਵਾਰ ਸ਼ਾਮ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਨੇ ਉਦਯੋਗਪਤੀਆਂ ਸਮੇਤ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਕੈਨੇਡਾ-ਭਾਰਤ ਵਪਾਰ ਸਬੰਧਾਂ ਬਾਰੇ ਚਰਚਾ ਕੀਤੀ।

RELATED ARTICLES
POPULAR POSTS