ਮੁਹਾਲੀ : ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਪੰਜਾਬ ਦੇ ਬਹੁ-ਚਰਚਿਤ ਡਰੱਗ ਤਸਕਰੀ ਮਾਮਲੇ ਵਿੱਚ ਸਾਬਕਾ ਅਕਾਲੀ ਮੰਤਰੀ ਸਰਵਣ ਸਿੰਘ ਫਿਲੌਰ ਅਤੇ ਉਸ ਦੇ ਬੇਟੇ ਦਮਨਵੀਰ ਸਿੰਘ ਫਿਲੌਰ, ਸਾਬਕਾ ਮੁੱਖ ਸੰਸਦੀ ਸਕੱਤਰ ਅਵਿਨਾਸ਼ ਚੰਦਰ, ਪਰਮਜੀਤ ਸਿੰਘ ਚਾਹਲ, ਜਗਜੀਤ ਸਿੰਘ ਚਾਹਲ, ਉਸ ਦੀ ਪਤਨੀ ਇੰਦਰਜੀਤ ਕੌਰ ਚਾਹਲ, ਦਵਿੰਦਰ ਕਾਂਤ ਸ਼ਰਮਾ, ਸਚਿਨ ਸਰਦਾਨਾ, ਉਸ ਦੀ ਪਤਨੀ ਰਸ਼ਮੀ ਸਰਦਾਨਾ, ਪਿਤਾ ਸੁਸ਼ੀਲ ਕੁਮਾਰ ਸਰਦਾਨਾ, ਮਾਂ ਕੈਲਾਸ਼ ਸਰਦਾਨਾ ਅਤੇ ਜਸਵਿੰਦਰ ਸਿੰਘ ਦੇ ਖ਼ਿਲਾਫ਼ ਦੋਸ਼ ਤੈਅ ਕਰ ਦਿੱਤੇ ਹਨ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਇਨ੍ਹਾਂ ਦੋਸ਼ੀਆਂ ਨੂੰ ਭੋਲਾ ਕੇਸ ਵਿੱਚ ਵੱਖਰੇ ਤੌਰ ‘ਤੇ ਨਾਮਜ਼ਦ ਕੀਤਾ ਗਿਆ ਸੀ ਅਤੇ ਇਸ ਮਾਮਲੇ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਅਦਾਲਤ ਦੇ ਵਿਸ਼ੇਸ਼ ਜੱਜ ਐੱਨਐੱਸ ਗਿੱਲ ਦੀ ਅਦਾਲਤ ਵਿੱਚ ਚੱਲ ਰਹੀ ਸੀ। ਮੰਗਲਵਾਰ ਨੂੰ ਕੇਸ ਦੀ ਸੁਣਵਾਈ ਦੌਰਾਨ ਈਡੀ ਦੇ ਵਕੀਲ ਜਗਜੀਤ ਸਿੰਘ ਸਰਾਓ ਵੀ ਹਾਜ਼ਰ ਸਨ। ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ ਲਈ 23 ਅਕਤੂਬਰ ਦੀ ਮਿਤੀ ਨਿਰਧਾਰਤ ਕੀਤੀ ਹੈ। ਇਸ ਤਰੀਕ ਉੱਤੇ ਅਦਾਲਤ ਨੇ ਕਰੀਬ 100 ਸਰਕਾਰੀ ਗਵਾਹਾਂ ਵਿੱਚੋਂ 2 ਗਵਾਹਾਂ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਸੰਮਨ ਜਾਰੀ ਕੀਤੇ ਹਨ। ਹਾਲਾਂਕਿ ਕਈ ਮੁਲਜ਼ਮਾਂ ਨੇ ਆਪੋ ਆਪਣੇ ਵਕੀਲਾਂ ਰਾਹੀਂ ਸੀਬੀਆਈ ਅਦਾਲਤ ਵਿੱਚ ਵੱਖੋ-ਵੱਖਰੀਆਂ ਅਰਜ਼ੀਆਂ ਦਾਇਰ ਕਰਕੇ ਖ਼ੁਦ ਨੂੰ ਬੇਕਸੂਰ ਦੱਸਦਿਆਂ ਉਨ੍ਹਾਂ ਨੂੰ ਇਸ ਕੇਸ ‘ਚੋਂ ਡਿਸਚਾਰਜ ਕਰਨ ਦੀ ਮੰਗ ਕੀਤੀ ਸੀ ਪਰ ਲੰਘੀ 31 ਅਗਸਤ ਨੂੰ ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮਾਂ ਦੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਸਨ। ਜਾਣਕਾਰੀ ਅਨੁਸਾਰ ਈਡੀ ਵੱਲੋਂ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ‘ਤੇ ਦੋਸ਼ ਲਗਾਇਆ ਗਿਆ ਸੀ ਕਿ ਗੁਰਮੇਜ ਸਿੰਘ ਉਰਫ਼ ਗਾਬਾ ਕੋਲੋਂ ਮਿਲੀ ਡਾਇਰੀ ਵਿੱਚ ਸਰਵਣ ਸਿੰਘ ਫਿਲੌਰ ਦੀ ਚੋਣ ‘ਤੇ ਕੀਤੇ ਖ਼ਰਚ ਦਾ ਬਿਊਰਾ ਦਰਜ ਸੀ। ਜਦੋਂਕਿ ਡਰੱਗ ਕੇਸ ਵਿੱਚ ਗ੍ਰਿਫ਼ਤਾਰ ਵਰਿੰਦਰ ਰਾਜਾ ਨੇ ਪੁੱਛਗਿੱਛ ਦੌਰਾਨ ਪੁਲਿਸ ਕੋਲ ਸਾਬਕਾ ਮੰਤਰੀ ਦੇ ਬੇਟੇ ਦਮਨਵੀਰ ਸਿੰਘ ਦਾ ਨਾਂ ਲਿਆ ਸੀ ਕਿ ਉਸ ਨੇ ਦਮਨਵੀਰ ਨੂੰ ਗੁਰਜੀਤ ਗਾਬਾ ਨਾਲ ਮਿਲਾਇਆ ਸੀ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …