ਕਿਸਾਨਾਂ ਨੂੰ ਕਣਕ ਦੀ ਅਦਾਇਗੀ ਵੇਲੇ ਸਿਰ ਨਾ ਕਰਨ ਦੇ ਖਿਲਾਫ ਕਾਂਗਰਸੀ ਕਰ ਰਹੇ ਸਨ ਰੋਸ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਦੇ ਕਿਸਾਨ ਮਜ਼ਦੂਰ ਸੈੱਲ ਦੇ ਕਾਰਕੁਨਾਂ ਉੱਤੇ ਚੰਡੀਗੜ੍ਹ ਪੁਲਿਸ ਨੇ ਬੁਰੇ ਤਰੀਕੇ ਨਾਲ ਲਾਠੀਚਾਰਜ ਕੀਤਾ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਕਈ ਕਾਰਕੁਨਾਂ ਦੇ ਸੱਟਾਂ ਲੱਗਣ ਦੀ ਜਾਣਕਾਰੀ ਮਿਲੀ ਹੈ। ਪੰਜਾਬ ਖੇਤ ਮਜ਼ਦੂਰ ਸੈੱਲ ਦੇ ਚੇਅਰਮੈਨ ਇੰਦਰਜੀਤ ਸਿੰਘ ਜ਼ੀਰਾ ਨੇ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਣਕ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨ ਮਜ਼ਦੂਰ ਸੈੱਲ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਸੀ। ਅੱਜ ਜਦੋਂ ਕਾਂਗਰਸ ਭਵਨ ਚੰਡੀਗੜ੍ਹ ਵਿੱਚ ਇਕੱਠੇ ਹੋਏ ਸੈਂਕੜੇ ਕਾਰਕੁਨ ਬਾਦਲ ਦੀ ਕੋਠੀ ਵੱਲ ਵਧਣ ਲੱਗੇ ਤਾਂ ਉਨ੍ਹਾਂ ਨੂੰ ਕਾਂਗਰਸ ਆਗੂ ਚਰਨਜੀਤ ਚੰਨੀ ਸਣੇ ਗ੍ਰਿਫ਼ਤਾਰ ਕਰ ਲਿਆ ਗਿਆ।
ਬਾਅਦ ਵਿੱਚ ਪੁਲਿਸ ਨੇ ਬੜੇ ਹੀ ਮਾੜੇ ਤਰੀਕੇ ਨਾਲ ਲਾਠੀਚਾਰਜ ਕੀਤਾ ਜਿਸ ਵਿੱਚ ਉਨ੍ਹਾਂ ਦੀ ਜਥੇਬੰਦੀ ਦੇ ਜਰਨਲ ਸਕੱਤਰ ਹਰਦੀਪ ਸਿੰਘ, ਗੁਰਵਿੰਦਰ ਸਿੰਘ ਤੇ ਜਸਵਿੰਦਰ ਸਿੰਘ ਸਮੇਤ ਕਈ ਕਾਰਕੁਨ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਲਾਠੀਚਾਰਜ ਇੰਨਾ ਭੈੜੇ ਤਰੀਕੇ ਨਾਲ ਕੀਤਾ ਕਿ ਪੁਲਿਸ ਨੇ ਕਾਂਗਰਸ ਭਵਨ ਅੰਦਰ ਜਾ ਕੇ ਲੋਕਾਂ ਨੂੰ ਕੁੱਟਿਆ। ਉਨ੍ਹਾਂ ਇਸ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ।
ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਰਾਜ ਵਿੱਚ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਸਰਕਾਰ ਇਸ ਮਸਲੇ ਦਾ ਹੱਲ ਲੱਭਣ ਦੀ ਥਾਂ ਕਿਸਾਨਾਂ ਨੂੰ ਹੋਰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਦੇ ਸਾਰੇ ਖ਼ਰਚੇ ਰੁਕੇ ਹੋਏ ਹਨ। ਉਨ੍ਹਾਂ ਨੂੰ ਅਗਲੀ ਫ਼ਸਲ ਦੀ ਖੇਤੀ ਕਰਨੀ ਔਖੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਖ਼ਿਲਾਫ਼ ਉਹ ਛੇਤੀ ਹੀ ਅਗਲੇ ਐਕਸ਼ਨ ਦਾ ਐਲਾਨ ਕਰਨਗੇ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …