Breaking News
Home / ਪੰਜਾਬ / ਗਿਆਨੀ ਹਰਪ੍ਰੀਤ ਸਿੰਘ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ

ਗਿਆਨੀ ਹਰਪ੍ਰੀਤ ਸਿੰਘ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ

ਗਿਆਨੀ ਗੁਰਬਚਨ ਸਿੰਘ ਜਥੇਦਾਰੀ ਤੋਂ ਹੋਏ ਲਾਂਭੇ
ਅੰਮ੍ਰਿਤਸਰ/ਬਿਊਰੋ ਨਿਊਜ਼ : ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਦਿੱਤੇ ਗਏ ਅਸਤੀਫੇ ਨੂੰ ਸੋਮਵਾਰ ਨੂੰ ਇਥੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪ੍ਰਵਾਨ ਕਰ ਲਿਆ ਅਤੇ ਉਨ੍ਹਾਂ ਦੀ ਥਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਥਾਪ ਦਿੱਤਾ।
ਉਨ੍ਹਾਂ ਨੂੰ ਕਾਰਜਕਾਰੀ ਜਥੇਦਾਰ ਵਜੋਂ ਤਖ਼ਤ ਦਾ ਵਾਧੂ ਭਾਰ ਸੌਂਪਿਆ ਗਿਆ ਹੈ। ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿੱਚ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਦਿੱਤੇ ਅਸਤੀਫੇ ਸਬੰਧੀ ਇਕ ਨੁਕਾਤੀ ਏਜੰਡੇ ‘ਤੇ ਵਿਚਾਰ ਕੀਤਾ ਗਿਆ। ਮੀਟਿੰਗ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਭਾਈ ਲੌਂਗੋਵਾਲ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਸਿਹਤ ਦਾ ਹਵਾਲਾ ਦਿੰਦਿਆਂ ਦਿੱਤਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਆਖਿਆ ਕਿ ਮੀਟਿੰਗ ਵਿਚ ਸਰਬਸੰਮਤੀ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਵਾਧੂ ਕਾਰਜ ਭਾਰ ਸੌਂਪਿਆ ਗਿਆ ਹੈ। ਉਹ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੀ ਬਣੇ ਰਹਿਣਗੇ ਅਤੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਕੰਮ ਕਰਨਗੇ। ਲੌਂਗੋਵਾਲ ਨੇ ਸਪੱਸ਼ਟ ਕਰ ਦਿੱਤਾ ਕਿ ਫਿਲਹਾਲ ਕਾਰਜਕਾਰੀ ਜਥੇਦਾਰ ਵਜੋਂ ਨਿਯੁਕਤੀ ਕਰਕੇ ਆਰਜ਼ੀ ਪ੍ਰਬੰਧ ਕੀਤੇ ਗਏ ਹਨ ਅਤੇ ਜਦੋਂ ਕਿਸੇ ਨੂੰ ਪੱਕੇ ਤੌਰ ‘ਤੇ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਜਾਵੇਗਾ, ਉਸ ਵੇਲੇ ਸਮੂਹ ਸਿੱਖ ਜਥੇਬੰਦੀਆਂ ਨਾਲ ਇਸ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ।
ਪੰਥਕ ਏਕਤਾ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਾਂਗੇ : ਗਿਆਨੀ ਹਰਪ੍ਰੀਤ ਸਿੰਘ
ਬਠਿੰਡਾ : ਅਕਾਲ ਤਖ਼ਤ ਸਾਹਿਬ ਦੇ ਨਵੇਂ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤਾਂ ਦੇ ਮਾਣ-ਸਨਮਾਨ ਨੂੰ ਉੱਚਾ ਚੁੱਕਣ ਅਤੇ ਪੰਥਕ ਏਕਤਾ ਦੀ ਬਹਾਲੀ ਨੂੰ ਆਪਣਾ ਪ੍ਰਮੁੱਖ ਏਜੰਡਾ ਦੱਸਿਆ ਹੈ। ਉਨ੍ਹਾਂ ਸਿਆਸੀ ਮੁੱਦਿਆਂ ‘ਤੇ ਫ਼ਿਲਹਾਲ ਚੁੱਪ ਧਾਰਨ ਕਰਨ ਨੂੰ ਹੀ ਚੰਗਾ ਦੱਸਿਆ ਹੈ ਜਦਕਿ ਪੰਥਕ ਏਕਤਾ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਗੱਲ ਕੀਤੀ ਹੈ। ਦੱਸਣਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦੀ 20 ਅਪਰੈਲ 2017 ਨੂੰ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਤਾਇਨਾਤੀ ਹੋਈ ਸੀ। ਕਰੀਬ ਡੇਢ ਵਰ੍ਹੇ ਮਗਰੋਂ ਹੁਣ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸਣਯੋਗ ਹੈ ਕਿ ਸੇਵਾਮੁਕਤ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਜ਼ਿਲ੍ਹਾ ਮੁਕਤਸਰ ਦੇ ਸਨ ਅਤੇ ਗਿਆਨੀ ਹਰਪ੍ਰੀਤ ਸਿੰਘ ਵੀ ਜ਼ਿਲ੍ਹਾ ਮੁਕਤਸਰ ਦੇ ਕਸਬਾ ਗਿੱਦੜਬਾਹਾ ਤੋਂ ਹਨ। ਸ਼੍ਰੋਮਣੀ ਅਕਾਲੀ ਦਲ ਵਿਚ ਉੱਠੀਆਂ ਬਾਗ਼ੀ ਸੁਰਾਂ ਬਾਰੇ ਵੀ ਉਨ੍ਹਾਂ ਕੋਈ ਟਿੱਪਣੀ ਨਾ ਕੀਤੀ।

Check Also

ਸ਼ੰਭੂ ਬਾਰਡਰ ਵਿਖੇ ਰੇਲ ਟਰੈਕ ’ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ

ਸਰਵਣ ਸਿੰਘ ਪੰਧੇਰ ਨੇ ਕਿਹਾ : 1 ਮਈ ਨੂੰ ਮਜ਼ਦੂਰ ਦਿਵਸ ਵੀ ਮਨਾਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ …