Breaking News
Home / ਹਫ਼ਤਾਵਾਰੀ ਫੇਰੀ / ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖਤ ਸਾਹਿਬ ਦੀ ਜਥੇਦਾਰੀ ਸੰਭਾਲੀ

ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖਤ ਸਾਹਿਬ ਦੀ ਜਥੇਦਾਰੀ ਸੰਭਾਲੀ

ਅੰਮ੍ਰਿਤਸਰ : ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਉਨ੍ਹਾਂ ਵਾਅਦਾ ਕੀਤਾ ਕਿ ਉਹ ਸਿੱਖ ਪੰਥ ਦੀ ਏਕਤਾ ਅਤੇ ਸਨਮਾਨ ਲਈ ਆਪਣਾ ਜੀਵਨ ਝੋਕ ਦੇਣਗੇ। ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਭਵਿੱਖ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਏ ਜਾਣ ਵਾਲੇ ਫੈਸਲੇ ਪੰਥਕ ਭਾਵਨਾਵਾਂ ਮੁਤਾਬਕ ਲਏ ਜਾਣਗੇ। ਸੇਵਾ ਸੰਭਾਲ ਸਮਾਗਮ ਵਿਚ ਬਰਗਾੜੀ ਮੋਰਚੇ, ਪੰਥਕ ਅਸੈਂਬਲੀ ਅਤੇ ਗਰਮਖਿਆਲੀਆਂ ਨਾਲ ਜੁੜੀਆਂ ਧਿਰਾਂ ਨੇ ਸ਼ਮੂਲੀਅਤ ਨਹੀਂ ਕੀਤੀ, ਜਿਸ ਨਾਲ ਸਰਵ ਪ੍ਰਵਾਨਿਤ ਜਥੇਦਾਰ ਹੋਣ ‘ਤੇ ਸ਼ੁਰੂ ਵਿਚ ਹੀ ਪ੍ਰਸ਼ਨ ਚਿੰਨ੍ਹ ਲੱਗ ਗਿਆ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੌਂਪੀ ਗਈ ਹੈ। ਉਹ ਇਸ ਦੇ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਵੀ ਸੇਵਾਵਾਂ ਨਿਭਾਉਣਗੇ। ਇਥੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਹਰਪ੍ਰੀਤ ਸਿੰਘ ਦਾ ਸੇਵਾ ਸੰਭਾਲ ਸਮਾਗਮ ਕਰਵਾਇਆ ਗਿਆ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੀ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਮੂਹ ਧਿਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਹੋਏ ਇਸ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਨਵ ਨਿਯੁਕਤ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦਸਤਾਰ ਭੇਟ ਕਰਕੇ ਪ੍ਰਵਾਨਗੀ ਦਿੱਤੀ।
ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੇ ਹੋਰਨਾਂ ਵੱਲੋਂ ਦਸਤਾਰਾਂ ਭੇਟ ਕੀਤੀਆਂ ਗਈਆਂ। ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਨਵ-ਨਿਯੁਕਤ ਜਥੇਦਾਰ ਨੇ ਆਖਿਆ ਕਿ ਉਹ ਕੌਮ ਦੇ ਸੇਵਾਦਾਰ ਅਤੇ ਨਿਮਾਣੇ ਸਿੱਖ ਵਜੋਂ ਗੁਰਮਤਿ ਸਿਧਾਂਤਾਂ ਤੇ ਰਹਿਤ ਮਰਿਆਦਾ ਦੀ ਰੌਸ਼ਨੀ ਵਿਚ ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਦੇ ਫੈਸਲੇ ਲੈਣਗੇ। ਉਨ੍ਹਾਂ ਆਖਿਆ ਕਿ ਉਹ ਪੰਥਕ ਸ਼ਕਤੀ ਨੂੰ ਇਕਜੁਟ ਕਰਨ ਦਾ ਯਤਨ ਕਰਨਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉਚਤਾ ਤੇ ਮਰਿਆਦਾ ਨੂੰ ਕਾਇਮ ਕੀਤਾ ਜਾਵੇਗਾ। ਉਨ੍ਹਾਂ ਸਮੁੱਚੀ ਕੌਮ ਨੂੰ ਇਕ ਮੰਚ ‘ਤੇ ਇਕੱਠੇ ਹੋਣ ਦੀ ਅਪੀਲ ਕਰਦਿਆਂ ਆਖਿਆ ਕਿ ਪੰਥਕ ਇਕਜੁਟਤਾ ਕਰਨਾ ਉਨ੍ਹਾਂ ਦਾ ਤਰਜੀਹੀ ਕੰਮ ਹੋਵੇਗਾ। ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਅਗਲੇ ਵਰ੍ਹੇ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਿੱਖ ਪਰਿਵਾਰ ਰੋਜ਼ਾਨਾ ਪੰਜ ਤੋਂ ਦਸ ਮਿੰਟ ਵਾਸਤੇ ਆਪਣੇ ਮੋਬਾਈਲ ਫੋਨ ਬੰਦ ਕਰਕੇ ਮੂਲ ਮੰਤਰ ਦੇ ਪਾਠ ਕਰਨ। ਉਨ੍ਹਾਂ ਇਹ ਵੀ ਆਖਿਆ ਕਿ ਭਵਿੱਖ ਵਿਚ ਸਿੱਖ ਵਿਦਵਾਨਾਂ ਦੀ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜਿਸ ਵਿਚ ਪੰਥ ਨੂੰ ਦਰਪੇਸ਼ ਮੌਜੂਦਾ ਚੁਣੌਤੀਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉਚਤਾ ਨੂੰ ਕਾਇਮ ਰੱਖਣ ਲਈ ਵਿਚਾਰ ਚਰਚਾ ਕੀਤੀ ਜਾਵੇਗੀ। ਡੇਰਾ ਸਿਰਸਾ ਦੇ ਮੁਖੀ ਨੂੰ ਮਾਫੀ ਸਬੰਧੀ ਫੈਸਲੇ ਅਤੇ ਮੁਤਵਾਜ਼ੀ ਜਥੇਦਾਰਾਂ ਬਾਰੇ ਉਨ੍ਹਾਂ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ।

Check Also

ਕੈਨੇਡਾ ‘ਚ ਪੱਕੇ ਹੋਣ ਦਾ LMIA ਵਾਲਾ ਰਾਹ ਵੀ ਹੋਵੇਗਾ ਬੰਦ

ਪੱਕੀ ਰਿਹਾਇਸ਼ ਲਈ LMIA ਦੀ ਵੱਡੇ ਪੱਧਰ ‘ਤੇ ਹੋ ਰਹੀ ਦੁਰਵਰਤੋਂ : ਮਾਰਕ ਮਿੱਲਰ ਟੋਰਾਂਟੋ/ਬਿਊਰੋ …