Breaking News
Home / ਪੰਜਾਬ / ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਸਰਕਾਰ ਯਤਨਸ਼ੀਲ

ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਸਰਕਾਰ ਯਤਨਸ਼ੀਲ

ਹਾਦਸੇ ਦੌਰਾਨ ਮਾਰੇ ਗਏ 46 ਵਿਅਕਤੀਆਂ ਦੇ ਪਰਿਵਾਰਾਂ ਨੂੰ ਮਿਲ ਚੁੱਕੇ ਹਨ 5-5 ਲੱਖ ਰੁਪਏ ਦੇ ਚੈਕ
ਅੰਮ੍ਰਿਤਸਰ : ਰੇਲ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਦੇ ਮੁੜ ਵਸੇਬੇ ਲਈ ਸਰਕਾਰ ਵੱਲੋਂ ਵਿਸਥਾਰਤ ਯੋਜਨਾ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪ੍ਰਭਾਵਿਤ ਪਰਿਵਾਰਾਂ ਦਾ ਸਮਾਜਿਕ ਤੇ ਆਰਥਿਕ ਸਰਵੇਖਣ ਕੀਤਾ ਗਿਆ। ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ੇ ਤੋਂ ਇਲਾਵਾ ਮੁੜ ਵਸੇਬੇ ਲਈ ਨੌਕਰੀ, ਪੈਨਸ਼ਨ ਅਤੇ ਲਵਾਰਿਸ ਹੋਏ ਬੱਚਿਆਂ ਨੂੰ ਗੋਦ ਲੈਣ ਦੀ ਇਕ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਹੁਣ ਤੱਕ ਮਾਰੇ ਗਏ ਵਿਅਕਤੀਆਂ ਵਿਚੋਂ 46 ਵਿਅਕਤੀਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇ ਚੈੱਕ ਭੇਟ ਕੀਤੇ ਜਾ ਚੁੱਕੇ ਹਨ। ਸਰਕਾਰ ਵੱਲੋਂ ਪ੍ਰਸ਼ਾਸਨ ਰਾਹੀਂ ਇਨ੍ਹਾਂ ਪਰਿਵਾਰਾਂ ਦਾ ਸਮਾਜਿਕ ਤੇ ਆਰਥਿਕ ਪੱਖੋਂ ਅਧਿਐਨ ਕਰਾਇਆ ਗਿਆ ਹੈ, ਜਿਸ ਰਾਹੀਂ ਇਨ੍ਹਾਂ ਦੀ ਆਰਥਿਕ ਤੇ ਸਮਾਜਿਕ ਸਥਿਤੀ ਦਾ ਪਤਾ ਲਾਇਆ ਗਿਆ। ਹੁਣ ਇਸੇ ਆਧਾਰ ‘ਤੇ ਹੀ ਇਨ੍ਹਾਂ ਦੇ ਮੁੜ ਵਸੇਬੇ ਲਈ ਯੋਜਨਾ ਬਣੇਗੀ। ਸਰਕਾਰ ਵੱਲੋਂ ਪ੍ਰਭਾਵਿਤ ਪਰਿਵਾਰਾਂ ਦੇ ਜੀਆਂ ਨੂੰ ਨਗਰ ਨਿਗਮ ਵਿਚ ਨੌਕਰੀ ਦੇਣ ਦੀ ਵੀ ਯੋਜਨਾ ਬਣਾਈ ਗਈ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਖਿਆ ਕਿ ਪੀੜਤ ਪਰਿਵਾਰਾਂ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਆਪਣੇ ਉਪਰ ਲੈ ਲਈ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿਚ ਕੁਝ ਬੱਚੇ ਲਾਵਾਰਿਸ ਹੋ ਗਏ ਹਨ, ਜਿਨ੍ਹਾਂ ਨੂੰ ਗੋਦ ਲੈ ਕੇ ਉਨ੍ਹਾਂ ਦੀ ਸਾਂਭ ਸੰਭਾਲ ਕੀਤੀ ਜਾਵੇਗੀ। ਇਸ ਸਬੰਧੀ ਲੋੜੀਂਦੀ ਪ੍ਰਕਿਰਿਆ ਜਾਰੀ ਹੈ। ਇਨ੍ਹਾਂ ਪਰਿਵਾਰਾਂ ਦੇ ਮੁੜ ਵਸੇਬੇ ਲਈ ਪੜ੍ਹੇ ਲਿਖੇ ਜੀਆਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਨੌਕਰੀ ਦੇਣ ਦੀ ਵੀ ਯੋਜਨਾ ਹੈ ਤੇ ਬਜ਼ੁਰਗਾਂ ਦੀ ਪੈਨਸ਼ਨ ਲਾਈ ਜਾਵੇਗੀ। ਹਾਦਸੇ ਮਗਰੋਂ ਕੁਝ ਪਰਿਵਾਰ ਤਾਂ ਵਾਪਸ ਆਪਣੇ ਜੱਦੀ ਪਿੰਡਾਂ ਨੂੰ ਪਰਤਣ ਦਾ ਫੈਸਲਾ ਕਰ ਚੁੱਕੇ ਹਨ।
ਰੇਲ ਹਾਦਸੇ ਦੇ 46 ਜ਼ਖ਼ਮੀ ਜ਼ੇਰੇ ਇਲਾਜ: ਡੀਸੀ : ਰੇਲ ਹਾਦਸੇ ਵਿਚ ਜ਼ਖ਼ਮੀ ਹੋਣ ਵਾਲਿਆਂ ਵਿਚੋਂ ਹੁਣ 46 ਵਿਅਕਤੀ ਵੱਖ ਵੱਖ ਹਸਪਤਾਲਾਂ ਵਿਚ ਜ਼ੇਰੇ ਇਲਾਜ ਹਨ। ਇਹ ਖੁਲਾਸਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕੀਤਾ ਹੈ। ਹਾਦਸੇ ਮਗਰੋਂ ਲਗਪਗ 58 ਜ਼ਖ਼ਮੀਆਂ ਨੂੰ ਵੱਖ ਵੱਖ ਹਸਪਤਾਲਾਂ ਵਿਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਸੀ।
ਰੇਲ ਹਾਦਸੇ ਦੀ ਫੋਰੈਂਸਿਕ ਜਾਂਚ : ਅੰਮ੍ਰਿਤਸਰ : ਰੇਲ ਹਾਦਸੇ ਦੀ ਫੋਰੈਂਸਿਕ ਜਾਂਚ ਵਾਸਤੇ ਮੁਹਾਲੀ ਤੋਂ ਫੋਰੈਂਸਿਕ ਸਾਇੰਸ ਲੈਬ ਦੇ ਮਾਹਿਰਾਂ ਦੀ ਟੀਮ ਨੇ ਦੌਰਾ ਕੀਤਾ ਹੈ। ਇਸ ਦੌਰੇ ਦੌਰਾਨ ਫੋਰੈਂਸਿਕ ਜਾਂਚ ਮਾਹਿਰਾਂ ਨੇ ਘਟਨਾ ਸਥਾਨ ਤੇ ਰੇਲ ਪਟੜੀਆਂ ਦੀ ਜਾਂਚ ਕੀਤੀ। ਮਗਰੋਂ ਇਹ ਟੀਮ ਅਟਾਰੀ ਵੀ ਗਈ, ਜਿਥੇ ਡੀਐੱਮਯੂ ਰੇਲ ਗੱਡੀ ਨੂੰ ਖੜ੍ਹਾ ਕੀਤਾ ਗਿਆ ਹੈ। ਉਨ੍ਹਾਂ ਡੀਐੱਮਯੂ ਗੱਡੀ ਦੀ ਵੀ ਜਾਂਚ ਕੀਤੀ ਹੈ। ਪੁਲਿਸ ਅਧਿਕਾਰੀਆਂ ਨੇ ਰੇਲ ਹਾਦਸੇ ਦੀ ਫੋਰੈਂਸਿਕ ਜਾਂਚ ਹੋਣ ਦੀ ਪੁਸ਼ਟੀ ਕੀਤੀ ਹੈ ਪਰ ਉਨ੍ਹਾਂ ਇਸ ਸਬੰਧੀ ਕਿਸੇ ਰਿਪੋਰਟ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ।
ਹਾਈਕੋਰਟ ਵਲੋਂ ਨਵਜੋਤ ਕੌਰ ਤੇ ਪੰਜਾਬ ਸਰਕਾਰ ਨੂੰ ਰਾਹਤ
ਚੰਡੀਗੜ੍ਹ : ਅੰਮ੍ਰਿਤਸਰ ਰੇਲ ਹਾਦਸੇ ਤੋਂ ਬਾਅਦ ਦੁਸਹਿਰਾ ਮੇਲੇ ਦੀ ਮੁੱਖ ਮਹਿਮਾਨ ਨਵਜੋਤ ਕੌਰ ਸਿੱਧੂ ਵਿਰੁੱਧ ਕਾਰਵਾਈ ਕਰਨ ਅਤੇ ਸਰਕਾਰਾਂ ਦੀ ਜ਼ਿੰਮੇਵਾਰੀ ਸਬੰਧੀ ਮੰਗ ਨੂੰ ਲੈ ਕੇ ਦਾਇਰ ਕੀਤੀ ਪਟੀਸ਼ਨ ਨੂੰ ਹਾਈਕੋਰਟ ਨੇ ਖਾਰਜ ਕਰ ਦਿੱਤਾ। ਹਾਈਕੋਰਟ ਨੇ ਨਵਜੋਤ ਕੌਰ ਸਿੱਧੂ ਦੇ ਪੱਖ ਵਿਚ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਅਜਿਹੇ ਮੌਕਿਆਂ ‘ਤੇ ਲੋਕ ਇਕੱਠ ਵਿਚ ਕਿਤੇ ਬੈਠ ਜਾਂਦੇ ਹਨ ਅਤੇ ਅਜਿਹੇ ਵਿਚ ਜੇਕਰ ਕੋਈ ਹਾਦਸਾ ਵਾਪਰ ਜਾਵੇ ਤਾਂ ਇਸ ਲਈ ਮੁੱਖ ਮਹਿਮਾਨ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਹਾਈਕੋਰਟ ਨੇ ਇਸ ਪਟੀਸ਼ਨ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ઠਜ਼ਿਕਰਯੋਗ ਕਿ ਗੁਰੂਗ੍ਰਾਮ ਦੇ ਇਕ ਵਕੀਲ ਵਲੋਂ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਇਸ ਮਾਮਲੇ ਦੀ ਜਾਂਚ ਐੱਸ. ਆਈ. ਟੀ. ਜਾਂ ਸੀ. ਬੀ. ਆਈ. ਤੋਂ ਕਰਾਉਣ ਦੀ ਮੰਗ ਕੀਤੀ ਗਈ ਸੀ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …