Breaking News
Home / ਪੰਜਾਬ / ਅਕਾਲੀ ਦਲ ਦੀ ਮੀਟਿੰਗ ‘ਚ ਨਹੀਂ ਪੁੱਜੇ ਨਾਰਾਜ਼ ਟਕਸਾਲੀ ਆਗੂ

ਅਕਾਲੀ ਦਲ ਦੀ ਮੀਟਿੰਗ ‘ਚ ਨਹੀਂ ਪੁੱਜੇ ਨਾਰਾਜ਼ ਟਕਸਾਲੀ ਆਗੂ

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿਚ ਅੰਦਰੂਨੀ ਸੰਕਟ ਵਧਿਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਮਾਝੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਤੇ ਟਕਸਾਲੀ ਆਗੂਆਂ ਵਿਚ ਨਿਰਾਸ਼ਾ ਤੇ ਨਾਰਾਜ਼ਗੀ ਦੇ ਚੱਲਦਿਆਂ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਦਲ ਦੀ ਹੰਗਾਮੀ ਮੀਟਿੰਗ ਸੱਦੀ ਸੀ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਸਮੇਤ ਸੀਨੀਅਰ ਅਕਾਲੀ ਆਗੂ ਸ਼ਾਮਲ ਹੋਏ ਤੇ ਮਾਝੇ ਦੇ ਨਾਰਾਜ਼ ਅਕਾਲੀ ਆਗੂਆਂ ਨੇ ਮੀਟਿੰਗ ਤੋਂ ਦੂਰੀ ਬਣਾਈ ਰੱਖੀ।
ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਰਣਜੀਤ ਸਿੰਘ ਬ੍ਰਹਮਪੁਰਾ ਉਨ੍ਹਾਂ ਦੇ ਪਿਤਾ ਦੀ ਉਮਰ ਦੇ ਸੀਨੀਅਰ ਆਗੂ ਹਨ, ਉਹ ਉਨ੍ਹਾਂ ਦਾ ਬਹੁਤ ਮਾਣ-ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਨਾਲ ਕਿਸੇ ਕਿਸਮ ਦੀ ਕੋਈ ਨਾਰਾਜ਼ਗੀ ਨਹੀਂ ਹੈ। ਨਾਰਾਜ਼ ਆਗੂਆਂ ਨੂੰ ਮਨਾਉਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਮੁੜ ਆਖਿਆ ਕਿ ਉਹ ਉਨ੍ਹਾਂ ਦੇ ਬਜ਼ੁਰਗ ਹਨ। ਇਕ ਹੋਰ ਅਜਿਹੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਉਨ੍ਹਾਂ ਨੇ ਪਾਰਟੀ ਤੋਂ ਅਸਤੀਫ਼ਾ ਨਹੀਂ ਦਿੱਤਾ ਅਤੇ ਉਹ ਪਾਰਟੀ ਦਾ ਹਿੱਸਾ ਹਨ। ਇਥੇ ਦੱਸਣਯੋਗ ਹੈ ਕਿ ਬੇਅਦਬੀ ਤੇ ਬਰਗਾੜੀ ਕਾਂਡ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਵਿਚ ਜਨਤਕ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿਚ ਅੰਦਰੂਨੀ ਸੰਕਟ ਪੈਦਾ ਹੋ ਗਿਆ ਹੈ। ਇਸ ਸੰਕਟ ਦੌਰਾਨ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਤੋਂ ਬਾਅਦ ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬ੍ਰਹਮਪੁਰਾ ਵਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਪਹਿਲਾਂ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ, ਸਾਬਕਾ ਅਕਾਲੀ ਮੰਤਰੀ ਸੇਵਾ ਸਿੰਘ ਸੇਖਵਾਂ, ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ, ਰਵਿੰਦਰ ਸਿੰਘ ਬ੍ਰਹਮਪੁਰਾ, ਅਮਰਪਾਲ ਸਿੰਘ ਬੋਨੀ ਆਦਿ ਪਾਰਟੀ ਨਾਲ ਨਾਰਾਜ਼ਗੀ ਦਾ ਪ੍ਰਗਟਾਵਾ ਕਰ ਚੁੱਕੇ ਹਨ। ਇਥੇ ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਬ੍ਰਹਮਪੁਰਾ ਸਮਰਥਕ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਬੰਦ ਕਮਰਾ ਮੀਟਿੰਗ ਵੀ ਕੀਤੀ। ਪ੍ਰਾਪਤ ਜਾਣਾਕਾਰੀ ਅਨੁਸਾਰ ਮੀਟਿੰਗ ਵਿਚ ਇਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸੁਖਬੀਰ ਬਾਦਲ ਨੇ ਆਖਿਆ ਹੈ ਕਿ ਉਹ ਬ੍ਰਹਮਪੁਰਾ ਦੀ ਪਾਰਟੀ ਨਾਲ ਨਾਰਾਜ਼ਗੀ ਨੂੰ ਖਤਮ ਕਰਾਉਣ ਵਿਚ ਆਪਣਾ ਯੋਗਦਾਨ ਪਾਉਣ। ਇਨ੍ਹਾਂ ਮੈਂਬਰਾਂ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲ, ਅਲਵਿੰਦਰਪਾਲ ਸਿੰਘ ਪੱਖੋਕੇ, ਅਮਰੀਕ ਸਿੰਘ ਵਿਛੋਆ ਆਦਿ ਸ਼ਾਮਲ ਸਨ। ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਚਾਰ ਮੁੱਖ ਪ੍ਰੋਗਰਾਮ ਉਲੀਕੇ ਗਏ ਹਨ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਆਖਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਇਤਿਹਾਸ ਵਿਸ਼ੇ ਦੀ ਪੁਸਤਕ ਵਿਚ ਨਾ ਬਰਦਾਸ਼ਤ ਕਰਨਯੋਗ ਗਲਤੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਕ ਸਾਜਿਸ਼ ਹੇਠ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ, ਜਿਸ ਨੂੰ ਕੋਈ ਵੀ ਸਿੱਖ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਨੈਤਿਕ ਆਧਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ ਅਤੇ ਮੁੱਖ ਮੰਤਰੀ ਸਮੇਤ ਸਿੱਖਿਆ ਮੰਤਰੀ ਓਪੀ ਸੋਨੀ, ਪੁਸਤਕ ਤਿਆਰ ਕਰਨ ਵਾਲੇ ਕਮੇਟੀ ਮੈਂਬਰਾਂ ਖਿਲਾਫ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਮੀਟਿੰਗ ਵਿਚ ਪਰਮਿੰਦਰ ਸਿੰਘ ਢੀਂਡਸਾ, ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਤੇ ਹੋਰ ਸੀਨੀਅਰ ਆਗੂਆਂ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਹਾਜ਼ਰ ਸਨ।
ਟਕਸਾਲੀ ਆਗੂ ਵੱਖਰਾ ਫਰੰਟ ਬਣਾਉਣ ਦੀ ਤਿਆਰੀ ‘ਚ
ਚੰਡੀਗੜ੍ਹ : ਪੰਥਕ ਮੁੱਦਿਆਂ ਨੂੰ ਲੈ ਕੇ ਅਕਾਲੀ ਦਲ ਅੰਦਰ ਬਾਗ਼ੀ ਸੁਰਾਂ ਲਗਾਤਾਰ ਤਿੱਖੀਆਂ ਹੋ ਰਹੀਆਂ ਹਨ। ਇਨ੍ਹਾਂ ਮੁੱਦਿਆਂ ‘ਤੇ ਵਿਰੋਧੀਆਂ ਦੇ ਨਾਲ-ਨਾਲ ਅਕਾਲੀ ਦਲ ਨੂੰ ਆਪਣੇ ਹੀ ਕੁਝ ਰੁੱਸੇ ਹੋਏ ਟਕਸਾਲੀ ਆਗੂ ਘੇਰਨ ਵਿਚ ਲੱਗੇ ਹੋਏ ਹਨ। ਇਕ ਪਾਸੇ ਜਿੱਥੇ ਸੱਤਾ ਧਿਰ ਕਾਂਗਰਸ ਅਤੇ ਵਿਰੋਧੀ ਆਮ ਆਦਮੀ ਪਾਰਟੀ ਅਕਾਲੀ ਦਲ ਦੀ ਡੇਰਾ ਮੁਖੀ ਨੂੰ ਮਾਫ਼ੀ ਦੇਣ, ਬਰਗਾੜੀ ਮੁੱਦੇ ਅਤੇ ਬਹਿਬਲ ਕਲਾਂ ਗੋਲ਼ੀ ਕਾਂਡ ਦੇ ਮੁੱਦਿਆਂ ‘ਤੇ ਘੇਰਾਬੰਦੀ ਕਰਨ ਵਿਚ ਲੱਗੀਆਂ ਹੋਈਆਂ ਹਨ ਉੱਥੇ ਹੀ ਬਰਗਾੜੀ ਵਿਚ ਸਿੱਖ ਜਥੇਬੰਦੀਆਂ ਵੱਲੋਂ ਲਾਇਆ ਮੋਰਚਾ ਵੀ ਅਕਾਲੀ ਦਲ ਨੂੰ ਲਗਾਤਾਰ ਨਿਸ਼ਾਨਾ ਬਣਾ ਰਿਹਾ ਹੈ। ਚਰਚਾ ਹੈ ਕਿ ਮਾਝੇ ਦੇ ਬਾਗ਼ੀ ਟਕਸਾਲੀ ਆਗੂ ਇਕ ਵੱਖਰਾ ਫਰੰਟ ਖੜ੍ਹਾ ਕਰਨ ਦੀ ਫ਼ਿਰਾਕ ਵਿਚ ਹਨ। ਇਸ ਏਜੰਡੇ ਤਹਿਤ ਉਹ ਅਕਾਲੀ ਦਲ ਅੰਦਰ ਨੁੱਕਰੇ ਲੱਗੇ ਪੁਰਾਣੇ ਆਗੂਆਂ ਨੂੰ ਇਕੱਠਾ ਕਰਨ ਵਿਚ ਲੱਗੇ ਹੋਏ ਹਨ।
ਇਸ ਸਬੰਧੀ ਬਾਗ਼ੀ ਟਕਸਾਲੀ ਆਗੂ ਡਾ. ਰਤਨ ਸਿੰਘ ਅਜਨਾਲਾ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਵਿਚ ‘ਅਕਾਲੀ ਦਲ ਬਚਾਓ ਲਹਿਰ’ ਛੇਤੀ ਸ਼ੁਰੂ ਹੋਵੇਗੀ । ਇਸ ਲਹਿਰ ਤਹਿਤ ਸੀਨੀਅਰ ਟਕਸਾਲੀ ਆਗੂ ਮਾਝੇ, ਮਾਲਵੇ ਤੇ ਦੁਆਬੇ ਵਿਚ ਦੌਰੇ ਕਰਨਗੇ। ਡਾ. ਅਜਨਾਲਾ ਦਾ ਕਹਿਣਾ ਹੈ ਕਿ ਮੌਜੂਦਾ ਅਕਾਲੀ ਦਲ ਅਸਲੀ ਅਕਾਲੀ ਦਲ ਨਹੀਂ ਰਿਹਾ। ਹੁਣ ਅਸਲੀ ਅਕਾਲੀ ਦਲ ਉਹ ਹੋਵੇਗਾ ਲੋਕ ਜਿਸ ਨੂੰ ਪਿਆਰ ਕਰਨਗੇ। ਮੌਜੂਦਾ ਅਕਾਲੀ ਦਲ ਵਿਚ ਸੀਨੀਅਰ ਟਕਸਾਲੀ ਆਗੂਆਂ ਦੀ ਕੋਈ ਪੁੱਛਗਿੱਛ ਨਹੀਂ ਹੈ।
ਮਾਲਵੇ ਦੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਤੇ ਮਾਝੇ ਦੇ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਤੋਂ ਬਾਅਦ ਡਾ. ਰਤਨ ਸਿੰਘ ਅਜਨਾਲਾ ਵੱਲੋਂ ਲਗਾਤਾਰ ਬਾਦਲਾਂ ਦੀ ਲੀਡਰਸ਼ਿਪ ‘ਤੇ ਤਿੱਖੇ ਹਮਲੇ ਕੀਤੇ ਜਾ ਰਹੇ ਹਨ। ਮਾਝੇ ਦੇ ਆਗੂਆਂ ਵਿਚੋਂ ਸੇਵਾ ਸਿੰਘ ਸੇਖਵਾਂ, ਡਾ. ਰਤਨ ਸਿੰਘ ਅਜਨਾਲਾ ਅਤੇ ਇਨ੍ਹਾਂ ਦੇ ਪੁੱਤਰਾਂ ਵੱਲੋਂ ਪ੍ਰਗਟਾਏ ਵਿਚਾਰ ਵੀ ਪਾਰਟੀ ਅੰਦਰਲੀ ਬਾਦਲ ਪਰਿਵਾਰ ਦੀ ਇਜ਼ਾਰੇਦਾਰੀ ਉੱਤੇ ਸਿੱਧੀ ਉਂਗਲ ਉਠਾਉਂਦੇ ਦਿਖਾਈ ਦੇ ਰਹੇ ਹਨ।
17 ਨਹੀਂ ਸਾਢੇ ਚਾਰ ਸਾਲ ਹੀ ਜੇਲ੍ਹ ‘ਚ ਰਹੇ ਪ੍ਰਕਾਸ਼ ਸਿੰਘ ਬਾਦਲ!
ੲ ਪੰਜਾਬ ਸਰਕਾਰ ਜੇਲ੍ਹਾਂ ‘ਚੋਂ ਇਕੱਠੇ ਕਰ ਰਹੀ ਹੈ ਅੰਕੜੇ
ੲ ਬਾਦਲ ਦਾ ਦਾਅਵਾ ਝੂਠ ਸਾਬਿਤ ਕਰਨ ਦੀ ਕੋਸ਼ਿਸ਼
ਚੰਡੀਗੜ੍ਹ : ਅਕਾਲੀ ਆਗੂਆਂ ਖਾਸ ਕਰਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਘੇਰਨ ਲਈ ਅਤੇ ਉਨ੍ਹਾਂ ਵਲੋਂ ਕੱਟੀ ਗਈ ਜੇਲ੍ਹ ਦਾ ਸੱਚ ਸਾਹਮਣੇ ਲਿਆਉਣ ਲਈ ਪੰਜਾਬ ਸਰਕਾਰ ਸਾਰੀਆਂ ਜੇਲ੍ਹਾਂ ਵਿਚੋਂ ਰਿਕਾਰਡ ਇਕੱਠਾ ਕਰ ਰਹੀ ਹੈ। ਇੱਥੇ ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਕਸਰ ਕਾਂਗਰਸ, ਕੈਪਟਨ ਸਰਕਾਰ ‘ਤੇ ਸਿਆਸੀ ਹਮਲਾ ਕਰਦਿਆਂ ਜੇਲ੍ਹ ਵਿਚ ਨਾ ਜਾਣ ਦਾ ਡਰ ਅਤੇ ਆਪਣੇ ਜੀਵਨ ‘ਚ 17 ਸਾਲ ਜੇਲ੍ਹ ਕੱਟਣ ਦੀ ਗੱਲ ਕਰਦੇ ਹਨ। ਸਾਬਕਾ ਮੁੱਖ ਮੰਤਰੀ ਦੀ ਜੇਲ੍ਹ ਜ਼ਿੰਦਗੀ ਦਾ ਸੱਚ ਜਾਨਣ ਲਈ ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਨੇ ਪੰਜਾਬ ਅਤੇ ਦੂਜੇ ਰਾਜਾਂ ਦੀਆਂ ਜੇਲ੍ਹਾਂ ਤੋਂ ਜਾਣਕਾਰੀ ਮੰਗੀ ਹੈ। ਸੂਤਰ ਦੱਸਦੇ ਹਨ ਕਿ ਪ੍ਰਕਾਸ਼ ਸਿੰਘ ਬਾਦਲ ਵਲੋਂ ਆਪਣੇ ਸਮੁੱਚੇ ਸਿਆਸੀ ਜੀਵਨ ਦੌਰਾਨ ਲਗਭਗ ਸਾਢੇ ਚਾਰ ਸਾਲ ਜੇਲ੍ਹ ਕੱਟਣ ਦਾ ਰਿਕਾਰਡ ਸਰਕਾਰ ਨੂੰ ਮਿਲਿਆ ਹੈ। ਇਸ ਜੇਲ੍ਹ ਜੀਵਨ ਵਿਚ ਸਮੇਂ ਦੀਆਂ ਸਰਕਾਰਾਂ ਵਲੋਂ ਵਿਸ਼ਰਾਮ ਘਰਾਂ ਵਿਚ ਕੱਟੀ ਜੇਲ੍ਹ ਵੀ ਸ਼ਾਮਲ ਹੈ। ਪੰਜਾਬੀ ਸੂਬੇ, ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ ਲਗਾਈ ਐਮਰਜੈਂਸੀ ਖਿਲਾਫ ਸਤਲੁਜ ਲਿੰਕ ਨਹਿਰ (ਐਸਵਾਈਐਲ) ਖਿਲਾਫ ਕੀਤੇ ਸੰਘਰਸ਼ ਅਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਪਿਛਲੀ ਸਰਕਾਰ ਦੌਰਾਨ ਬਾਦਲ ਪਰਿਵਾਰ ‘ਤੇ ਦਰਜ ਕੀਤੇ ਮਾਮਲੇ ਵਿਚ ਜੇਲ੍ਹ ਗਏ ਸਨ। ਸੂਤਰ ਦੱਸਦੇ ਹਨ ਕਿ ਕਾਂਗਰਸ ਦੇ ਸੀਨੀਅਰ ਆਗੂਆਂ ਦਾ ਮੰਨਣਾ ਹੈ ਕਿ ਬਾਦਲ ਪਰਿਵਾਰ ਨੂੰ ਪੰਥਕ ਮੁੱਦਿਆਂ ‘ਤੇ ਘੇਰ ਕੇ ਸਿਆਸੀ ਤੌਰ ‘ਤੇ ਕਮਜ਼ੋਰ ਕੀਤਾ ਜਾ ਸਕਦਾ ਹੈ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਹਿਬਲ ਕਲਾਂ, ਬਰਗਾੜੀ ਗੋਲੀ ਕਾਂਡ ਮਾਮਲੇ ਵਿਚ ਬਾਦਲ ਪਰਿਵਾਰ ਬੁਰੀ ਤਰ੍ਹਾਂ ਘਿਰਿਆ ਹੋਇਆ ਹੈ। ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਰਤਨ ਸਿੰਘ ਅਜਨਾਲਾ, ਰਵਿੰਦਰ ਸਿੰਘ ਬ੍ਰਹਮਪੁਰਾ ਸਮੇਤ ਕਈ ਆਗੂ ਪਹਿਲੇ ਹੀ ਬਗਾਵਤ ਕਰ ਚੁੱਕੇ ਹਨ। ਇਸ ਤੋਂ ਇਲਾਵਾ ਬਰਗਾੜੀ ਵਿਚ ਲੱਗੇ ਮੋਰਚੇ ਨੇ ਅਕਾਲੀ ਦਲ ਪ੍ਰੇਸ਼ਾਨੀ ਤੇ ਪੰਜਾਬ ਸਰਕਾਰ ਦੀ ਚਿੰਤਾ ਵਧਾਈ ਹੋਈ ਹੈ। ਹੁਣ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਵਲੋਂ ਕੱਟੀ ਗਈ ਜੇਲ੍ਹ ਦਾ ਅਸਲ ਸੱਚ ਸਾਹਮਣੇ ਲਿਆਉਣ ਲਈ ਤੇ ਝੂਠ ਦਾ ਪਰਦਾਫਾਸ਼ ਕਰਨ ਲਈ ਅਜਿਹਾ ਕਦਮ ਚੁੱਕਿਆ ਹੈ ਤਾਂਕਿ ਲੋਕਾਂ ਨੂੰ ਹਕੀਕਤ ਪਤਾ ਲੱਗ ਸਕੇ। ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਇਸਦੀ ਪੁਸ਼ਟੀ ਕੀਤੀ ਹੈ।
ਟਕਸਾਲੀ ਕਹਿਣ ਤਾਂ ਛੱਡ ਦਿਆਂਗਾ ਪ੍ਰਧਾਨਗੀ : ਸੁਖਬੀਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਵਿੱਚ ਚੱਲ ਰਹੇ ਅੰਦਰੂਨੀ ਸੰਕਟ ਦੌਰਾਨ ਪਹਿਲੀ ਵਾਰ ਜਥੇਬੰਦੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਜੇਕਰ ਪਾਰਟੀ ਦੇ ਟਕਸਾਲੀ ਆਗੂ ਉਨ੍ਹਾਂ ਨੂੰ ਕਹਿਣਗੇ ਤਾਂ ਉਹ ਪਾਰਟੀ ਪ੍ਰਧਾਨ ਦਾ ਅਹੁਦਾ ਛੱਡ ਦੇਣਗੇ ਕਿਉਂਕਿ ਉਨ੍ਹਾਂ ਲਈ ਪਾਰਟੀ ਪਹਿਲਾਂ ਹੈ ਅਤੇ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਹਰ ਕੁਰਬਾਨੀ ਦੇਣ ਵਾਸਤੇ ਤਿਆਰ ਹਨ। ਇਹ ਪ੍ਰਗਟਾਵਾ ਉਨ੍ਹਾਂ ਇੱਥੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਦੇ ਘਰ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ। ਇਸ ਦੌਰਾਨ ਨਾਰਾਜ਼ ਹੋਏ ਅਕਾਲੀ ਆਗੂ ਭਾਈ ਮਨਜੀਤ ਸਿੰਘ ਨੇ ਪਾਰਟੀ ਪ੍ਰਤੀ ਗਿਲੇ ਸ਼ਿਕਵੇ ਦੂਰ ਕਰਦਿਆਂ ਮੁੜ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਪਾਰਟੀ ਨਾਲ ਚੱਲਣ ਦਾ ਐਲਾਨ ਕੀਤਾ ਹੈ।ਮੀਡੀਆ ਨਾਲ ਗੱਲਬਾਤ ਦੌਰਾਨ ਪਾਰਟੀ ਵਿੱਚ ਬਣੇ ਸੰਕਟ ਅਤੇ ਟਕਸਾਲੀ ਅਕਾਲੀਆਂ ਵੱਲੋਂ ਪ੍ਰਗਟਾਈ ਜਾ ਰਹੀ ਨਾਰਾਜ਼ਗੀ ਬਾਰੇ ਗੱਲ ਕਰਦਿਆਂ ਉਨ੍ਹਾਂ ਪਹਿਲੀ ਵਾਰ ਖੁੱਲ੍ਹ ਕੇ ਆਖਿਆ ਕਿ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ ਆਦਿ ਪਾਰਟੀ ਦੇ ਸੀਨੀਅਰ ਆਗੂ ਹਨ ਅਤੇ ਉਹ ਇਨ੍ਹਾਂ ਸਾਰਿਆਂ ਦਾ ਹੀ ਦਿਲੋਂ ਸਤਿਕਾਰ ਕਰਦੇ ਹਨ। ਇਨ੍ਹਾਂ ਦਾ ਪਾਰਟੀ ਪ੍ਰਤੀ ਵੱਡਾ ਯੋਗਦਾਨ ਹੈ। ਉਨ੍ਹਾਂ ਆਖਿਆ ਕਿ ਸ੍ਰੀ ਬ੍ਰਹਮਪੁਰਾ ਉਨ੍ਹਾਂ ਦੇ ਪਿਤਾ ਸਮਾਨ ਹਨ।
ਉਨ੍ਹਾਂ ਆਖਿਆ ਕਿ ਉਹ ਪਾਰਟੀ ਦੇ ਪਰਿਵਾਰਕ ਮੈਂਬਰ ਹਨ। ਸ਼੍ਰੋਮਣੀ ਅਕਾਲੀ ਦਲ ਸਭ ਦੀ ਪਾਰਟੀ ਹੈ ਅਤੇ ਇਹ ਇਕ ਪਰਿਵਾਰ ਹੈ। ਇਸ ਵਿੱਚ ਕਿਸੇ ਨੂੰ ਅੱਖੋਂ ਪਰੋਖੇ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਆਖਿਆ ਕਿ ਪਾਰਟੀ ਪ੍ਰਧਾਨ ਵਜੋਂ ਉਨ੍ਹਾਂ ਨੂੰ ਜ਼ਿੰਮੇਵਾਰੀ ਵੀ ਇਨ੍ਹਾਂ ਸਾਰਿਆਂ ਨੇ ਸੌਂਪੀ ਸੀ। ਜੇਕਰ ਹੁਣ ਪਾਰਟੀ ਕਹੇਗੀ ਤਾਂ ਪਾਰਟੀ ਹਿੱਤ ਵਿੱਚ ਉਹ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ।
ਸੁਖਬੀਰ ਅਸਤੀਫ਼ੇ ਨੂੰ ਲੈ ਕੇ ਡਰਾਮਾ ਕਰ ਰਿਹੈ : ਬ੍ਰਹਮਪੁਰਾઠ
ਅੰਮ੍ਰਿਤਸਰ/ਬਿਊਰੋ ਨਿਊਜ਼ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਕਹਿਣ ‘ਤੇ ਅਸਤੀਫ਼ਾ ਦੇਣ ਸਬੰਧੀ ਦਿੱਤੇ ਬਿਆਨ ਨੂੰ ਮਹਿਜ਼ ਇਕ ਡਰਾਮਾ ਦੱਸਦੇ ਹੋਏ ਨਾਰਾਜ਼ ਟਕਸਾਲੀ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਗ਼ਲਤ ਨੀਤੀਆਂ ਕਾਰਨ ਪਾਰਟੀ ਦੀ ਹੋਈ ਕਰਾਰੀ ਹਾਰ ਤੋਂ ਬਾਅਦ ਹੀ ਪਾਰਟੀ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗਿਆ ਜਾ ਰਿਹਾ ਹੈ। ਜੇਕਰ ਉਨ੍ਹਾਂ ਨੇ ਅਸਤੀਫ਼ਾ ਦੇਣਾ ਹੁੰਦਾ ਤਾਂ ਉਸ ਵੇਲੇ ਹੀ ਦੇ ਸਕਦੇ ਸਨ। ਬ੍ਰਹਮਪੁਰਾ ਨੇ ਕਿਹਾ ਕਿ ਸੁਖਬੀਰ ਕੇਵਲ ਗੱਲਾਂ ਹੀ ਕਰਦੇ ਹਨ ਉਹ ਪਾਰਟੀ ਤੋਂ ਅਸਤੀਫ਼ਾ ਨਹੀਂ ਦੇ ਸਕਦੇ, ਕੇਵਲ ਤਾਂ ਕੇਵਲ ਅਸਤੀਫ਼ੇ ਨੂੰ ਲੈ ਕੇ ਡਰਾਮਾ ਹੀ ਕਰ ਰਹੇ ਹਨ। ਉਨ੍ਹਾਂ ਸੁਖਬੀਰ ਵਲੋਂ ਪਾਰਟੀ ਦੇ ਕਹਿਣ ‘ਤੇ ਅਸਤੀਫ਼ਾ ਦੇਣ ਦੀ ਗੱਲ ਦਾ ਜਵਾਬ ਦਿੰਦਿਆਂ ਕਿਹਾ ਕਿ ਸੁਖਬੀਰ ਇਹ ਵੀ ਸਪੱਸ਼ਟ ਕਰਨ ਕਿ ਉਹ ਕਿਸ ਦੇ ਕਹਿਣ ‘ਤੇ ਪਾਰਟੀ ਤੋਂ ਅਸਤੀਫ਼ਾ ਦੇਣਗੇ। ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਚਾਹੁੰਦੀ ਹੈ ਕਿ ਪਾਰਟੀ ਕਿਸੇ ਇਕ ਜਾਂ ਦੋ ਵਿਅਕਤੀ ਦੀ ਹੋ ਕੇ ਨਾ ਰਹੇ। ਪਾਰਟੀ ਦੀ ਡਿੱਗੀ ਸਾਖ਼ ਨੂੰ ਬਹਾਲ ਕਰਨ ਲਈ ਕਿਸੇ ਹੋਰ ਵਿਅਕਤੀ ਦੇ ਹੱਕ ਵਿਚ ਪਾਰਟੀ ਦੀ ਕਮਾਨ ਆਉਣੀ ਚਾਹੀਦੀ ਹੈ ਤਾਂ ਜੋ ਪਹਿਲਾਂ ਹੋਈਆਂ ਗ਼ਲਤੀਆਂ ਨੂੰ ਸੁਧਾਰਿਆ ਜਾ ਸਕੇ। ਭਾਈ ਮਨਜੀਤ ਸਿੰਘ ਦੇ ਸੁਖਬੀਰ ਸਿੰਘ ਬਾਦਲ ਨਾਲ ਤੁਰਨ ਸਬੰਧੀ ਪੁੱਛੇ ਜਾਣ ‘ਤੇ ਬ੍ਰਹਮਪੁਰਾ ਨੇ ਕਿਹਾ ਭਾਈ ਮਨਜੀਤ ਸਿੰਘ ਉਨ੍ਹਾਂ ਦੇ ਨਾਲ ਹਨ, ਉਨ੍ਹਾਂ ਨੇ ਸੇਵਾ ਸਿੰਘ ਸੇਖਵਾਂ, ਡਾ. ਰਤਨ ਸਿੰਘ ਅਜਨਾਲਾ ਦੇ ਨਾਲ ਪਾਰਟੀ ਦੇ ਹਿੱਤ ਲਈ ਅਵਾਜ਼ ਚੁੱਕੀ ਸੀ ਤੇ ਅੱਜ ਵੀ ਉਹ ਆਪਣੇ ਰੁਖ਼ ‘ਤੇ ਕਾਇਮ ਹਨ।
ਬਾਣੀ ਤੇ ਬਾਣੇ ਦਾ ਧਾਰਨੀ ਹੋਵੇ ਅਕਾਲੀ ਦਲ ਦਾ ਪ੍ਰਧਾਨ : ਸੇਖਵਾਂઠ
ਸੇਖਵਾਂ : ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਮੈਂ ਸੁਖਬੀਰ ਦੀ ਸੋਚ ਦਾ ਸਵਾਗਤ ਕਰਦਾ ਹਾਂ, ਕਿਉਂਕਿ ਪਾਰਟੀ ਸਭ ਤੋਂ ਵੱਡੀ ਹੈ ਅਤੇ ਪਾਰਟੀ ਦੀ ਬਿਹਤਰੀ ਲਈ ਪ੍ਰਧਾਨ ਤਾਂ ਕੀ ਹੋਰ ਵੀ ਅਹੁਦੇਦਾਰਾਂ ਨੂੰ ਆਪਣੇ ਅਹੁਦਿਆਂ ਦਾ ਤਿਆਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਅਸਤੀਫ਼ਾ ਦਿੰਦੇ ਹਨ ਤਾਂ ਮੈਂ ਕਿਸੇ ਵਿਸ਼ੇਸ਼ ਵਿਅਕਤੀ ਦਾ ਨਾਂ ਨਹੀਂ ਲੈਦਾ ਪਰ ਅਕਾਲੀ ਦਲ ਦਾ ਪ੍ਰਧਾਨ ਬਾਣੀ ਤੇ ਬਾਣੇ ਦਾ ਧਾਰਨੀ ਹੋਣਾ ਚਾਹੀਦਾ ਹੈ।
ਦਾਸ ਨੇ ਮੁਲਾਕਾਤ ਕਰਕੇ ਪੁੱਛਿਆ ਪਾਸ਼ ਦੀ ਸਿਹਤ ਦਾ ਹਾਲ-ਚਾਲ
ਲੰਬੀ : ਪਾਸ਼ ਅਤੇ ਦਾਸ ਨੇ ਐਤਵਾਰ ਸ਼ਾਮ ਨੂੰ ਕੁਝ ਸਮਾਂ ਇੱਕਠਿਆਂ ਗੁਜ਼ਾਰਿਆ। ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ ਆਪਣੇ ਵੱਡੇ ਭਰਾ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਠੀਕ ਨਾ ਹੋਣ ਕਰਕੇ ਉਨ੍ਹਾਂ ਦਾ ਹਾਲ ਜਾਣਨ ਲਈ ਪਹੁੰਚੇ ਹੋਏ ਸਨ। ਇਸ ਤੋਂ ਪਹਿਲਾਂ ਦੋਵੇਂ ਭਰਾ ਜਨਤਕ ਤੌਰ ‘ਤੇ ਉਨ੍ਹਾਂ ਦੀ ਚਾਚੀ ਹਰਬੰਸ ਕੌਰ ਢਿੱਲੋਂ ਦੀ ਅੰਤਿਮ ਅਰਦਾਸ ਮੌਕੇ ਲੰਘੀ 15 ਜੁਲਾਈ ਨੂੰ ਇਕੱਠੇ ਹੋਏ ਸਨ। ਉਦੋਂ ਵੀ ਉਨ੍ਹਾਂ ਦੀ ਮੁਲਾਕਾਤ ਰਸਮੀ ਦੁਆ-ਸਲਾਮ ਤੱਕ ਸੀਮਤ ਰਹੀ ਸੀ। ਸੂਤਰਾਂ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੁਝ ਦਿਨਾਂ ਤੋਂ ਪਿੱਠ ਦਰਦ ਦੀ ਸ਼ਿਕਾਇਤ ਹੈ। ਗੁਰਦਾਸ ਸਿੰਘ ਬਾਦਲ ਦੇ ਸੂਤਰਾਂ ਅਨੁਸਾਰ ਇਹ ਪਰਿਵਾਰਕ ਮੁਲਾਕਾਤ ਸੀ ਤੇ ਦਾਸ, ਪਾਸ਼ ਦੀ ਸਿਹਤ ਦਾ ਹਾਲ ਪੁੱਛਣ ਗਏ ਸਨ। ਬਾਬਾ ਬੋਹੜ ਦੇ ਸਿਹਤ ਅਮਲੇ ਅਨੁਸਾਰ ਪਿਛਲੇ 15 ਦਿਨਾਂ ਤੋਂ ਸਾਬਕਾ ਮੁੱਖ ਮੰਤਰੀ ਦੀ ਟਰੈੱਡਮਿਲ ‘ਤੇ ਕਸਰਤ ਬੰਦ ਕੀਤੀ ਗਈ ਹੈ ਤੇ ਉਹ ਪੈਦਲ ਆਪਣੀ ਰਿਹਾਇਸ਼ ਅੰਦਰ ਕਰੀਬ 30-35 ਮਿੰਟ ਤੋਰਾ-ਫੇਰਾ ਕਰਦੇ ਹਨ। ਅਕਾਲੀ ਦਲ ਦੇ ਸੰਕਟ ਕਾਰਨ ਪ੍ਰਕਾਸ਼ ਸਿੰਘ ਬਾਦਲ ਮੁੜ ਸਰਗਰਮ ਸਿਆਸਤ ਵਿਚ ਵਿਚਰਨ ਦਾ ਐਲਾਨ ਕਰ ਚੁੱਕੇ ਹਨ। ਦੂਜੇ ਪਾਸੇ ਉਨ੍ਹਾਂ ਤੋਂ ਪੰਜ ਸਾਲ ਛੋਟੇ ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ ਨੇ ਸਰਗਰਮ ਸਿਆਸਤ ਤੋਂ ਪਾਸਾ ਵੱਟਿਆ ਹੋਇਆ ਹੈ।ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਤੇ ਮਨਪ੍ਰੀਤ ਸਿੰਘ ਬਾਦਲ ਵਿਚਲੇ ਸਿਆਸੀ ਕਲੇਸ਼ ਕਰਕੇ ਜ਼ਿੰਦਗੀ ਦੇ ਸਿਖ਼ਰਲੇ ਪੜਾਅ ‘ਤੇ ਦੋਵਾਂ ਭਰਾਵਾਂ ਨੂੰ ਇੱਕ-ਦੂਜੇ ਤੋਂ ਦੂਰ ਹੋਣਾ ਪਿਆ। ਇਸ ਦੇ ਬਾਵਜੂਦ ਗਾਹੇ-ਬਗਾਹੇ ਦੋਵੇਂ ਭਰਾ ਇੱਕ-ਦੂਸਰੇ ਨਾਲ ਮੇਲ-ਮੁਲਾਕਾਤਾਂ ਕਰਕੇ ਆਪਣੇ ਖੂਨ ਦੀਆਂ ਤੰਦਾਂ ਨੂੰ ਤਰੋਤਾਜ਼ਾ ਕਰਦੇ ਰਹੇ ਹਨ, ਜਿਨ੍ਹਾਂ ਮੂਹਰੇ ਦੋਵਾਂ ਸਿਆਸੀ ਕਾਕਿਆਂ ਵਿਚਲਾ ਟਕਰਾਅ ਵੀ ਫੇਲ੍ਹ ਸਾਬਤ ਹੁੰਦਾ ਆਇਆ ਹੈ। ਪਿੱਛੇ ਜਿਹੇ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਤਾਇਆ ਪਰਿਵਾਰ ‘ਤੇ ਸ਼ਬਦੀ ਹਮਲੇ ਕਰ ਕੇ ਸਿਆਸੀ ਅਤੇ ਸਮਾਜਿਕ ਮਾਹੌਲ ਨੂੰ ਭਖਾ ਦਿੱਤਾ ਸੀ। ਦੂਜੇ ਪਾਸਿਓਂ ਉਨ੍ਹਾਂ ਦੇ ਵੱਡੇ ਭਰਾ ਸੁਖਬੀਰ ਸਿੰਘ ਬਾਦਲ ਅਤੇ ਭਰਜਾਈ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਉਨ੍ਹਾਂ ‘ਤੇ ਅਕਸਰ ਸ਼ਬਦੀ ਹਮਲੇ ਕੀਤੇ ਜਾਂਦੇ ਹਨ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …