ਅੰਮ੍ਰਿਤਸਰ/ਬਿਊਰੋ ਨਿਊਜ਼ : ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਮੈਂਬਰਾਂ ਨੇ ਸਰਬਸੰਮਤੀ ਨਾਲ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਦੂਜੀ ਵਾਰ ਪ੍ਰਧਾਨ ਚੁਣ ਲਿਆ। ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ 153 ਮੈਂਬਰਾਂ ਨੇ ਹਿੱਸਾ ਲਿਆ। ਮੰਗਲਵਾਰ ਨੂੰ ਦੁਪਹਿਰ ਇਕ ਵਜੇ ਸ਼ੁਰੂ ਹੋਏ ਜਨਰਲ ਇਜਲਾਸ ਦੀ ਆਰੰਭਤਾ ਸਮੇਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਲਿਆ। ਜਨਰਲ ਹਾਊਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵੀ ਮੌਜੂਦ ਸਨ। ਜਨਰਲ ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਰੰਭ ਕੀਤੀ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਸਮੇਂ ਚਲਾਣਾ ਕਰ ਗਏ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਵਡਾਲਾ, ਬਾਬਾ ਸੁਖਚੈਨ ਸਿੰਘ ਧਰਮਪੁਰਾ ਅਤੇ ਜਥੇਦਾਰ ਲਾਭ ਸਿੰਘ ਦੇਵੀ ਨਗਰ ਸਬੰਧੀ ਸ਼ੋਕ ਮਤੇ ਪੜ੍ਹੇ।
ਇਸ ਉਪਰੰਤ ਪ੍ਰਧਾਨਗੀ ਪਦ ਲਈ ਨਾਂ ਦੀ ਮੰਗ ਕੀਤੀ ਗਈ ਜਿਸ ‘ਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਗੀਰ ਕੌਰ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਨਾਂ ਪੇਸ਼ ਕੀਤਾ। ਪ੍ਰਧਾਨਗੀ ਦੀ ਕਤਾਰ ਵਿਚ ਖੜ੍ਹੇ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਉਨ੍ਹਾਂ ਦੇ ਨਾਂ ਦੀ ਤਾਈਦ ਅਤੇ ਤਾਈਦ ਮਜੀਦ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਕੀਤੀ। ਕੋਈ ਹੋਰ ਨਾਂ ਪੇਸ਼ ਨਾ ਹੋਣ ‘ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਦਾ ਇਕ ਸਾਲ ਲਈ ਮੁੜ ਪ੍ਰਧਾਨ ਚੁਣ ਲਿਆ ਗਿਆ। ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਤੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ ਨੂੰ ਮੁੜ ਉਹੀ ਅਹੁਦੇਦਾਰੀਆਂ ਨਾਲ ਨਿਵਾਜਿਆ ਗਿਆ ਜਦਕਿ ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੋ ਨੂੰ ਚੁਣਿਆ ਗਿਆ।
ਕਿਰਨਜੋਤ ਕੌਰ ਤੋਂ ਮਾਈਕ ਖੋਹਿਆ :ਬੀਬੀ ਕਿਰਨਜੋਤ ਕੌਰ ਨੇ 12ਵੀਂ ਦੀ ਕਿਤਾਬ ਦੇ ਸਿਲੇਬਸ ਸਬੰਧੀ ਡਾ. ਕਿਰਪਾਲ ਸਿੰਘ ਨੂੰ ਕੱਢੇ ਜਾਣ ਦੀ ਗੱਲ ਕੀਤੀ। ਉਨ੍ਹਾਂ ਦੀ ਆਵਾਜ਼ ਨੂੰ ਦੱਬਣ ਲਈ ਮਾਈਕ ਖੋਹ ਕੇ ਬੰਦ ਕਰ ਦਿੱਤਾ ਗਿਆ ਤੇ ਸ੍ਰੀ ਅਨੰਦ ਸਾਹਿਬ ਦਾ ਪਾਠ ਸ਼ੁਰੂ ਕਰ ਦਿੱਤਾ ਗਿਆ ਜਿਸ ਕਾਰਨ ਉਨ੍ਹਾਂ ਵੀ ਹਾਊਸ ਮੈਂਬਰਾਂ ਨੂੰ ਕੋਸਦੇ ਹੋਏ ਗੁੱਸੇ ਨਾਲ ਵਾਕਆਊਟ ਕਰ ਦਿੱਤਾ। ਕਿਰਨਜੋਤ ਕੌਰ ਨੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਮਾਈਕ ਖੋਹਣ ਨੂੰ ਮਰਿਆਦਾ ਦੀ ਉਲੰਘਣਾ ਦੱਸਿਆ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …