ਚੰਡੀਗੜ੍ਹ : ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਅਤੇ ਗੋਲੀ ਕਾਂਡ ਦੀ ਜਾਂਚ ਦੇ ਮੁੱਦੇ ‘ਤੇ ਬਾਦਲ ਪਰਿਵਾਰ ਨੇ ਪੈਂਤੜਾ ਬਦਲ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਤਾਜ਼ਾ ਫੈਸਲੇ ਮੁਤਾਬਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੈਪਟਨ ਸਰਕਾਰ ਵੱਲੋਂ ਏਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਬਰਗਾੜੀ, ਕੋਟਕਪੂਰਾ ਤੇ ਬਹਿਬਲ ਕਲਾਂ ਘਟਨਾਵਾਂ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਮੂਹਰੇ ਪੇਸ਼ ਹੋਣਗੇ। ਇਸ ਦੀ ਪੁਸ਼ਟੀ ਇੱਥੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕੀਤੀ ਹੈ।
ਉਨ੍ਹਾਂ ਕਿਹਾ ਕਿ ਬਾਦਲਾਂ ਵੱਲੋਂ ਐੱਸਆਈਟੀ ਨੂੰ ਪੜਤਾਲ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਪਾਰਟੀ ਦੇ ਇੱਕ ਸੀਨੀਅਰ ਆਗੂ ਦਾ ਕਹਿਣਾ ਹੈ ਕਿ ਕੋਰ ਕਮੇਟੀ ਦੀ ਐਤਵਾਰ ਨੂੰ ਹੋਈ ਮੀਟਿੰਗ ਤੋਂ ਪਹਿਲਾਂ ਹੀ ਪ੍ਰਕਾਸ਼ ਸਿੰਘ ਬਾਦਲ ਦਾ ਮੰਨਣਾ ਸੀ ਕਿ ਐੱਸਆਈਟੀ ਵੱਲੋਂ ਬੁਲਾਇਆ ਜਾਂਦਾ ਹੈ ਤਾਂ ਪੇਸ਼ ਹੋ ਕੇ ਸਥਿਤੀ ਸਪੱਸ਼ਟ ਕੀਤੀ ਜਾਵੇਗੀ ਤਾਂ ਜੋ ਲੋਕਾਂ ਵਿੱਚ ਬਾਦਲ ਪਰਿਵਾਰ ਪ੍ਰਤੀ ਗਲਤ ਸ਼ੰਕੇ ਨਾ ਪੈਦਾ ਹੋਣ।
ਬਾਦਲ ਦਾ ਇਹ ਵੀ ਕਹਿਣਾ ਹੈ ਕਿ ਲੋਕਾਂ ਵਿੱਚ ਇਹ ਪ੍ਰਭਾਵ ਜਾ ਰਿਹਾ ਹੈ ਕਿ ਉਹ ਕੁਝ ਛੁਪਾ ਰਹੇ ਹਨ। ਵਿਧਾਨ ਸਭਾ ਵਿੱਚ 28 ਅਗਸਤ ਨੂੰ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਦੀ ਅਗਵਾਈ ਹੇਠਲੇ ਕਮਿਸ਼ਨ ਦੀਆਂ ਪੜਤਾਲੀਆ ਰਿਪੋਰਟਾਂ ‘ਤੇ ਬਹਿਸ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਇੱਕੋ ਸੁਰ ਵਿਚ ਮਤਾ ਪਾਸ ਕਰਨ ਤੋਂ ਬਾਅਦ ਕੈਪਟਨ ਸਰਕਾਰ ਨੇ ਬੇਅਦਬੀ ਅਤੇ ਗੋਲੀ ਕਾਂਡ ਦੀ ਜਾਂਚ ਅਤੇ ਕਾਨੂੰਨੀ ਕਾਰਵਾਈ ਲਈ ਏਡੀਜੀਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਸਿਟ ਕਾਇਮ ਕੀਤੀ ਸੀ।
ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਾਰੇ ਵਿਧਾਇਕਾਂ ਨੇ 28 ਅਗਸਤ ਨੂੰ ਵਿਧਾਨ ਸਭਾ ਵਿੱਚ ਪੜਤਾਲੀਆ ਕਮਿਸ਼ਨ ਦੀਆਂ ਰਿਪੋਰਟਾਂ ‘ਤੇ ਹੋਈ ਬਹਿਸ ਦਾ ਬਾਈਕਾਟ ਕਰ ਦਿੱਤਾ ਸੀ। ਪਾਰਟੀ ਦੇ ਸੀਨੀਅਰ ਆਗੂਆਂ ਦਾ ਮੰਨਣਾ ਹੈ ਕਿ ਵਿਧਾਨ ਸਭਾ ਵਿੱਚੋਂ ਬਾਈਕਾਟ ਕਰਨ ਦੇ ਮੁੱਦੇ ‘ਤੇ ਅਕਾਲੀ ਨੇਤਾਵਾਂ ਨੂੰ ਪਾਰਟੀ ਅੰਦਰਲੇ ਵਿਰੋਧ ਦਾ ਹੀ ਸਾਹਮਣਾ ਨਹੀਂ ਕਰਨਾ ਪਿਆ ਸਗੋਂ ਇਹ ਅਹਿਸਾਸ ਵੀ ਹੋਇਆ ਕਿ ਬਹਿਸ ਦਾ ਬਾਈਕਾਟ ਕਰਕੇ ਬੱਜਰ ਗਲਤੀ ਕੀਤੀ ਹੈ।
ਬਾਦਲਾਂ ਤੇ ਅਕਸ਼ੈ ਕੁਮਾਰ ਨੂੰ ਸੰਮਨ ਜਾਰੀ ਹੋਣ ਪਿੱਛੇ ਸਰਕਾਰ ਦੀ ਕੋਈ ਭੂਮਿਕਾ ਨਹੀਂ : ਕੈਪਟਨ
ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 2015 ਦੇ ਬੇਅਦਬੀ ਮਾਮਲਿਆਂ ਤੋਂ ਬਾਅਦ ਕੋਟਕਪੂਰਾ ਤੇ ਬਹਿਬਲ ਕਲਾਂ ਵਿਚ ਪੁਲਿਸ ਗੋਲੀਬਾਰੀ ਦੀ ਜਾਂਚ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵਲੋਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਅਦਾਕਾਰ ਅਕਸ਼ੈ ਕੁਮਾਰ ਨੂੰ ਜਾਰੀ ਕੀਤੇ ਗਏ ਸੰਮਨਾਂ ਪਿੱਛੇ ਉਨ੍ਹਾਂ ਦੀ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ।
Check Also
ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ
ਐਡਵੋਕੇਟ ਧਾਮੀ ਨੇ ਕਿਹਾ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ ਬਾਰੇ ਵੀ …