ਅੰਮ੍ਰਿਤਸਰ-ਨਾਂਦੇੜ ਹਵਾਈ ਸੇਵਾ ਸ਼ੁਰੂ ਕਰਨ ਦਾ ਭਰੋਸਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼ਹਿਰੀ ਹਵਾਬਾਜ਼ੀ ਮੰਤਰੀ ਅਸ਼ੋਕ ਗਜਪਤੀ ਰਾਜੂ ਨੇ ਕਿਹਾ ਕਿ ਦੇਸ਼ ਅਤੇ ਪੰਜਾਬ ਦੇ ਬਠਿੰਡਾ ਤੇ ਲੁਧਿਆਣਾ ਸਮੇਤ 32 ਹਵਾਈ ਅੱਡਿਆਂ ਨੂੰ ਮੁੜ ਵਰਤੋਂ ਵਿਚ ਲਿਆਉਣ ਦੀ ਯੋਜਨਾ ਬਣਾਈ ਜਾ ਰਹੀ। ਉਹ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਆਏ ਹੋਏ ਸਨ। ਇਸ ਮੌਕੇ ਉਨ੍ਹਾਂ ਨਾਲ ਐੱਨ. ਸ੍ਰੀਨਿਵਾਸਨ ਰਾਓ ਪ੍ਰਾਈਵੇਟ ਸੈਕਟਰੀ ਸ਼ਹਿਰੀ ਹਵਾਬਾਜ਼ੀ ਮੰਤਰਾਲਾ, ਆਪਾ ਰਾਓ ਓ. ਐਸ. ਡੀ., ਵਾਈ ਵੀ ਅਨੁਰਾਧਾ ਕਮਿਸ਼ਨਰ ਤੇ ਐਗਜ਼ੈਕਟਿਵ ਅਫਸਰ ਮੌਜੂਦ ਸਨ।
ਅਸ਼ੋਕ ਗਜਪਤੀ ਰਾਜੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਗੱਲਬਾਤ ਕਰਦਿਆਂ ਦੱਸਿਆ ਕਿ ਚੰਡੀਗੜ੍ਹ ਹਵਾਈ ਅੱਡੇ ਤੋਂ ਹਾਲ ਦੀ ਘੜੀ ਘਰੇਲੂ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਹਨ, ਸਿੱਧੀਆਂ ਉਡਾਣਾਂ ਸ਼ੁਰੂ ਕਰਨ ਲਈ ਕਾਫੀ ਖਰਚ ਆਉਂਦਾ ਹੈ ਜੋ ਆਰਥਿਕ ਸਮੱਸਿਆ ਕਰਕੇ ਅਜੇ ਸ਼ੁਰੂ ਹੋਣ ਵਿਚ ਸਮਾਂ ਲੱਗ ਸਕਦਾ ਹੈ। ਉਨ੍ਹਾਂ ਕਿਹਾ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਨਾਂਦੇੜ ਲਈ ਸਿੱਧੀ ਉਡਾਣ ਸ਼ੁਰੂ ਕਰਨ ਸਬੰਧੀ ਉਨ੍ਹਾਂ ਨੂੰ ਇਕ ਵਫ਼ਦ ਮਿਲਿਆ ਸੀ। ਇਸ ਸਬੰਧੀ ਏਅਰ ਇੰਡੀਆ ਨਾਲ ਵੀ ਗੱਲਬਾਤ ਚੱਲ ਰਹੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਗੱਲਬਾਤ ਕਰਦਿਆਂ ਏਅਰ ਇੰਡੀਆ ਦੀਆਂ ਉਡਾਣਾਂ ਵਿੱਚ ਸਿੱਖਾਂ ਨੂੰ ਸ੍ਰੀ ਸਾਹਿਬ ਕਰਕੇ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਲਈ ਯਤਨ ਕਰਨ ਕਿਹਾ। ਉਨ੍ਹਾਂ ਚੰਡੀਗੜ੍ਹ ਤੋਂ ਅੰਮ੍ਰਿਤਸਰ ਲਈ ਏਅਰ ਇੰਡੀਆ ਦੀਆਂ ਸਿੱਧੀਆਂ ਉਡਾਨਾਂ ਸ਼ੁਰੂ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਅਸ਼ੋਕ ਗਜਪਤੀ ਰਾਜੂ ਨੇ ਭਰੋਸਾ ਦਵਾਇਆ ਹੈ ਕਿ ਉਹ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਇਨ੍ਹਾਂ ਮਸਲਿਆਂ ਨੂੰ ਹੱਲ ਕਰਵਾਉਣਗੇ। ਇਸ ਮੌਕੇ ਰਾਜੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਤੇ ਪ੍ਰਕਰਮਾ ਕਰਨ ਸਮੇਂ ਹਰਚਰਨ ਸਿੰਘ ਮੁੱਖ ਸਕੱਤਰ ਪਾਸੋਂ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ।
ਉਨ੍ਹਾਂ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਪੰਗਤ ਵਿੱਚ ਬੈਠ ਕੇ ਪ੍ਰਸ਼ਾਦਾ ਵੀ ਛੱਕਿਆ। ਸੂਚਨਾ ਕੇਂਦਰ ਵਿਖੇ ਸ੍ਰੀ ਅਸ਼ੋਕ ਗਜਪਤੀ ਰਾਜੂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਿਰੋਪਾਓ ਤੇ ਕਿਤਾਬਾਂ ਦਾ ਸੈਟ ਦੇ ਕੇ ਸਨਮਾਨਿਤ ਕਰਨ ਸਮੇਂ ਹਰਚਰਨ ਸਿੰਘ ਮੁੱਖ ਸਕੱਤਰ, ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ, ਹਰਜਿੰਦਰ ਸਿੰਘ ਵਧੀਕ ਮੈਨੇਜਰ, ਬੀਬੀ ਦਲਜੀਤ ਕੌਰ ਪੀ ਆਰ ਓ ਤੇ ਸਰਬਜੀਤ ਸਿੰਘ ਸੂਚਨਾ ਅਧਿਕਾਰੀ ਆਦਿ ਹਾਜ਼ਰ ਸਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …