Breaking News
Home / ਭਾਰਤ / ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਸਮਾਗਮਾਂ ਦੀ ਹੋਈ ਸ਼ੁਰੂਆਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਸਮਾਗਮਾਂ ਦੀ ਹੋਈ ਸ਼ੁਰੂਆਤ

ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨੇ ਕੀਤਾ ਉਦਘਾਟਨ
ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੱਕ ਪੂਰਾ ਸਾਲ ਭਰ ਲਈ ਚੱਲਣ ਵਾਲੇ ਸਮਾਗਮਾਂ ਅਤੇ ਵਿਕਾਸ ਪ੍ਰਾਜੈਕਟਾਂ ਦੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਲੰਘੇ ਸ਼ੁੱਕਰਵਾਰ ਨੂੰ ਗੁਰੂ ਸਾਹਿਬ ਦੇ 549ਵੇਂ ਪ੍ਰਕਾਸ਼ ਪੁਰਬ ‘ਤੇ ਰਸਮੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਾਂਝੇ ਤੌਰ ਉੱਤੇ 150 ਕਰੋੜ ਦੀ ਲਾਗਤ ਵਾਲੇ 26 ਪ੍ਰਾਜੈਕਟਾਂ ਦੇ ਨੀਂਹ ਪੱਥਰ ਵੀ ਸਟੇਜ ਤੋਂ ਬਟਨ ਦੱਬ ਕੇ ਰੱਖੇ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਆਪਣੇ ਸੰਬੋਧਨ ਵਿਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਨੂੰ ਫਿਰਕੂ ਲੀਹਾਂ ‘ਤੇ ਵੰਡਣ ਦੀ ਕੀਤੀ ਜਾ ਰਹੀ ਕੋਸ਼ਿਸ਼ ਤੋਂ ਲੋਕ ਸੁਚੇਤ ਰਹਿਣ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਾਲ 2019 ਵਿਚ ਆ ਰਹੇ 550ਵੇਂ ਪ੍ਰਕਾਸ਼ ਪੁਰਬ ਨੂੰ ਜਾਤ, ਰੰਗ, ਨਸਲ ਤੇ ਧਰਮ ਤੋਂ ਉੱਪਰ ਉਠ ਕੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਵਿਚ ਪੂਰੇ ਉਤਸ਼ਾਹ ਤੇ ਚਾਅ ਨਾਲ ਸ਼ਾਮਿਲ ਹੋਣ। ਉਨ੍ਹਾਂ ਕਿਹਾ ਕਿ ਫਿਰਕਾਪ੍ਰਸਤੀ ਤੇ ਨਫਰਤ ਦੀਆਂ ਸੌੜੀਆਂ ਵਲਗਣਾਂ ਤੋਂ ਉੱਪਰ ਉਠ ਕੇ ਅਜਿਹੇ ਸਮਾਗਮ ਮਨਾਉਣੇ ਚਾਹੀਦੇ ਹਨ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਈ ਲਾਂਘੇ ਨੂੰ ਖੋਲ੍ਹੇ ਜਾਣ ਦੇ ਕੇਂਦਰ ਸਰਕਾਰ ਵੱਲੋਂ ਕੀਤੇ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਦੇ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਸੰਤ ਸਮਾਜ ਦੇ ਬਾਬਾ ਸਰਬਜੋਤ ਸਿੰਘ ਬੇਦੀ, ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾ ਸੁਸਾਇਟੀ ਦੇ ਪ੍ਰਧਾਨ ਸੰਤ ਨਿਰਮਲ ਦਾਸ, ਨਿਹੰਗ ਜਥੇਬੰਦੀਆਂ ਵਿਚੋਂ ਬਾਬਾ ਬਲਬੀਰ ਸਿੰਘ ਤੇ ਹੋਰ ਮਹਾਂਪੁਰਸ਼ ਹਾਜ਼ਰ ਸਨ।
ਪ੍ਰਕਾਸ਼ ਪੁਰਬ ਨੂੰ ਕੌਮੀ ਪੱਧਰ ‘ਤੇ ਮਨਾਵਾਂਗੇ: ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਸਾਲ ਭਰ ਮਨਾਉਣ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਪਵਿੱਤਰ ਸਥਾਨਾਂ ਦੇ ਮਾਰਗ ‘ਤੇ ਰੇਲ ਗੱਡੀ ਵੀ ਚਲਾਈ ਜਾਵੇਗੀ। ਮੋਦੀ ਆਕਾਸ਼ਵਾਣੀ ‘ਤੇ ‘ਮਨ ਕੀ ਬਾਤ’ ਰਾਹੀਂ ਸਰੋਤਿਆਂ ਨਾਲ ਰੂ-ਬ-ਰੂ ਹੋ ਰਹੇ ਸਨ। ਪ੍ਰੋਗਰਾਮ ‘ਮਨ ਕੀ ਬਾਤ’ ਦੇ 50 ਐਪੀਸੋਡ ਪੂਰੇ ਹੋਣ ‘ਤੇ ਲੋਕਾਂ ਨੂੰ ਵਧਾਈ ਦਿੱਤੀ। ਮੋਦੀ ਨੇ ਕਿਹਾ ਕਿ 23 ਨਵੰਬਰ ਨੂੰ ਸਾਰਿਆਂ ਨੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਤੇ 2019 ਵਿਚ ਪਹਿਲੇ ਪਾਤਿਸ਼ਾਹ ਦਾ 550ਵਾਂ ਜਨਮ ਦਿਨ ਮਨਾਉਣ ਜਾ ਰਹੇ ਹਾਂ।
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਤੇ ਚਾਂਦੀ ਦੇ ਸਿੱਕੇ ਜਾਰੀ
ਸੁਲਤਾਨਪੁਰ ਲੋਧੀ : ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤ ਨਤਮਸਤਕ ਹੋਈ। ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਰਦਾਨਾ ਹਾਲ ਵਿਚ ਵਿਸ਼ੇਸ਼ ਸਮਾਗਮ ਕੀਤਾ ਗਿਆ। ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਵੀ ਜਾਰੀ ਕੀਤੇ ਗਏ। ਇਹ ਸਿੱਕੇ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਡਾ. ਮਹੇਸ਼ ਸ਼ਰਮਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਰੀ ਕੀਤੇ। ਸੋਨੇ ਦੇ ਸਿੱਕੇ 10 ਗ੍ਰਾਮ ਅਤੇ 5 ਗ੍ਰਾਮ ਵਜ਼ਨ ਦੇ ਬਣਾਏ ਗਏ ਹਨ। ਇਸ ਲਈ 24 ਕੈਰੇਟ ਦਾ ਸੋਨਾ ਵਰਤਿਆ ਗਿਆ ਹੈ। ਇਸੇ ਤਰ੍ਹਾਂ ਚਾਂਦੀ ਦੇ ਸਿੱਕਿਆਂ ਦਾ ਵਜ਼ਨ 50 ਗ੍ਰਾਮ ਅਤੇ 25 ਗ੍ਰਾਮ ਦਾ ਹੈ। ਸਿੱਕਿਆਂ ਦੇ ਇਕ ਪਾਸੇ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਦੂਜੇ ਪਾਸੇ ਗੁਰਦੁਆਰਾ ਬੇਰ ਸਾਹਿਬ ਦੀ ਤਸਵੀਰ ਉਕਰੀ ਹੋਈ ਹੈ। ਇਸੇ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਚ ਸ਼ਰਧਾਲੂਆਂ ਦੀ ਭਾਰੀ ਆਮਦ ਰਹੀ। ਦੇਸ਼-ਵਿਦੇਸ਼ ਤੋਂ ਆਏ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਚ ਨਤਮਸਤਕ ਹੋ ਕੇ ਆਪਣੇ ਪਰਿਵਾਰਾਂ ਦੀ ਸੁਖ-ਸ਼ਾਂਤੀ ਲਈ ਅਰਦਾਸ ਕੀਤੀ।
ਨਨਕਾਣਾ ਸਾਹਿਬ ‘ਚ ਸਜਿਆ ਅਲੌਕਿਕ ਨਗਰ ਕੀਰਤਨ
ਅੰਮ੍ਰਿਤਸਰ : ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਆਰੰਭ ਕੀਤੇ ਜਾਣ ਤੋਂ ਪਹਿਲਾਂ ਲਾਹੌਰ ਤੋਂ ਗੁਰੂ ਘਰ ਦੇ ਸ਼ਰਧਾਲੂ ਸਈਅਦ ਜ਼ਮੀਲ ਅੱਬਾਸ ਸ਼ਾਹ ਵਲੋਂ ਗੁਰਦੁਆਰਾ ਜਨਮ ਅਸਥਾਨ ਤੋਂ ਗੁਰਦੁਆਰਾ ਕਿਆਰਾ ਸਾਹਿਬ ਦੇ ਲਗਭਗ ਡੇਢ ਕਿੱਲੋਮੀਟਰ ਦੇ ਨਗਰ ਕੀਰਤਨ ਦੇ ਰਸਤੇ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਸਵਾਰੀ ਲਈ ਲਾਲ ਗਲੀਚਾ ਵਿਛਾਏ ਗਏ।
ਨਗਰ ਕੀਰਤਨ ਵਿਚ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ਲਈ ਇੰਗਲੈਂਡ ਦੀ ਸੰਗਤ ਵਲੋਂ ਭੇਟ ਕੀਤੀ ਗਈ ਪਾਲਕੀ ਬੱਸ ਨੂੰ ਰੰਗ ਬਿਰੰਗੇ ਖ਼ੂਬਸੂਰਤ ਫੁੱਲਾਂ ਅਤੇ ਹਾਰਾਂ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਖ਼ਾਲਸਾਈ ਸ਼ਾਨੋ-ਸ਼ੌਕਤ ਤੇ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਰਵਾਨਾ ਹੋ ਕੇ ਗੁਰਦੁਆਰਾ ਪੱਟੀ ਸਾਹਿਬ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਪੰਜਵੀਂ-ਛੇਵੀਂ ਪਾਤਸ਼ਾਹੀ ਅਤੇ ਗੁਰਦੁਆਰਾ ਮਾਲ ਜੀ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਕਿਆਰਾ ਸਾਹਿਬ ਵਿਖੇ ਪੁੱਜਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਸੂਬਾ ਸਿੰਧ, ਖ਼ੈਬਰ ਪਖਤੂਨਖਵਾ, ਬਲੋਚਿਸਤਾਨ ਸਹਿਤ ਸੂਬਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਸਮੇਤ ਭਾਰਤ, ਇੰਗਲੈਂਡ, ਅਮਰੀਕਾ, ਕੈਨੇਡਾ, ਜਰਮਨੀ, ਆਸਟ੍ਰੇਲੀਆ, ਇਟਲੀ, ਅਫ਼ਗ਼ਾਨਿਸਤਾਨ ਆਦਿ ਹੋਰਨਾਂ ਮੁਲਕਾਂ ਤੋਂ 25 ਹਜ਼ਾਰ ਦੇ ਕਰੀਬ ਸੰਗਤ ਨੇ ਗੁਰਦੁਆਰਾ ਜਨਮ ਅਸਥਾਨ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਯੂ.ਕੇ.ਤੇ ਕੈਨੇਡਾ ‘ਚ ਗੁਰੂ ਨਾਨਕ ਚੇਅਰ ਦੀ ਸਥਾਪਨਾ ਕੀਤੀ ਜਾ ਰਹੀ ਹੈ : ਰਾਜਪਾਲ
ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਾਨਵਤਾ ਨੂੰ ਸਾਂਝੀਵਾਲਤਾ, ਮਨੁੱਖਤਾ ਦੀ ਭਲਾਈ, ਔਰਤਾਂ ਦੇ ਸਸ਼ਕਤੀਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ 2019 ਦਾ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਤੌਰ ‘ਤੇ ਮਨਾ ਰਹੀ ਹੈ, ਜਿਸ ਵਿਚ ਸਾਨੂੰ ਸਾਰਿਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਰਾਜਪਾਲ ਨੇ ਕਿਹਾ ਕਿ ਇਸ ਵਰ੍ਹੇ ਦੌਰਾਨ ਯੂ. ਕੇ. ਤੇ ਕੈਨੇਡਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਚੇਅਰ ਦੀ ਸਥਾਪਨਾ ਕੀਤੀ ਜਾ ਰਹੀ ਹੈ। ਨੈਸ਼ਨਲ ਬੁੱਕ ਟਰੱਸਟ ਨੂੰ ਗੁਰੂ ਜੀ ਦੇ ਜੀਵਨ ਨਾਲ ਸਬੰਧਿਤ ਪੁਸਤਕਾਂ ਛਾਪਣ ਲਈ ਕਿਹਾ ਗਿਆ ਹੈ। ਵੀਪੀ ਸਿੰਘ ਬਦਨੌਰ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਯੂਨੈਸਕੋ ਨੂੰ ਅਪੀਲ ਕੀਤੀ ਗਈ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਇਤਿਹਾਸ ਨਾਲ ਸਬੰਧਿਤ ਪੁਸਤਕਾਂ ਨੂੰ ਵੱਖ-ਵੱਖ ਭਾਸ਼ਾਵਾਂ ‘ਚ ਛਾਪਿਆ ਜਾਵੇ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …