Breaking News
Home / ਪੰਜਾਬ / ਬਰਗਾੜੀ ‘ਚ ਹੋਇਆ 550ਵੇਂ ਗੁਰਪੁਰਬ ਨਾਲ ਸਬੰਧਤ ਸਮਾਗਮ

ਬਰਗਾੜੀ ‘ਚ ਹੋਇਆ 550ਵੇਂ ਗੁਰਪੁਰਬ ਨਾਲ ਸਬੰਧਤ ਸਮਾਗਮ

ਬੇਅਦਬੀ ਦਾ ਮੁੱਦਾ ਰਿਹਾ ਭਾਰੂ, ਬਾਦਲਾਂ ਦੀ ਕੀਤੀ ਨਿੰਦਾ
ਜੈਤੋ : ਬਰਗਾੜੀ ਵਿੱਚ ਚੱਲ ਰਹੇ ਇਨਸਾਫ਼ ਮੋਰਚੇ ਦੇ 178ਵੇਂ ਦਿਨ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨਾਲ ਸਬੰਧਤ ਸਮਾਗਮ ਹੋਇਆ। ਸਮਾਗਮ ਵਿੱਚ ਪਹੁੰਚੀਆਂ ਧਾਰਮਿਕ ਅਤੇ ਰਾਜਨੀਤਕ ਹਸਤੀਆਂ ਦੀਆਂ ਤਕਰੀਰਾਂ ਵਿੱਚ ਬੇਅਦਬੀ ਦਾ ਮੁੱਦਾ ਭਾਰੂ ਰਿਹਾ। ਪਿਛਲੇ ਦਿਨੀਂ ਬਾਦਲਾਂ ਦੇ ਦਿੱਲੀ ਸਥਿਤ ਨਿਵਾਸ ‘ਤੇ ਹੋਏ ਗੁਰਪੁਰਬ ਸਮਾਗਮ ਨੂੰ ਲੈ ਕੇ ਬਹੁਤੇ ਬੁਲਾਰਿਆਂ ਨੇ ਸਵਾਲ ਵੀ ਉਠਾਏ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਦੇਰ ਸ਼ਾਮ ਨੂੰ ਸਮਾਗਮ ਦੀ ਸਮਾਪਤੀ ਮੌਕੇ ਆਪਣੇ ਸੰਬੋਧਨ ਰਾਹੀਂ ਖ਼ੁਲਾਸਾ ਕੀਤਾ ਕਿ ਸਿੱਖ ਕੌਮ ਨੇ ਕੇਸਰੀ ਝੰਡੇ ਹੇਠਾਂ ਇੱਕ-ਮੁੱਠ ਹੋਣ ਦਾ ਮਾਰਿਆ ਹੰਭਲਾ ਤਸੱਲੀਬਖ਼ਸ਼ ਕਦਮ ਹੈ। ਉਨ੍ਹਾਂ ਖ਼ਲਕਤ ਨੂੰ ਸੁਨੇਹਾ ਦਿੱਤਾ ਕਿ ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਅਤੇ ਸਭਨਾਂ ਨੂੰ ਪਿਆਰ ਕਰਨ ਵਾਲੀ ਕੌਮ ਹੈ। ਇਸ ਲਈ ਸਮੁੱਚੀ ਲੋਕਾਈ ਨੂੰ ਹਰ ਖੇਤਰ ਦੀ ਬਿਹਤਰੀ ਲਈ ਸਿੱਖ ਕੌਮ ਦਾ ਸਹਿਯੋਗ ਕਰਨਾ ਚਾਹੀਦਾ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਫਰਜ਼ੰਦ ਸੁਖਬੀਰ ਸਿੰਘ ਬਾਦਲ ਦਾ ਨਾਂ ਲੈ ਕੇ ਉਨ੍ਹਾਂ ਕਿਹਾ ਕਿ ਉਹ ਬੇਅਦਬੀ ਦੇ ਦੋਸ਼ੀ ਹਨ ਅਤੇ ਉਨ੍ਹਾਂ ਨੂੰ ਸਜ਼ਾ ਭੁਗਤਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਇੱਕ ਦਿਨ ਜ਼ਰੂਰ ਗੋਡੇ ਰਗੜ ਕੇ ਆਉਣਾ ਪਵੇਗਾ। ਭਾਈ ਮੰਡ ਨੇ ਬਾਦਲਾਂ ‘ਤੇ ਅਕਾਲੀ ਦਲ ਨੂੰ ਭਾਜਪਾ ਵਿਚ ‘ਰਲਾਉਣ’ ਦਾ ਇਲਜ਼ਾਮ ਵੀ ਲਾਇਆ। ਗ੍ਰਨੇਡ ਹਮਲੇ ਦੇ ਸਬੰਧ ਵਿਚ ਕੈਪਟਨ ਸਰਕਾਰ ‘ਤੇ ਵਰ੍ਹਦਿਆਂ ਉਨ੍ਹਾਂ ਸਿੱਖ ਨੌਜਵਾਨਾਂ ਨੂੰ ‘ਝੂਠੇ’ ਕੇਸ ਵਿੱਚ ਉਲਝਾਉਣ ਦਾ ਦੋਸ਼ ਲਾਇਆ। ਉਨ੍ਹਾਂ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਪਹਿਲਾਂ ਬਰਗਾੜੀ ਬੇਅਦਬੀ ਕਾਂਡ ਵੇਲੇ ਤਤਕਾਲੀ ਅਕਾਲੀ ਸਰਕਾਰ ਨੇ ਵੀ ਪੰਜਗਰਾਈਂ ਦੇ ਦੋ ਨੌਜਵਾਨ ਭਰਾਵਾਂ ਨੂੰ ਇਸੇ ਤਰ੍ਹਾਂ ਹੀ ਫਸਾਇਆ ਸੀ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਅਮਰੀਕ ਸਿੰਘ ਅਜਨਾਲਾ ਨੇ ਆਪਣਾ ਭਾਸ਼ਣ ਸਿਰਫ਼ ਧਾਰਮਿਕ ਵਿਸ਼ੇ ਤੱਕ ਸੀਮਤ ਰੱਖਦਿਆਂ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਨਾਨਕ ਦੇਵ ਜੀ ਬਾਰੇ ਹੀ ਗੱਲਾਂ ਕੀਤੀਆਂ। ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਿੱਖਾਂ ਦੀ ਅਜ਼ਾਦੀ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਹੱਕ ਵਿਚ ਸੰਗਤਾਂ ਤੋਂ ਨਾਅਰੇ ਲੁਆਏ। ਪਿਛਲੇ ਦਿਨੀਂ ਦਿੱਲੀ ਵਿਖੇ ਬਾਦਲਾਂ ਦੇ ਗ੍ਰਹਿ ਵਿਖੇ ਹੋਏ ਗੁਰਪੁਰਬ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਘਰੇਲੂ ਸਮਾਗਮਾਂ ਵਿੱਚ ਜਾਣਾ ਵੱਡੇ ਆਗੂਆਂ ਨੂੰ ਸ਼ੋਭਾ ਨਹੀਂ ਦਿੰਦਾ ਹੈ। ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਬੀਰਦਵਿੰਦਰ ਸਿੰਘ ਨੇ ਬਾਦਲਾਂ ਦੇ ਘਰ ਜਾਣ ਲਈ ਡਾ. ਮਨਮੋਹਨ ਸਿੰਘ ਤੋਂ ਮੁਆਫ਼ੀ ਦੀ ਮੰਗ ਕੀਤੀ। ਉਨ੍ਹਾਂ ਆਖਿਆ ਕਿ ਵੋਟਾਂ ਅਤੇ ਨੋਟਾਂ ਲਈ ਡੇਰਾ ਮੁਖੀ ਨਾਲ ਯਾਰੀ ਪੁਗਾਉਣ ਵਾਲੇ ਬਾਦਲਾਂ ਨੇ ਸਿੱਖ ਸੰਗਤ ਨੂੰ ਧੋਖਾ ਦੇਣ ਲਈ ਆਪਣੇ ਘਰ ਵਿੱਚ ਗੁਰਪੁਰਬ ਸਮਾਗਮ ਕਰਵਾਇਆ। ਸਮਾਗਮ ਵਿਚ ਯੂਨਾਈਟਿਡ ਅਕਾਲੀ ਦਲ ਦੇ ਭਾਈ ਵੱਸਣ ਸਿੰਘ ਜ਼ਫ਼ਰਵਾਲ, ਭਾਈ ਗੁਰਦੀਪ ਸਿੰਘ ਬਠਿੰਡਾ, ਬਸਪਾ ਦੇ ਲਾਲ ਸਿੰਘ ਸੁਲਹਾਣੀ, ਬਾਬਾ ਸਰਬਜੋਤ ਸਿੰਘ ਬੇਦੀ, ਸੰਤ ਮੱਖਣ ਸਿੰਘ, ਅਸ਼ੋਕ ਚੁੱਘ ਤੋਂ ਇਲਾਵਾ ਨਿਹੰਗ ਜਥੇਬੰਦੀਆਂ, ਸੰਤ ਸਮਾਜ, ਟਕਸਾਲਾਂ, ਸਿੱਖ ਤੇ ਨਾਮਧਾਰੀ ਸੰਪਰਦਾਵਾਂ, ਵੱਖ-ਵੱਖ ਸੰਗਠਨਾਂ ਦੇ ਬਹੁਤ ਸਾਰੇ ਪ੍ਰਤੀਨਿਧਾਂ ਨੇ ਹਾਜ਼ਰੀ ਭਰੀ। ਸਮੁੱਚੇ ਸਮਾਗਮ ਦਾ ਮੰਚ ਸੰਚਾਲਨ ਤਖ਼ਤ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੱਲੋਂ ਕੀਤਾ ਗਿਆ।

ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਅਹਿਮ ਫੈਸਲੇ
ਭਾਈ ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਨੂੰ ਰਾਸ਼ਟਰਪਤੀ ਤੱਕ ਪਹੁੰਚ ਕਰਨ ਦਾ ਆਦੇਸ਼
ਅੰਮ੍ਰਿਤਸਰ/ਬਿਊਰੋ ਨਿਊਜ਼
ਸਿੰਘ ਸਾਹਿਬ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਈ ਵਿਚਾਰਾਂ ਕੀਤੀਆਂ ਗਈਆਂ ਅਤੇ ਸਰਬ ਸੰਮਤੀ ਨਾਲ ਫ਼ੈਸਲੇ ਕੀਤੇ ਗਏ। ਇਕੱਤਰਤਾ ਵਿਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਤਇੰਦਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਹਾਜ਼ਰ ਸਨ। ਚਾਰ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਇਸ ਇਕੱਤਰਤਾ ਉਪਰੰਤ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ, ਜਿਨ੍ਹਾਂ ਦੀ ਰਿਹਾਈ ਸਬੰਧੀ ਪਾਈ ਅਪੀਲ ਨੂੰ ਸੱਤ ਸਾਲ ਲੰਘ ਗਏ, ਜਿਸ ਦੀ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕੌਮੀ ਭਾਵਨਾ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਜਾਂਦਾ ਹੈ ਕਿ ਉਹ ਭਾਰਤ ਦੇ ਰਾਸ਼ਟਰਪਤੀ ਤੱਕ ਉਸਾਰੂ ਪਹੁੰਚ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੁੱਦੇਨਜ਼ਰ ਅਪੀਲ ਦਾ ਫ਼ੈਸਲਾ ਕਰਵਾ ਕੇ ਰਿਹਾਈ ਦੇ ਸੰਭਵ ਯਤਨ ਕਰੇ। ਇਸ ਦੌਰਾਨ ਸਿੰਘ ਸਾਹਿਬ ਨੇ ਪਿਛਲੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ, 1984 ਸਿੱਖ ਨਸਲਕੁਸ਼ੀ ਵਿਚ ਕਤਲ ਕੀਤੇ ਪਰਿਵਾਰਾਂ, ਲੰਬੇ ਅਰਸੇ ਤੋਂ ਕੌਮੀ ਸੰਘਰਸ਼ ਦੌਰਾਨ ਜੇਲ੍ਹਾਂ ਵਿਚ ਬੰਦ ਜਾਂ ਸਜਾਵਾਂ ਭੁਗਤ ਚੁੱਕੇ ਸਿੱਖ ਕੈਦੀਆਂ ਅਤੇ ਧਰਮੀ ਫ਼ੌਜੀਆਂ ਦੇ ਪਰਿਵਾਰਾਂ ਦੀ ਮੌਜੂਦਾ ਹਾਲਤ ਦਾ ਜਾਇਜ਼ਾ ਉੱਚ ਪੱਧਰੀ ਕਮੇਟੀ ਰਾਹੀਂ ਲੈ ਕੇ ਵਿਸਥਾਰ ਸਹਿਤ ਸਮਾਂ ਬੱਧ ਵੇਰਵਾ ਰਿਪੋਰਟ ਤਿਆਰ ਕਰਨ ਦਾ ਵੀ ਆਦੇਸ਼ ਦਿੱਤਾ ਤਾਂ ਜੋ ਇਨ੍ਹਾਂ ਲੋੜਵੰਦਾਂ ਦੀ ਸਹਾਇਤਾ ਕੀਤੀ ਜਾ ਸਕੇ। ਸਿੰਘ ਸਾਹਿਬ ਨੇ ਬਾਬਾ ਜੀਤ ਸਿੰਘ ਨਿਰਮਲ ਕੁਟੀਆ ਜੌਹਲਾਂ ਨੂੰ ਆਦੇਸ਼ ਕੀਤਾ ਕਿ ਬਾਬਾ ਜਸਪਾਲ ਸਿੰਘ ਨਿਰਮਲ ਕੁਟੀਆ ਜੌਹਲਾਂ ਜ਼ਿਲ੍ਹਾ ਜਲੰਧਰ ਵਿਖੇ ਕਾਰਜਸ਼ੀਲ ਰਹਿ ਕੇ ਪਹਿਲਾਂ ਵਾਂਗ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ। ਉਨ੍ਹਾਂ ਨਾਲ ਹੀ ਤਾੜਨਾ ਕੀਤੀ ਕਿ ਜਿਹੜੀ ਧਿਰ ਇਸ ਆਦੇਸ਼ ਨੂੰ ਅਪ੍ਰਵਾਨ ਕਰੇਗੀ ਉਸ ਉੱਪਰ ਮਰਿਆਦਾ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਸਿੰਘ ਸਾਹਿਬ ਨੇ ਨਨਕਾਣਾ ਸਾਹਿਬ ਦੀ ਧਰਤੀ ‘ਤੇ ਕੁਝ ਲੋਕਾਂ ਵਲੋਂ ਛੇਵਾਂ ਤਖ਼ਤ ਬਣਾਉਣ ਸਬੰਧੀ ਉਠਾਏ ਮੁੱਦੇ ਨੂੰ ਗੁਰੂ ਸਾਹਿਬ ਵਲੋਂ ਸਥਾਪਿਤ ਪੰਚ ਪ੍ਰਧਾਨ ਪ੍ਰੰਪਰਾ ਦੇ ਵਿਰੁੱਧ ਦੱਸਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਗੁ: ਗਿਆਨ ਗੋਦੜੀ, ਗੁ: ਡਾਂਗ ਮਾਰਨ ਅਤੇ ਗੁ: ਜਗਤਨਾਥ ਦੀ ਮੁੜ ਸਥਾਪਨਾ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਦਾ ਆਦੇਸ਼ ਦਿੱਤਾ। ਇਸ ਤੋਂ ਪਹਿਲਾਂ ਪੰਜ ਸਿੰਘ ਸਾਹਿਬਾਨ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਵੀ ਕੀਤੀ ਗਈ।

Check Also

ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਚ ਕਾਰਪੋਰੇਟ ਅਦਾਰਿਆਂ ਖਿਲਾਫ ਲਗਾਤਾਰ ਧਰਨੇ ਜਾਰੀ

8 ਮਾਰਚ ਨੂੰ ਮਹਿਲਾ ਦਿਵਸ ਮੌਕੇ ਬੀਬੀਆਂ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਪਹੁੰਚਣ ਦਾ ਸੱਦਾ …