Breaking News
Home / ਪੰਜਾਬ / 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਤੇ ਚਾਂਦੀ ਦੇ ਸਿੱਕੇ ਜਾਰੀ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਤੇ ਚਾਂਦੀ ਦੇ ਸਿੱਕੇ ਜਾਰੀ

ਸੁਲਤਾਨਪੁਰ ਲੋਧੀ : ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤ ਨਤਮਸਤਕ ਹੋਈ। ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਰਦਾਨਾ ਹਾਲ ਵਿਚ ਵਿਸ਼ੇਸ਼ ਸਮਾਗਮ ਕੀਤਾ ਗਿਆ। ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਵੀ ਜਾਰੀ ਕੀਤੇ ਗਏ। ਇਹ ਸਿੱਕੇ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਡਾ. ਮਹੇਸ਼ ਸ਼ਰਮਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਰੀ ਕੀਤੇ। ਸੋਨੇ ਦੇ ਸਿੱਕੇ 10 ਗ੍ਰਾਮ ਅਤੇ 5 ਗ੍ਰਾਮ ਵਜ਼ਨ ਦੇ ਬਣਾਏ ਗਏ ਹਨ। ਇਸ ਲਈ 24 ਕੈਰੇਟ ਦਾ ਸੋਨਾ ਵਰਤਿਆ ਗਿਆ ਹੈ। ਇਸੇ ਤਰ੍ਹਾਂ ਚਾਂਦੀ ਦੇ ਸਿੱਕਿਆਂ ਦਾ ਵਜ਼ਨ 50 ਗ੍ਰਾਮ ਅਤੇ 25 ਗ੍ਰਾਮ ਦਾ ਹੈ। ਸਿੱਕਿਆਂ ਦੇ ਇਕ ਪਾਸੇ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਦੂਜੇ ਪਾਸੇ ਗੁਰਦੁਆਰਾ ਬੇਰ ਸਾਹਿਬ ਦੀ ਤਸਵੀਰ ਉਕਰੀ ਹੋਈ ਹੈ। ਇਸੇ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਚ ਸ਼ਰਧਾਲੂਆਂ ਦੀ ਭਾਰੀ ਆਮਦ ਰਹੀ। ਦੇਸ਼-ਵਿਦੇਸ਼ ਤੋਂ ਆਏ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਚ ਨਤਮਸਤਕ ਹੋ ਕੇ ਆਪਣੇ ਪਰਿਵਾਰਾਂ ਦੀ ਸੁਖ-ਸ਼ਾਂਤੀ ਲਈ ਅਰਦਾਸ ਕੀਤੀ।

Check Also

ਪਟਿਆਲਾ ਕਾਂਗਰਸ ਦੀ ਬਗਾਵਤ ਹਾਈਕਮਾਨ ਤੱਕ ਪਹੁੰਚੀ

ਨਰਾਜ਼ ਆਗੂਆਂ ਨੇ ਰਾਹੁਲ ਨਾਲ ਫੋਨ ’ਤੇ ਕੀਤੀ ਗੱਲਬਾਤ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਕਾਂਗਰਸ ਵਿਚ ਟਿਕਟ …