Breaking News
Home / ਪੰਜਾਬ / ਕੈਪਟਨ ਅਮਰਿੰਦਰ ਸਿੰਘ ਦੇ ਨਾਮ ‘ਤੇ ਪੰਜਾਬ ‘ਚ ਸਿਆਸਤ ਜ਼ੋਰਾਂ ‘ਤੇ

ਕੈਪਟਨ ਅਮਰਿੰਦਰ ਸਿੰਘ ਦੇ ਨਾਮ ‘ਤੇ ਪੰਜਾਬ ‘ਚ ਸਿਆਸਤ ਜ਼ੋਰਾਂ ‘ਤੇ

ਲੁਧਿਆਣਾ ਵਿਚ ‘ਸਾਡਾ ਕੈਪਟਨ, ਸਾਡਾ ਕੈਪਟਨ’ ਦੇ ਲੱਗੇ ਪੋਸਟਰ
ਲੁਧਿਆਣਾ/ਬਿਊਰੋ ਨਿਊਜ਼ : ਨਵਜੋਤ ਸਿੰਘ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਸਿੰਘ ਬਾਰੇ ਦਿੱਤੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਦੇ ਨਾਂ ‘ਤੇ ਸਿਆਸਤ ਸ਼ੁਰੂ ਹੋ ਗਈ ਹੈ। ਸੂਬੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਮੰਤਰੀ, ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿਚ ਨਿੱਤਰ ਆਏ ਹਨ। ਲੁਧਿਆਣਾ ਦੇ ਕੈਬਨਿਟ ਮੰਤਰੀ, ਲੋਕ ਸਭਾ ਮੈਂਬਰ ਤੇ ਚਾਰ ਵਿਧਾਇਕਾਂ ਵੱਲੋਂ ‘ਪੰਜਾਬ ਦਾ ਕੈਪਟਨ, ਸਾਡਾ ਕੈਪਟਨ’ ਦੇ ਪੋਸਟਰ ਲਾਏ ਗਏ ਹਨ। ਸ਼ਹਿਰ ਵਿਚ 50 ਤੋਂ ਵੱਧ ਥਾਵਾਂ ‘ਤੇ ਇਹ ਪੋਸਟਰ ਲਾਏ ਗਏ ਹਨ, ਜਿਨ੍ਹਾਂ ਰਾਹੀਂ ਇਹ ਦੱਸਣ ਦਾ ਯਤਨ ਕੀਤਾ ਗਿਆ ਹੈ ਕਿ ਉਨ੍ਹਾਂ ਦਾ ਕਪਤਾਨ, ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਹੈ।
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਬਿਆਨ ਤੋਂ ਬਾਅਦ ਕਾਂਗਰਸੀ ਆਗੂ ਸਿੱਧੂ ਖ਼ਿਲਾਫ਼ ਬਿਆਨਬਾਜ਼ੀ ਤਾਂ ਕਰ ਹੀ ਰਹੇ ਹਨ, ਪਰ ਇਸ ਦੇ ਨਾਲ ਹੀ ਹੁਣ ਸਨਅਤੀ ਸ਼ਹਿਰ ਦੇ ਆਗੂ ਖੁੱਲ੍ਹ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿਚ ਆ ਗਏ ਹਨ। ਇੱਥੋਂ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਵਿਧਾਇਕ ਰਾਕੇਸ਼ ਪਾਂਡੇ, ਵਿਧਾਇਕ ਸੁਰਿੰਦਰ ਡਾਬਰ, ਵਿਧਾਇਕ ਸੰਜੈ ਤਲਵਾੜ ਤੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਸ਼ਹਿਰ ਵਿਚ ਪੋਸਟਰ ਲਵਾਏ ਹਨ, ਜਿਨ੍ਹਾਂ ਵਿਚ ਸਾਫ਼ ਸਾਫ਼ ਲਿਖਿਆ ਹੈ ਕਿ ਉਨ੍ਹਾਂ ਦਾ ਕੈਪਟਨ, ਪੰਜਾਬ ਦਾ ਕੈਪਟਨ ਹੀ ਹੈ। ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਇਕ ਬਿਆਨ ਰਾਹੀਂ ਕਿਹਾ ਸੀ, ”ਮੇਰਾ ਕੈਪਟਨ ਤਾਂ ਰਾਹੁਲ ਗਾਂਧੀ ਹੈ।” ਇਸ ਤੋਂ ਬਾਅਦ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਵੀ ਅਜਿਹਾ ਬਿਆਨ ਹੀ ਦਿੱਤਾ ਸੀ, ਜਿਸ ਮਗਰੋਂ ਕਾਂਗਰਸੀ ਭਖ਼ ਗਏ ਤੇ ਕਈ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੇ ਅਸਤੀਫ਼ੇ ਦੀ ਮੰਗ ਕਰਨ ਲੱਗੇ। ਕਾਂਗਰਸੀ, ਇਸ ਗੱਲੋਂ ਪ੍ਰੇਸ਼ਾਨ ਹੋ ਗਏ ਕਿ ਸਿੱਧੂ ਆਪਣੇ ਹੀ ਮੁੱਖ ਮੰਤਰੀ ਖ਼ਿਲਾਫ਼ ਕਿਵੇਂ ਬਿਆਨਬਾਜ਼ੀ ਕਰ ਰਹੇ ਹਨ ਤੇ ਇਸ ਦਾ ਅਸਰ ਆਉਣ ਵਾਲੀਆਂ ਚੋਣਾਂ ‘ਤੇ ਪਵੇਗਾ। ਨਵਜੋਤ ਸਿੰਘ ਸਿੱਧੂ ਦੀ ਬਿਆਨਬਾਜ਼ੀ ਤੋਂ ਬਾਅਦ ਹੁਣ ਸਨਅਤੀ ਸ਼ਹਿਰ ਦੇ ਕਾਂਗਰਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੱਕ ਵਿਚ ਮੁਹਿੰਮ ਵਿੱਢੀ ਹੈ। ਇਸ ਸਬੰਧੀ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿਚ ਮੁਹਿੰਮ ਵਿੱਢੀ ਹੈ, ਜਿਸ ਰਾਹੀਂ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਪੰਜਾਬ ਦਾ ਕੈਪਟਨ ਹੀ ਉਨ੍ਹਾਂ ਦਾ ਕੈਪਟਨ ਹੈ।
ਸਿੱਧੂ ਵਿਰੁੱਧ ਮੁਹਿੰਮ ਮੱਠੀ ਪੈਣ ਲੱਗੀ
ਜਲੰਧਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਵਜੋਤ ਸਿੰਘ ਸਿੱਧੂ ਵੱਲੋਂ ਕੈਪਟਨ ਨਾ ਮੰਨਣ ਦੇ ਮਾਮਲੇ ਨੇ ਭਾਵੇਂ ਤੂਲ ਫੜਿਆ ਹੋਇਆ ਹੈ ਤੇ ਹਰ ਸ਼ਹਿਰ ਵਿਚ ਕਾਂਗਰਸੀ ਵਿਧਾਇਕ ਹੋਰਡਿੰਗ ਬੋਰਡ ਅਤੇ ਸੋਸ਼ਲ ਮੀਡੀਆ ‘ਤੇ ‘ਪੰਜਾਬ ਦਾ ਕੈਪਟਨ-ਸਾਡਾ ਕੈਪਟਨ’ ਲਿਖ ਰਹੇ ਹਨ ਪਰ ਕਾਂਗਰਸ ਹਾਈ ਕਮਾਂਡ ਨੇ ਸਿੱਧੂ ਵਿਰੁੱਧ ਚਲਾਈ ਗਈ ਮੁਹਿੰਮ ਦਾ ਕੋਈ ਨੋਟਿਸ ਨਹੀਂ ਲਿਆ। ਸਿਆਸੀ ਸਮਝ ਰੱਖਣ ਵਾਲੇ ਮਾਹਿਰਾਂ ਦਾ ਮੰਨਣਾ ਹੈ ਕਿ ਨਵਜੋਤ ਸਿੰਘ ਸਿੱਧੂ ਵੱਖ-ਵੱਖ ਸੂਬਿਆਂ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦਾ ਸਟਾਰ ਪ੍ਰਚਾਰਕ ਹੈ। ਕਾਂਗਰਸ ਦੀ ਚੋਣ ਮੁਹਿੰਮ ਦੌਰਾਨ ਸਭ ਤੋਂ ਵੱਧ ਭੀੜ ਸਿੱਧੂ ਦੀਆਂ ਰੈਲੀਆਂ ਵਿਚ ਹੋ ਰਹੀ ਹੈ ਤੇ ਮੋਦੀ ਵਿਰੁੱਧ ਕੀਤੇ ਜਾ ਰਹੇ ਪ੍ਰਚਾਰ ਨਾਲ ਭਾਜਪਾ ਨੂੰ ਵੀ ਵਖਤ ਪਿਆ ਹੋਇਆ ਹੈ। ਅਜਿਹੇ ਮਾਹੌਲ ਵਿਚ ਕਾਂਗਰਸ ਦੇ ਹੀ ਇਕ ਧੜੇ ਵੱਲੋਂ ਸਿੱਧੂ ਵਿਰੁੱਧ ਕੀਤੇ ਜਾ ਰਹੇ ਕੂੜ ਪ੍ਰਚਾਰ ਨੂੰ ਹਾਈ ਕਮਾਂਡ ਨੇ ਗੰਭੀਰਤਾ ਨਾਲ ਨਹੀਂ ਲਿਆ। ਇਸੇ ਕਰਕੇ ਸਿੱਧੂ ਵਿਰੁੱਧ ਚਲਾਈ ਜਾ ਰਹੀ ਜਥੇਬੰਦਕ ਮੁਹਿੰਮ ਠੰਢੀ ਪੈਣੀ ਸ਼ੁਰੂ ਹੋ ਗਈ ਹੈ। ਜਲੰਧਰ ਛਾਉਣੀ ਦੇ ਵਿਧਾਇਕ ਤੇ ਨਵਜੋਤ ਸਿੰਘ ਸਿੱਧੂ ਦੇ ਖ਼ਾਸ ਪਰਗਟ ਸਿੰਘ ਨੂੰ ਛੱਡ ਕੇ ਬਾਕੀ ਤਿੰਨ ਵਿਧਾਇਕਾਂ ਨੇ ਆਪਣੀ ਹਾਜ਼ਰੀ ਕੈਪਟਨ ਧੜੇ ਵਿਚ ਲਵਾਈ ਹੈ। ਕਾਂਗਰਸੀ ਵਿਧਾਇਕ ਬਾਵਾ ਹੈਨਰੀ ਨੇ ਸ਼ਹਿਰ ਵਿਚ ਵੱਡੇ-ਵੱਡੇ ਹੋਰਡਿੰਗ ਬੋਰਡ ਲਾਏ ਹੋਏ ਹਨ, ਜਿਸ ਉੱਪਰ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀਆਂ ਤਸਵੀਰਾਂ ਹਨ। ਸਾਬਕਾ ਮੰਤਰੀ ਅਵਤਾਰ ਹੈਨਰੀ ਦੀ ਤਸਵੀਰ ਵੀ ਲੱਗੀ ਹੋਈ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …