Breaking News
Home / ਭਾਰਤ / 84 ਸਿੱਖ ਕਤਲੇਆਮ ਸਬੰਧੀ ਹਾਈਕੋਰਟ ਦਾ ਵੱਡਾ ਫੈਸਲਾ

84 ਸਿੱਖ ਕਤਲੇਆਮ ਸਬੰਧੀ ਹਾਈਕੋਰਟ ਦਾ ਵੱਡਾ ਫੈਸਲਾ

ਸੱਜਣ ਕੁਮਾਰ ਨੂੰ ਹੋਈ ਉਮਰ ਕੈਦ ਦੀ ਸਜ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼
1984 ਸਿੱਖ ਕਤਲੇਆਮ ਨਾਲ ਸਬੰਧਿਤ ਇੱਕ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਧਿਆਨ ਰਹੇ ਕਿ 30 ਅਪ੍ਰੈਲ 2013 ਨੂੰ ਜੱਜ ਜੇ. ਆਰ. ਆਇਰਨ ਨੇ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ। ਇਸ ਫ਼ੈਸਲੇ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ ਅਤੇ ਹਾਈਕੋਰਟ ਨੇ 27 ਅਕਤੂਬਰ, 2018 ਨੂੰ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਹੇਠਲੀ ਅਦਾਲਤ ਦਾ ਫ਼ੈਸਲਾ ਪਲਟਦੇ ਹੋਏ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਦਾਲਤ ਨੇ ਚਾਰ ਹੋਰ ਦੋਸ਼ੀਆਂ ਨੂੰ 10-10 ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਸੱਜਣ ਕੁਮਾਰ ਨੂੰ 31 ਦਸੰਬਰ ਤੱਕ ਆਤਮ ਸਮਰਪਣ ਕਰਨ ਲਈ ਕਿਹਾ ਹੈ। ਦੱਸਣਯੋਗ ਹੈ ਕਿ 1984 ਦੌਰਾਨ ਦਿੱਲੀ ਦੇ ਰਾਜ ਨਗਰ ਇਲਾਕੇ ਵਿਚ ਜਗਦੀਸ਼ ਕੌਰ ਦੇ ਪਤੀ ਅਤੇ ਪੁੱਤਰ ਤੋਂ ਇਲਾਵਾ ਜਗਸ਼ੇਰ ਸਿੰਘ ਦੇ 3 ਭਰਾਵਾਂ ਦਾ ਕਤਲ ਕੀਤਾ ਗਿਆ ਸੀ। ਸੱਜਣ ਕੁਮਾਰ ਉਤੇ ਦੋਸ਼ ਹੈ ਕਿ ਉਹ ਵੀ ਇਸ ਹਿੰਸਕ ਭੀੜ ਵਿਚ ਸ਼ਾਮਿਲ ਸੀ। ਸੱਜਣ ਕੁਮਾਰ ਨੂੰ ਹੋਈ ਉਮਰ ਕੈਦ ਦੀ ਸਜ਼ਾ ਬਾਰੇ ਬੋਲਦਿਆਂ ਇਸ ਕੇਸ ਦੇ ਵਕੀਲ ਐਚ ਐਸ ਫੂਲਕਾ ਨੇ ਕਿਹਾ ਕਿ ਸੱਜਣ ਕੁਮਾਰ ਦੀ ਸਜ਼ਾ ਉਨ੍ਹਾਂ ਦੀ ਜ਼ਿੰਦਗੀ ਦੇ 34 ਸਾਲਾਂ ਦੇ ਸੰਘਰਸ਼ ਦਾ ਨਤੀਜਾ ਹੈ ਅਤੇ ਉਨ੍ਹਾਂ ਲਈ ਵੱਡਾ ਦਿਨ ਹੈ।
ਜ਼ਿਕਰਯੋਗ ਹੈ ਕਿ 31 ਅਕਤੂਬਰ 1984 ਨੂੰ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ 1 ਤੋਂ 4 ਨਵੰਬਰ ਤੱਕ ਸਿੱਖਾਂ ਵਿਰੁੱਧ ਕਤਲੇਆਮ ਹੋਇਆ ਸੀ, ਜਿਸ ਵਿਚ ਕਰੀਬ 3 ਹਜ਼ਾਰ ਤੋਂ ਵੱਧ ਸਿੱਖਾਂ ਨੂੰ ਮਾਰ ਦਿੱਤਾ ਗਿਆ ਸੀ।

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …