Breaking News
Home / ਭਾਰਤ / ਤਿੰਨ ਰਾਜਾਂ ‘ਚ ਬਣੀ ਕਾਂਗਰਸ ਪਾਰਟੀ ਦੀ ਸਰਕਾਰ

ਤਿੰਨ ਰਾਜਾਂ ‘ਚ ਬਣੀ ਕਾਂਗਰਸ ਪਾਰਟੀ ਦੀ ਸਰਕਾਰ

ਗਹਿਲੋਤ ਨੇ ਰਾਜਸਥਾਨ, ਕਮਲ ਨਾਥ ਨੇ ਮੱਧ ਪ੍ਰਦੇਸ਼ ਤੇ ਬਘੇਲ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸੀਨੀਅਰ ਕਾਂਗਰਸੀ ਆਗੂ ਅਸ਼ੋਕ ਗਹਿਲੋਤ ਨੇ ਸੋਮਵਾਰ ਨੂੰ ਰਾਜਸਥਾਨ ਦੇ ਮੁੱਖ ਮਤਰੀ ਵਜੋਂ ਜਦਕਿ ਰਾਜਸਥਾਨ ਕਾਂਗਰਸ ਦੇ ਪ੍ਰਧਾਨ ਸਚਿਨ ਪਾਇਲਟ ਨੇ ਸੂਬੇ ਦੇ ਉੱਪ ਮੁੱਖ ਮੰਤਰੀ ਵਜੋਂ ਹਲਫ਼ ਲੈ ਲਿਆ ਹੈ। ਇਸੇ ਤਰ੍ਹਾਂ ਕਾਂਗਰਸੀ ਆਗੂ ਕਮਲ ਨਾਥ ਨੇ ਮੱਧ ਪ੍ਰਦੇਸ਼, ਕਾਂਗਰਸ ਆਗੂ ਭੁਪੇਸ਼ ਬਘੇਲ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਰਾਜਪਾਲ ਕਲਿਆਣਾ ਸਿੰਘ ਨੇ ਇਤਿਹਾਸਕ ਅਲਬਰਟ ਹਾਲ ਵਿਚ ਗਹਿਲੋਤ ਦੇ ਦਫ਼ਤਰ ਵਿਚ ਗਹਿਲੋਤ ਤੇ ਪਾਇਲਟ ਨੂੰ ਸਹੁੰ ਚੁਕਵਾਈ। ਪਾਇਲਟ ਨੇ ਬਤੌਰ ਮੰਤਰੀ ਤੇ ਸੂਬੇ ਦੇ ਉੱਪ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਇਸ ਮੌਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਰਾਜਸਥਾਨ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਂਭੇ ਹੋ ਰਹੀ ਵਸੁੰਧਰਾ ਰਾਜੇ ਤੋਂ ਇਲਾਵਾ ਐੱਨਸੀਪੀ ਮੁਖੀ ਸ਼ਰਦ ਪਵਾਰ, ਟੀਡੀਪੀ ਸੁਪਰੀਮੋ ਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ, ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲ੍ਹਾ ਤੇ ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਵੀ ਸਮਾਗਮ ਵਿਚ ਹਾਜ਼ਰ ਸਨ। ਗਹਿਲੋਤ ਦੇਸ਼ ਦੇ ਚੌਥੇ ਆਗੂ ਬਣ ਗਏ ਹਨ ਜੋ ਕਿਸੇ ਸੂਬੇ ਦੇ ਤੀਜੀ ਵਾਰ ਮੁੱਖ ਮੰਤਰੀ ਬਣੇ ਹੋਣ। ਪਾਇਲਟ ਨੇ ਇਸ ਮੌਕੇ ਕਾਂਗਰਸ ਦੀ ਜਿੱਤ ਦੇ ਚਿੰਨ੍ਹ ਵਜੋਂ ਰਵਾਇਤੀ ਪਗੜੀ ਬੰਨ੍ਹੀ ਹੋਈ ਸੀ।
ਕਾਂਗਰਸ ਆਗੂ ਕਮਲ ਨਾਥ ਨੇ ਵੀ ਸੋਮਵਾਰ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਗਵਰਨਰ ਆਨੰਦੀਬੇਨ ਪਟੇਲ ਨੇ ਕਮਲ ਨਾਥ ਨੂੰ ਅਹੁਦੇ ਦੀ ਸਹੁੰ ਚੁਕਵਾਈ। ਉਨ੍ਹਾਂ ਨਾਲ ਕਿਸੇ ਵੀ ਹੋਰ ਮੰਤਰੀ ਨੇ ਸਹੁੰ ਨਹੀਂ ਚੁੱਕੀ। ਕਮਲ ਨਾਥ ਦੇ ਹਲਫਦਾਰੀ ਸਮਾਗਮ ਵਿੱਚ ਮੱਧ ਪ੍ਰਦੇਸ਼ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਯੋਤਿਰਦਿੱਤਿਆ ਸਿੰਧੀਆ, ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲ੍ਹਾ, ਲੋਕਤੰਤਰਿਕ ਜਨਤਾ ਦਲ ਦੇ ਆਗੂ ਸ਼ਰਦ ਯਾਦਵ, ਐਨਸੀਪੀ ਮੁਖੀ ਸ਼ਰਦ ਪਵਾਰ, ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵੇਗੌੜਾ, ਕਰਨਾਟਕ ਦੇ ਮੁੱਖ ਮੰਤਰੀ ਐੱਚਡੀ ਕੁਮਾਰਾਸਵਾਮੀ, ਡੀਐੱਮਕੇ ਆਗੂ ਐੱਮਕੇ ਸਟਾਲਿਨ ਵੀ ਸਮਾਗਮ ਵਿੱਚ ਹਾਜ਼ਰ ਸਨ। ਕਾਂਗਰਸ ਨੂੰ ਹਮਾਇਤ ਦੇਣ ਵਾਲੇ ਬਸਪਾ ਸੁਪਰੀਮੋ ਮਾਇਆਵਤੀ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਇਸ ਸਮਾਗਮ ਵਿੱਚ ਗ਼ੈਰ-ਹਾਜ਼ਰ ਰਹੇ। ਭਾਰਤੀ ਜਨਤਾ ਪਾਰਟੀ ਦੇ ਤਿੰਨ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਕੈਲਾਸ਼ ਜੋਸ਼ੀ ਤੇ ਬਾਬੂਲਾਲ ਗੌੜ ਵੀ ਸਟੇਜ ਉੱਤੇ ਮੌਜੂਦ ਸਨ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ ਨਾਥ ਨੇ ਸਿੰਧੀਆ ਨਾਲ ਮਿਲ ਕੇ ਸੂਬੇ ਵਿੱਚ ਕਾਂਗਰਸ ਦੀ ਜਿੱਤ ਲਈ ਪ੍ਰਚਾਰ ਮੁਹਿੰਮ ਸੰਭਾਲੀ ਸੀ। ਇਨ੍ਹਾਂ ਚੋਣਾਂ ਵਿੱਚ ਕਾਂਗਰਸ ਨੇ 230 ਵਿੱਚੋਂ 114 ਸੀਟਾਂ ਉੱਤੇ ਜਿੱਤ ਹਾਸਲ ਕੀਤੀ। ਕਾਂਗਰਸ ਨੂੰ ਇਸ ਸਮੇਂ 121 ਵਿਧਾਇਕਾਂ ਦੀ ਹਮਾਇਤ ਹਾਸਲ ਹੈ, ਜਿਨ੍ਹਾਂ ਵਿੱਚ ਸਮਾਜਵਾਦੀ ਪਾਰਟੀ ਦਾ ਇੱਕ, ਬਸਪਾ ਦੇ ਦੋ ਅਤੇ ਚਾਰ ਅਜ਼ਾਦ ਵਿਧਾਇਕ ਸ਼ਾਮਲ ਹਨ। ਭਾਜਪਾ ਨੇ 109 ਸੀਟਾਂ ਉੱਤੇ ਜਿੱਤ ਹਾਸਲ ਕੀਤੀ ਹੈ। ਕਾਂਗਰਸੀ ਆਗੂ ਭੁਪੇਸ਼ ਬਘੇਲ ਨੇ ਵੀ ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨਾਲ ਵਿਧਾਇਕ ਟੀ.ਐੱਸ. ਸਿੰਘ ਦਿਓ ਤੇ ਤਾਮਰਧਵਜ ਸਾਹੂ ਨੇ ਮੰਤਰੀਆਂ ਵਜੋਂ ਹਲਫ਼ ਲਿਆ।
ਗਵਰਨਰ ਆਨੰਦੀਬੇਨ ਪਟੇਲ ਨੇ ਬਲਬੀਰ ਜੁਨੇਜਾ ਇਨਡੋਰ ਸਟੇਡੀਅਮ ਵਿੱਚ ਕਰਵਾਏ ਗਏ ਸਮਾਗਮ ਦੌਰਾਨ 57 ਸਾਲਾ ਬਘੇਲ ਨੂੰ ਅਹੁਦੇ ਦੀ ਮਰਿਆਦਾ ਬਣਾਈ ਰੱਖਣ ਦੀ ਸਹੁੰ ਚੁਕਵਾਈ। ਰਾਹੁਲ ਗਾਂਧੀ ਤੇ ਮਨਮੋਹਨ ਸਿੰਘ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਤੇ ਕਾਂਗਰਸ ਆਗੂ ਇਸ ਸਮਾਗਮ ਵਿੱਚ ਹਾਜ਼ਰ ਰਹੇ। 2013 ਵਿੱਚ ਸੂਬੇ ਵਿੱਚ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਵਾਲੇ ਬਘੇਲ ਨੇ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸੇ ਤਰ੍ਹਾਂ ਟੀ.ਐੱਸ. ਸਿੰਘ ਦਿਓ ਨੇ ਤੀਜੀ ਵਾਰ ਸਰਗੁਜਾ ਸੀਟ ਤੋਂ ਵਿਧਾਇਕ ਦੀ ਚੋਣ ਜਿੱਤੀ ਹੈ।
ਕਮਲ ਨਾਥ ਨੇ ਕਿਸਾਨਾਂ ਦਾ ਕਰਜ਼ ਮੁਆਫ਼ ਕੀਤਾ
ਵਿਧਾਨ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਕੀਤੇ ਗਏ ਵਾਅਦੇ ਅਨੁਸਾਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਕੁਝ ਘੰਟੇ ਬਾਅਦ ਹੀ ਕਮਲ ਨਾਥ ਨੇ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰ ਦਿੱਤਾ ਹੈ। ਕਮਲ ਨਾਥ ਵੱਲੋਂ ਸਬੰਧਤ ਫਾਈਲ ਉੱਤੇ ਦਸਤਖ਼ਤ ਕਰਨ ਤੋਂ ਬਾਅਦ ਕਿਸਾਨ ਭਲਾਈ ਤੇ ਖੇਤੀਬਾੜੀ ਵਿਕਾਸ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਰਾਜੇਸ਼ ਰਜੌਰਾ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।
ਅਸੀਂ ਆਪਣੇ ਸਾਰੇ ਵਾਅਦੇ ਨਿਭਾਵਾਂਗੇ: ਰਾਹੁਲ
ਨਵੀਂ ਦਿੱਲੀ: ਰਾਹੁਲ ਗਾਂਧੀ ਨੇ ਰਾਜਸਥਾਨ ਦੇ ਲੋਕਾਂ ਦਾ ਧੰਨਵਾਦ ਕੀਤਾ ਤੇ ਭਰੋਸਾ ਦਿਵਾਇਆ ਕਿ ਸਰਕਾਰ ਆਪਣੇ ਸਾਰੇ ਵਾਅਦੇ ਪੂਰੇ ਕਰੇਗੀ। ਸੰਘਰਸ਼ ਕਰਕੇ ਜਿੱਤ ਹਾਸਲ ਕਰਨ ਵਾਲੇ ਕਾਂਗਰਸੀ ਵਰਕਰਾਂ ਤੇ ਆਗੂਆਂ ਨੂੰ ਵਧਾਈ।
ਪ੍ਰਧਾਨ ਮੰਤਰੀ ਵਲੋਂ ਨਵੇਂ ਮੁੱਖ ਮੰਤਰੀਆਂ ਨੂੰ ਵਧਾਈ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਨਵੇਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

Check Also

ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ

ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …