Breaking News
Home / ਪੰਜਾਬ / ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ ਹਾਕਮ ਧਿਰ ਨੇ ਕੀਤੀ ਮਨਮਰਜ਼ੀ, ਚੋਣ ਕਮਿਸ਼ਨ ਸਖਤ

ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ ਹਾਕਮ ਧਿਰ ਨੇ ਕੀਤੀ ਮਨਮਰਜ਼ੀ, ਚੋਣ ਕਮਿਸ਼ਨ ਸਖਤ

ਮੋਗਾ ਦੇ ਡੀਸੀ ਦਾ ਤਬਾਦਲਾ; ਮੂਣਕ ਦੀ ਪੰਚਾਇਤ ਅਫਸਰ ਮੁਅੱਤਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਗਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਬੁੱਧਵਾਰ ਨੂੰ ਅੰਤਿਮ ਦਿਨ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਹਾਕਮ ਧਿਰ ਦੀ ਖੁੱਲ੍ਹ ਕੇ ਮਦਦ ਕਰਨ ਦੇ ਦੋਸ਼ ਲੱਗੇ ਹਨ। ਸੂਬਾਈ ਚੋਣ ਕਮਿਸ਼ਨ ਕੋਲ ਪਹੁੰਚੀਆਂ ਰਿਪੋਰਟਾਂ ਮੁਤਾਬਕ ਸਰਕਾਰੀ ਦਫ਼ਤਰ ਇੱਕ ਤਰ੍ਹਾਂ ਨਾਲ ਕਾਂਗਰਸ ਦੇ ਦਫ਼ਤਰ ਦਿਖਾਈ ਦੇ ਰਹੇ ਹਨ।
ਰਿਪੋਰਟਾਂ ਆਉਣ ਤੋਂ ਬਾਅਦ ਚੋਣ ਕਮਿਸ਼ਨ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਨੂੰ ਤਬਦੀਲ ਕਰਨ ਦੇ ਹੁਕਮ ਦਿੱਤੇ ਹਨ ਤੇ ਰਾਜ ਸਰਕਾਰ ਨੂੰ ਤਿੰਨ ਆਈਏਐੱਸ ਅਫ਼ਸਰਾਂ ਦਾ ਪੈਨਲ ਭੇਜਣ ਲਈ ਕਿਹਾ ਹੈ। ਮੋਗਾ ਦੇ ਡਿਪਟੀ ਕਮਿਸ਼ਨਰ ਵੱਲੋਂ ਦੋ ਪਿੰਡਾਂ ਸੇਖਾ ਕਲਾਂ ਅਤੇ ਸੇਖਾ ਮੇਹਰ ਸਿੰਘ ਵਾਲਾ ਦੀ ਚੋਣ ਮੁਲਤਵੀ ਕਰਨ ਦੇ ਫੈਸਲੇ ਨੂੰ ਕਮਿਸ਼ਨ ਵੱਲੋਂ ਗੈਰ ਕਾਨੂੰਨੀ ਮੰਨਿਆ ਗਿਆ ਹੈ।
ਚੋਣ ਕਮਿਸ਼ਨ ਨੇ ਜ਼ਿਲ੍ਹਾ ਸੰਗਰੂਰ ਵਿੱਚ ਵੱਡੀ ਕਾਰਵਾਈ ਕਰਦਿਆਂ ਮੂਣਕ ਬਲਾਕ ਦੀ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਪਰਮਜੀਤ ਕੌਰ ਨੂੰ ਮੁਅੱਤਲ ਕਰਨ ਦੇ ਹੁਕਮ ਵੀ ਦਿੱਤੇ ਹਨ।
ਸੂਤਰਾਂ ਦਾ ਦੱਸਣਾ ਹੈ ਕਿ ਇਸ ਬੀਡੀਪੀਓ ਖ਼ਿਲਾਫ਼ ਦਿੱਤੀਆਂ ਸ਼ਿਕਾਇਤਾਂ ‘ਤੇ ਇਸ ਖੇਤਰ ਦੇ ਚੋਣ ਨਿਗਰਾਨ ਨੇ ਵੀ ਮੋਹਰ ਲਾਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਜਾਂ ਆਮ ਆਦਮੀ ਪਾਰਟੀ ਨਾਲ ਸਬੰਧਤ ਉਮੀਦਵਾਰਾਂ ਨੂੰ ਨਾਮਜ਼ਦਗੀ ਕਾਗਜ਼ ਦਾਖਲ ਕਰਨ ਦੀਆਂ ਰਿਪੋਰਟਾਂ ਮਿਲੀਆਂ ਹਨ। ਇਸੇ ਦੌਰਾਨ ਇਸ ਤਰ੍ਹਾਂ ਦੀਆਂ ਰਿਪੋਰਟਾਂ ਵੀ ਮਿਲੀਆਂ ਹਨ ਕਿ ਕਾਂਗਰਸ ਪਾਰਟੀ ਨਾਲ ਸਬੰਧਤ ਉਮੀਦਵਾਰਾਂ ਤੋਂ ਦਿਨ ਢਲਣ ਤੱਕ ਵੀ ਪਰਚੇ ਭਰਾਏ ਗਏ ਜਦਕਿ ਕਾਗਜ਼ ਦਾਖਲ ਕਰਨ ਦਾ ਸਮਾਂ ਤਿੰਨ ਵਜੇ ਤੱਕ ਦੀ ਸੀ। ਸੂਤਰਾਂ ਦਾ ਦੱਸਣਾ ਹੈ ਕਿ ਫਿਰੋਜ਼ਪੁਰ, ਬਠਿੰਡਾ, ਗੁਰਦਾਸਪੁਰ, ਤਰਨ ਤਾਰਨ, ਮੋਗਾ ਤੇ ਹੋਰ ਕਈ ਜ਼ਿਲ੍ਹਿਆਂ ਤੋਂ ਵਿਰੋਧੀ ਪਾਰਟੀਆਂ ਨਾਲ ਸਬੰਧਤ ਉਮੀਦਵਾਰਾਂ ਨੇ ਦੋਸ਼ ਲਇਆ ਗਿਆ ਕਿ ਸਰਪੰਚੀ ਤੇ ਪੰਚੀ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਦਾਖਲ ਕਰਨ ਤੋਂ ਰੋਕਿਆ ਗਿਆ।
ਚੋਣ ਕਮਿਸ਼ਨ ਵੱਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਹਦਾਇਤਾਂ ਦਿੱਤੀਆਂ ਗਈਆਂ ਅਤੇ ਇਹ ਮਾਮਲਾ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ। ਮੋਗਾ ਜ਼ਿਲ੍ਹੇ ਦੀਆਂ ਦੋ ਪੰਚਾਇਤਾਂ ਦੀਆਂ ਚੋਣਾਂ ਦੇ ਮਾਮਲੇ ਵਿਚ ਕਮਿਸ਼ਨ ਦਾ ਸਪੱਸ਼ਟ ਕਹਿਣਾ ਹੈ ਕਿ ਚੋਣ ਰੱਦ ਕਰਨਾ ਡਿਪਟੀ ਕਮਿਸ਼ਨਰ ਦਾ ਅਧਿਕਾਰ ਖੇਤਰ ਹੀ ਨਹੀਂ ਹੈ ਤੇ ਇਹ ਫੈਸਲਾ ਚੋਣ ਕਮਿਸ਼ਨ ਵੱਲੋਂ ਹੀ ਲਿਆ ਜਾਣਾ ਹੈ।
ਕੈਪਟਨ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ: ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਪੂਰੇ ਸੂਬੇ ਵਿੱਚ ਵੱਡੀ ਪੱਧਰ ‘ਤੇ ਸਰਕਾਰੀ ਦਖਲ ਅੰਦਾਜ਼ੀ, ਬੇਨਿਯਮੀਆਂ ਅਤੇ ਧੱਕੇਸ਼ਾਹੀ ਹੋਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਆਜ਼ਾਦਾਨਾ ਤੇ ਨਿਰਪੱਖ ਚੋਣਾਂ ਦੇ ਮਾਹੌਲ ਨੂੰ ਕੈਪਟਨ ਸਰਕਾਰ ਨੇ ਪੂਰੀ ਤਰ੍ਹਾਂ ਗੰਧਲਾ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਦੋਸ਼ ਲਾਇਆ ਕਿ ਸੱਤਾਧਾਰੀ ਪਾਰਟੀ ਦੀ ਹਮਾਇਤ ਹਾਸਲ ਉਮੀਦਵਾਰਾਂ ਦੀ ਮਦਦ ਲਈ ਪੂਰਾ ਸਰਕਾਰੀ ਤੰਤਰ ਪੱਬਾਂ ਭਾਰ ਖੜ੍ਹਾ ਹੈ।
ਔਰਤਾਂ ਤੇ ਅਨੁਸੂਚਿਤ ਜਾਤੀਆਂ ਲਈ ਰਿਜ਼ਰਵ ਵਾਲੇ ਹਲਕਿਆਂ ਦੀ ਨਿਸ਼ਾਨਦੇਹੀ ਸੱਤਾਧਾਰੀ ਪਾਰਟੀ ਦੇ ਆਗੂਆਂ ਦੇ ਹੁਕਮਾਂ ਉਤੇ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਲਹਿਰਾਗਾਗਾ ਹਲਕੇ ਵਿੱਚ ਅਕਾਲੀ ਪੰਚਾਂ ਸਰਪੰਚਾਂ ਨੂੰ ਕਾਗਜ਼ ਦਾਖਲ ਨਹੀਂ ਕਰਨ ਦਿੱਤੇ ਗਏ ਜਦਕਿ ਕਾਂਗਰਸੀ ਉਮੀਦਵਾਰਾਂ ਦੇ ਕਾਗਜ਼ ਸ਼ਾਮ 6 ਵਜੇ ਤੱਕ ਦਾਖਲ ਕਰਾਏ ਗਏ ਹਨ।
ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਸਮਾਪਤ
21 ਦਸੰਬਰ ਤੱਕ ਨਾਮ ਲਏ ਜਾ ਸਕਦੇ ਹਨ ਵਾਪਸ
ਚੰਡੀਗੜ੍ਹ : ਆਉਂਦੀ 30 ਦਸੰਬਰ ਨੂੰ ਪੰਜਾਬ ਵਿਚ ਸਰਪੰਚਾਂ ਅਤੇ ਪੰਚਾਂ ਦੀ ਚੋਣ ਲਈ ਵੋਟਾਂ ਪੈਣਗੀਆਂ। ਜਿਸ ਦੇ ਚੱਲਦਿਆਂ ਬੁੱਧਵਾਰ ਨੂੰ ਨਾਮਜ਼ਦਗੀਆਂ ਭਰਨ ਦਾ ਕੰਮ ਸਮਾਪਤ ਹੋ ਗਿਆ ਅਤੇ 21 ਦਸੰਬਰ ਤੱਕ ਨਾਮ ਵਾਪਸ ਲਏ ਜਾ ਸਕਦੇ ਹਨ। ਇਸ ਵਾਰ ਕੈਪਟਨ ਸਰਕਾਰ ਨੇ 50 ਫੀਸਦੀ ਸੀਟਾਂ ਮਹਿਲਾਵਾਂ ਲਈ ਰਾਖਵੀਆਂ ਕੀਤੀਆਂ ਹੋਈਆਂ ਹਨ। ਜਿਨ੍ਹਾਂ ਪਿੰਡਾਂ ਵਿਚ ਸਰਬਸੰਮਤੀ ਨਾਲ ਪੰਚਾਇਤਾਂ ਬਣਨਗੀਆਂ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਦੋ-ਦੋ ਲੱਖ ਰੁਪਏ ਦੀ ਸਹਾਇਤਾ ਵੀ ਦਿੱਤੀ ਜਾਵੇਗੀ। ਇਸੇ ਦੌਰਾਨ ਅੱਜ ਫਿਰੋਜ਼ਪੁਰ ਦੇ ਪੋਲੀਟੈਕਨਿਕ ਕਾਲਜ ਦੇ ਬਾਹਰ ਨਾਮਜ਼ਦਗੀ ਭਰਨ ਆਈਆਂ ਦੋ ਧਿਰਾਂ ਵਿਚਕਾਰ ਝੜਪ ਵੀ ਹੋ ਗਈ। ਇਸ ਝਗੜੇ ਦੌਰਾਨ ਦੋਵਾਂ ਪਾਸਿਆਂ ਤੋਂ ਚੱਲੇ ਇੱਟਾਂ-ਰੋੜੇ ਕਰਕੇ ਪੁਲਿਸ ਦਾ ਇਕ ਮੁਲਾਜ਼ਮ ਜ਼ਖ਼ਮੀ ਵੀ ਹੋ ਗਿਆ।

Check Also

ਭਾਜਪਾ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ 12ਵੀਂ ਸੂਚੀ ਕੀਤੀ ਜਾਰੀ

ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ ਅਤੇ ਹੁਸ਼ਿਆਰਪੁਰ ਤੋਂ ਅਨੀਤਾ ਸੋਮਪ੍ਰਕਾਸ਼ ਨੂੰ ਬਣਾਇਆ ਉਮੀਦਵਾਰ ਨਵੀਂ ਦਿੱਲੀ/ਬਿਊਰੋ …