Breaking News
Home / ਪੰਜਾਬ / ਬਾਗੀ ਅਕਾਲੀ ਆਗੂਆਂ ਨੇ ਬਣਾਇਆ ਸ਼੍ਰੋਮਣੀ ਅਕਾਲੀ ਦਲ (ਟਕਸਾਲੀ)

ਬਾਗੀ ਅਕਾਲੀ ਆਗੂਆਂ ਨੇ ਬਣਾਇਆ ਸ਼੍ਰੋਮਣੀ ਅਕਾਲੀ ਦਲ (ਟਕਸਾਲੀ)

ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਬਣੇ ਪ੍ਰਧਾਨ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਹੋ ਕੇ ਬਾਗੀ ਹੋਏ ਟਕਸਾਲੀ ਆਗੂਆਂ ਨੇ ਐਤਵਾਰ ਨੂੰ ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੂਹਰੇ ਹੋਏ ਵੱਡੇ ਇਕੱਠ ਵਿੱਚ ਨਵੇਂ ਅਕਾਲੀ ਦਲ ‘ਸ਼੍ਰੋਮਣੀ ਅਕਾਲੀ ਦਲ (ਟਕਸਾਲੀ)’ ਦੀ ਸਥਾਪਨਾ ਦਾ ਐਲਾਨ ਕੀਤਾ। ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਨਵੇਂ ਅਕਾਲੀ ਦਲ ਦਾ ਪ੍ਰਧਾਨ ਥਾਪਿਆ ਗਿਆ ਹੈ। ਅਕਾਲੀ ਦਲ ਦੀ ਸਥਾਪਨਾ ਦੇ ਐਲਾਨ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਅਰਦਾਸੀਏ ਭਾਈ ਧਰਮ ਸਿੰਘ ਨੇ ਅਰਦਾਸ ਕੀਤੀ।
ਅਕਾਲ ਤਖ਼ਤ ਸਾਹਿਬ ‘ਤੇ ਅਰਦਾਸ ਕਰਨ ਲਈ ਜਾਣ ਤੋਂ ਪਹਿਲਾਂ ਦਰਬਾਰ ਸਾਹਿਬ ਦੇ ਸਾਹਮਣੇ ਬਣੇ ਪਲਾਜ਼ਾ ਵਿੱਚ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਅਤੇ ਡਾ. ਰਤਨ ਸਿੰਘ ਅਜਨਾਲਾ, ਰਵਿੰਦਰ ਸਿੰਘ ਬ੍ਰਹਮਪੁਰਾ, ਅਮਰਪਾਲ ਸਿੰਘ ਬੋਨੀ ਦੀ ਅਗਵਾਈ ਹੇਠ ਪਾਰਟੀ ਦੇ ਸਮਰਥਕ ਇਕੱਠੇ ਹੋਏ। ਅਕਾਲੀ ਦਲ ਦੀ ਸਥਾਪਨਾ ਲਈ ਅਰਦਾਸ ਕਰਨ ਮਗਰੋਂ ਵਿਧਾਇਕ ਮਨਮੋਹਨ ਸਿੰਘ ਸਠਿਆਲਾ ਨੇ ਬਾਦਲ ਪਰਿਵਾਰ ‘ਤੇ ਸਿੱਖ ਸਿਧਾਤਾਂ ਦਾ ਘਾਣ ਕਰਨ ਦੇ ਦੋਸ਼ ਲਾਏ। ਇਸ ਮੌਕੇ ਪੜ੍ਹੇ ਗਏ ਮਤੇ ਵਿੱਚ ਡੇਰਾ ਸਿਰਸਾ ਮੁਖੀ ਨੂੰ ਬਿਨਾ ਮੰਗੇ ਮੁਆਫ਼ੀ ਦੇਣ, ਸ਼੍ਰੋਮਣੀ ਕਮੇਟੀ ਦਾ ਸਿਆਸੀਕਰਨ ਕਰਨ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਰਗਾੜੀ ਤੇ ਬਹਿਬਲ ਕਲਾਂ ਵਿੱਚ ਲਾਠੀਆਂ ਅਤੇ ਗੋਲੀਆਂ ਚਲਾ ਕੇ ਨਿਹੱਥੇ ਸਿੰਘਾਂ ਨੂੰ ਸ਼ਹੀਦ ਕਰਨ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ ਗਈ। ਮਤੇ ਵਿੱਚ ਇਹ ਵੀ ਕਿਹਾ ਗਿਆ ਕਿ ਬਾਦਲ ਪਰਿਵਾਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਸੇਖਵਾਂ ਨੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਨਾਂ ਪ੍ਰਧਾਨਗੀ ਲਈ ਪੇਸ਼ ਕੀਤਾ, ਜਿਸ ਦੀ ਤਾਈਦ ਡਾ. ਰਤਨ ਸਿੰਘ ਅਜਨਾਲਾ ਤੇ ਸਾਬਕਾ ਵਿਧਾਇਕ ਉਜਾਗਰ ਸਿੰਘ ਬਡਾਲੀ ਨੇ ਕੀਤੀ। ਇਸ ਮੌਕੇ ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਜਾਣਬੁੱਝ ਕੇ ਅਨੇਕਾਂ ਗਲਤੀਆਂ ਕੀਤੀਆਂ, ਸਿੱਖ ਸਿਧਾਤਾਂ ਨੂੰ ਢਾਹ ਲਾਈ, ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਠੇਸ ਪਹੁੰਚਾਈ। ਉਨ੍ਹਾਂ ਕਿਹਾ ਕਿ 1920 ਦੇ ਸੰਵਿਧਾਨ ਵਾਲੇ ਅਕਾਲੀ ਦਲ ਦੀ ਭਾਵਨਾ ਨੂੰ ਸਾਕਾਰ ਰੂਪ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਪਾਰਟੀ ਦੀ ਮੈਂਬਰਸ਼ਿਪ ਸ਼ੁਰੂ ਕੀਤੀ ਜਾਵੇਗੀ ਅਤੇ ਵਿਸਾਖੀ ਤੱਕ ਪਾਰਟੀ ਦੇ ਮੁਕੰਮਲ ਢਾਂਚੇ ਦਾ ਐਲਾਨ ਕਰ ਦਿੱਤਾ ਜਾਵੇਗਾ ਤੇ ਪਾਰਟੀ ਦੀ ਰਜਿਸਟਰੇਸ਼ਨ ਲਈ ਵੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਲੋਕ ਸਭਾ ਦੀ ਚੋਣ ਨਹੀਂ ਲੜਨਗੇ। ਬਾਅਦ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਸਮੂਹ ਪੰਥ ਅਤੇ ਪੰਜਾਬੀਆਂ ਦੇ ਹੱਕਾਂ ਤੇ ਹਿੱਤਾਂ ਦੀ ਰਾਖੀ ਕਰੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਲਵਿੰਦਰ ਸਿੰਘ ਵੇਈਂ ਪੂਈਂ, ਕੁਲਦੀਪ ਸਿੰਘ ਤੇੜਾ, ਮਹਿੰਦਰ ਸਿੰਘ ਹੁਸੈਨਪੁਰ ਵੀ ਮੌਜੂਦ ਸਨ। ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਹਰਬੰਸ ਸਿੰਘ ਮੰਝਪੁਰ, ਸਰਬਜੀਤ ਸਿੰਘ ਸੋਹਲ ਤੇ ਹੋਰ ਬਹੁਤ ਸਾਰੇ ਆਗੂ ਮੌਜੂਦ ਸਨ।
ਨਵਾਂ ਅਕਾਲੀ ਦਲ ਕਾਂਗਰਸ ਦੀ ‘ਬੀ’ ਟੀਮ: ਚੀਮਾ : ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਨੇ ਬਾਗੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਨਵੀਂ ਬਣਾਈ ਪਾਰਟੀ ਨੂੰ ਕਾਂਗਰਸ ਦੀ ‘ਬੀ’ ਟੀਮ ਅਤੇ ਬੇਟਿਆਂ ਦੀ ਪਾਰਟੀ ਦਾ ਨਾਂ ਦਿੱਤਾ ਹੈ। ਡਾ. ਚੀਮਾ ਨੇ ਕਿਹਾ ਕਿ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਅਤੇ ਰਤਨ ਸਿੰਘ ਅਜਨਾਲਾ ਨੇ ਇਹ ਦਰਸਾ ਕੇ ਪਾਪ ਕੀਤਾ ਹੈ ਕਿ ਸੰਗਰਾਂਦ ਦੇ ਪਵਿੱਤਰ ਦਿਹਾੜੇ ਉੱਤੇ ਸ੍ਰੀ ਦਰਬਾਰ ਸਾਹਿਬ ਵਿਚ ਹਾਜ਼ਰੀ ਭਰਨ ਲਈ ਇਕੱਤਰ ਹੋਏ ਸ਼ਰਧਾਲੂ ਉਨ੍ਹਾਂ ਦੇ ਹਮਾਇਤੀ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਐਤਵਾਰ ਵਾਲੇ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਦੀ ਆਮਦ ਦੁੱਗਣੀ ਹੋ ਜਾਂਦੀ ਹੈ।
ਟਾਸਕ ਫੋਰਸ ਨੇ ਆਗੂਆਂ ਨੂੰ ਸੂਚਨਾ ਕੇਂਦਰ ਅੰਦਰ ਜਾਣ ਤੋਂ ਰੋਕਿਆ
ਅਕਾਲੀ ਦਲ ਦੀ ਸਥਾਪਨਾ ਦੇ ਐਲਾਨ ਤੋਂ ਪਹਿਲਾਂ ਜਥੇਦਾਰ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਡਾ. ਰਤਨ ਸਿੰਘ ਅਜਨਾਲਾ, ਰਵਿੰਦਰ ਸਿੰਘ ਬ੍ਰਹਮਪੁਰਾ, ਮਨਮੋਹਨ ਸਿੰਘ ਸਠਿਆਲਾ, ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿੱਚ ਕਾਫੀ ਸਮਾਂ ਬੈਠੇ ਰਹੇ। ਅਕਾਲੀ ਦਲ ਦਾ ਐਲਾਨ ਕਰਨ ਮਗਰੋਂ ਉਹ ਸੂਚਨਾ ਕੇਂਦਰ ਵਿੱਚ ਜਾਣ ਲੱਗੇ ਤਾਂ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ। ਉਨ੍ਹਾਂ ਬਾਹਰ ਪਲਾਜ਼ਾ ਵਿੱਚ ਬੈਠ ਕੇ ਹੀ ਪੱਤਰਕਾਰਾਂ ਨਾਲ ਗੱਲਬਾਤ ਕੀਤੀ।
ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਬਣੇ ‘ਅਕਾਲੀ ਦਲਾਂ’ ਨੂੰ ਲੋਕਾਂ ਨੇ ਹਮੇਸ਼ਾ ਨਕਾਰਿਆ : ਬਾਦਲ
ਲੰਬੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਸਾਜ਼ਿਸ਼ਾਂ ਤਹਿਤ ਸਿੱਧੇ-ਅਸਿੱਧੇ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਕਈ ਵਾਰ ਅਕਾਲੀ ਦਲ ਖੜ੍ਹੇ ਕੀਤੇ ਹਨ। ਇਤਿਹਾਸ ਗਵਾਹ ਹੈ ਕਿ ਕਾਂਗਰਸ ਦੇ ਅਜਿਹੇ ਸਾਜ਼ਿਸ਼ੀ ਤਜਰਬਿਆਂ ਨੂੰ ਪੰਜਾਬੀਆਂ ਅਤੇ ਖ਼ਾਲਸਾ ਪੰਥ ਨੇ ਕਦੇ ਨਹੀਂ ਅਪਣਾਇਆ। ਅਜਿਹੇ ਕਦਮ ਚੁੱਕਣ ਵਾਲੇ ਵੱਡੇ-ਵੱਡੇ ਆਗੂਆਂ ਦਾ ਲੋਕਾਂ ਨੇ ਰੱਤੀ ਭਰ ਸਾਥ ਨਹੀਂ ਦਿੱਤਾ। ਸਾਬਕਾ ਮੁੱਖ ਮੰਤਰੀ ਦਾ ਕਹਿਣਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ। ਅਕਾਲੀ ਦਲ ਨੇ ਦੇਸ਼, ਪੰਜਾਬ, ਸਿੱਖ ਪੰਥ ਤੇ ਲੋਕ-ਹਿੱਤਾਂ ਲਈ ਵੱਡੇ ਸੰਘਰਸ਼ ਕੀਤੇ ਹਨ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …