ਰਤਨ ਸਿੰਘ ਅਜਨਾਲਾ ਨੂੰ ਮੀਤ ਪ੍ਰਧਾਨ ਅਤੇ ਸੇਵਾ ਸਿੰਘ ਸੇਖਵਾਂ ਨੂੰ ਸਕੱਤਰ ਜਨਰਲ ਬਣਾਇਆ
ਬਾਦਲ ਨੇ ਪੁੱਤਰ ਮੋਹ ‘ਚ ਫਸ ਕੇ ਪਾਰਟੀ ਹਿੱਤਾਂ ਨੂੰ ਤਿਆਗਿਆ : ਬ੍ਰਹਮਪੁਰਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਐਤਵਾਰ ਨੂੰ ਨਵੇਂ ਅਹੁਦੇਦਾਰਾਂ ਦਾ ਐਲਾਨ ਕਰਦਿਆਂ ਦਾਅਵਾ ਕੀਤਾ ਕਿ ਬਾਦਲ ਦਲ ਨਾਲ ਸਬੰਧਤ ਕਈ ਆਗੂ ਉਨ੍ਹਾਂ ਦੇ ਸੰਪਰਕ ਵਿਚ ਹਨ। ਇੱਥੇ ਪੱਤਰਕਾਰ ਸੰਮੇਲਨ ਦੌਰਾਨ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਡਾ. ਰਤਨ ਸਿੰਘ ਅਜਨਾਲਾ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ, ਸੇਵਾ ਸਿੰਘ ਸੇਖਵਾਂ ਨੂੰ ਸਕੱਤਰ ਜਨਰਲ ਅਤੇ ਬੁਲਾਰਾ, ਉਜਾਗਰ ਸਿੰਘ ਵਡਾਲੀ (ਰੂਪਨਗਰ) ਤੇ ਮਹਿੰਦਰ ਸਿੰਘ ਹੁਸੈਨਪੁਰ (ਨਵਾਂਸ਼ਹਿਰ) ਨੂੰ ਮੀਤ ਪ੍ਰਧਾਨ, ਮਨਮੋਹਨ ਸਿੰਘ ਸਠਿਆਲਾ ਤੇ ਮੱਖਣ ਸਿੰਘ ਫਰੀਦਕੋਟ ਨੂੰ ਜਨਰਲ ਸਕੱਤਰ ਅਤੇ ਚਰਨ ਸਿੰਘ ਫਿਰੋਜ਼ਪੁਰ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਕਰੀਬ 10 ਮੈਂਬਰ ਉਨ੍ਹਾਂ ਨਾਲ ਹਨ।
ਉਨ੍ਹਾਂ ਖ਼ੁਲਾਸਾ ਕੀਤਾ ਕਿ ਪਿਛਲੇ ਦਿਨੀਂ ਉਹ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਵੀ ਦਿੱਲੀ ਵਿਚ ਮਿਲੇ ਸਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਉਹ ਭਵਿੱਖ ਵਿਚ ਹਮਖਿਆਲੀ ਜਥੇਬੰਦੀਆਂ ਨਾਲ ਗਠਜੋੜ ਬਣਾ ਸਕਦੇ ਹਨ ਜਿਸ ਬਾਰੇ ਸੁਖਪਾਲ ਸਿੰਘ ਖਹਿਰਾ ਤੇ ਬੈਂਸ ਭਰਾਵਾਂ ਨਾਲ ਗੱਲਬਾਤ ਵੀ ਹੋਈ ਹੈ। ਬ੍ਰਹਮਪੁਰਾ ਨੇ ਆਖਿਆ ਕਿ ਉਹ ਤੱਕੜੀ ਨਿਸ਼ਾਨ ਨੂੰ ਲੈਣ ਦਾ ਕੋਈ ਯਤਨ ਨਹੀਂ ਕਰਨਗੇ। ਪਹਿਲੀ ਵਾਰ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਬੋਲਦਿਆਂ ਬਾਗ਼ੀ ਆਗੂਆਂ ਨੇ ਦੋਸ਼ ਲਾਇਆ ਕਿ ਉਹ ਪੁੱਤਰ ਮੋਹ ਵਿਚ ਫਸ ਚੁੱਕੇ ਹਨ ਅਤੇ ਉਨ੍ਹਾਂ ਪਾਰਟੀ ਹਿੱਤਾਂ ਨੂੰ ਤਿਆਗ ਦਿੱਤਾ ਹੈ। ਬਾਦਲ ਪਰਿਵਾਰ ਦੀ ਅਗਵਾਈ ਹੇਠ ਪਾਰਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਕੀਤੀ ਗਈ ਖਿਮਾ ਯਾਚਨਾ ਬਾਰੇ ਸੇਖਵਾਂ ਨੇ ਆਖਿਆ ਕਿ ਪਸ਼ਚਾਤਾਪ ਕਰਨ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੂੰ ਸਿੱਖ ਕੌਮ ਵੱਲੋਂ ਦਿੱਤੀਆਂ ਉਪਾਧੀਆਂ ‘ਫ਼ਖ਼ਰੇ ਕੌਮ ਅਤੇ ਪੰਥ ਰਤਨ’ ਤਿਆਗਣੇ ਚਾਹੀਦੇ ਸਨ। ਬ੍ਰਹਮਪੁਰਾ ਨੇ ਕਿਹਾ ਕਿ ਉਹ ਮੁੜ ਬਾਦਲਾਂ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਨਹੀਂ ਹੋਣਗੇ। ਇਸ ਮੌਕੇ ਅਕਾਲੀ ਆਗੂਆਂ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਿਚ ਵਿਸ਼ੇਸ਼ ਭੂਮਿਕਾ ਨਿਭਾਉਣ ਵਾਲੇ ਵਕੀਲ ਐਚ ਐਸ ਫੂਲਕਾ ਤੇ ਹੋਰ ਜਥੇਬੰਦੀਆਂ ਦੀ ਭਰਵੀਂ ਸ਼ਲਾਘਾ ਕੀਤੀ। ਨਵੀਂ ਬਣੀ ਪਾਰਟੀ ਵੱਲੋਂ ਪੰਜ ਮਤੇ ਵੀ ਪਾਸ ਕੀਤੇ ਗਏ।
ਇਕ ਮਤੇ ਰਾਹੀਂ ਬਾਦਲ ਅਕਾਲੀ ਦਲ ‘ਤੇ ਧਾਰਮਿਕ ਜਥੇਬੰਦੀਆਂ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ਦਾ ਸਿਆਸੀਕਰਨ ਕਰਕੇ ਮਾਣ ਮਰਿਆਦਾ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾਇਆ ਗਿਆ। ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਸਮੇਤ ਨਵਜੋਤ ਸਿੰਘ ਸਿੱਧੂ ਤੇ ਸਵਰਗੀ ਕੁਲਦੀਪ ਸਿੰਘ ਵਡਾਲਾ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਲਾਂਘੇ ਦੇ ਯਤਨਾਂ ਨੂੰ ਤਾਰਪੀਡੋ ਕਰਨ ਦੇ ਦੋਸ਼ ਲਾਉਂਦਿਆਂ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …