Breaking News
Home / ਭਾਰਤ / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਅਕਾਲੀ ਦਲ ਦਾ ਵਫਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਅਕਾਲੀ ਦਲ ਦਾ ਵਫਦ

ਸਿੱਖ ਕਤਲੇਆਮ ਦੇ ਹੋਰ ਦੋਸ਼ੀਆਂ ‘ਤੇ ਵੀ ਕਾਰਵਾਈ ਦੀ ਕੀਤੀ ਮੰਗ
ਨਵੀਂ ਦਿੱਲੀ : ਬੁੱਧਵਾਰ ਨੂੰ 1984 ਸਿੱਖ ਕਤਲੇਆਮ ਦੇ ਪੀੜਤਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਦਰਦ ਭਰੀ ਦਾਸਤਾਨ ਸੁਣਾਈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਮੰਗ ਵੀ ਕੀਤੀ ਕਿ ਸਿੱਖਾਂ ਦੇ ਕਤਲੇਆਮ ਵਿਚ ਸ਼ਾਮਲ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਸਜ਼ਾਵਾਂ ਦਿਵਾਈਆਂ ਜਾਣ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸਰਕਾਰ ਵਲੋਂ ਹਰ ਤਰ੍ਹਾਂ ਦਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਪੀੜਤ ਪਰਿਵਾਰਾਂ, ਜਿਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਅਕਾਲੀ ਆਗੂ ਵੀ ਸਨ, ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਕਾਂਗਰਸ ਦੇ ਬਦਮਾਸ਼ਾਂ ਵਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਨਿਰਦੇਸ਼ਾਂ ‘ਤੇ ਉਨ੍ਹਾਂ ਦੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਕਤਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਿੱਖਾਂ ਦੇ ਕਤਲੇਆਮ ਵਿਚ ਸ਼ਾਮਲ ਕਾਂਗਰਸੀ ਆਗੂਆਂ ਨੂੰ 34 ਸਾਲਾਂ ਤੋਂ ਸ਼ਰਨ ਦੇ ਰਹੀ ਹੈ ਅਤੇ ਕਮਲ ਨਾਥ, ਜੋ ਗੁਰਦੁਆਰਾ ਰਕਾਬਗੰਜ ਸਾਹਮਣੇ ਸਮੂਹਿਕ ਕਤਲੇਆਮ ਵਿਚ ਸ਼ਾਮਲ ਸੀ, ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਇਆ ਗਿਆ ਹੈ। ਬੀਬੀ ਜਗਦੀਸ਼ ਕੌਰ ਅਤੇ ਬੀਬੀ ਨਿਰਪ੍ਰੀਤ ਕੌਰ, ਜਿਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਕਤਲੇਆਮ ਦੌਰਾਨ ਕਤਲ ਕਰ ਦਿੱਤੇ ਗਏ, ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀਆਂ ਜ਼ਿੰਦਗੀਆਂ ਲਈ ਅਜੇ ਵੀ ਖ਼ਤਰਾ ਬਣਿਆ ਹੋਇਆ ਹੈ ਕਿਉਂਕਿ ਉਨ੍ਹਾਂ ਨੇ ਕਾਂਗਰਸੀ ਆਗੂਆਂ ਖ਼ਿਲਾਫ਼ ਗਵਾਹੀ ਦਿੱਤੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਪਹਿਲਾਂ ਦੀਆਂ ਕਾਂਗਰਸ ਸਰਕਾਰਾਂ ਨੇઠਦਿੱਲੀ ਪੁਲਿਸ ‘ਤੇ ਸਬੂਤ ਨਸ਼ਟ ਕਰਨ ਅਤੇ ਕੇਸਾਂ ਨੂੰ ਬੰਦ ਕਰਨ ਦਾ ਦਬਾਅ ਪਾਇਆ। ਉਨ੍ਹਾਂ ਨੇ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ, ਐਸ. ਆਈ.ਟੀ. ਨੇ ਕਾਂਗਰਸ ਸਰਕਾਰ ਵਲੋਂ ਬੰਦ ਕੀਤੇ ਕੇਸਾਂ ਨੂੰ ਮੁੜ ਖੋਲ੍ਹਿਆ। ਪੀੜਤ ਪਰਿਵਾਰਾਂ ਨੇ ਕਿਹਾ ਕਿ ਇਸ ਕਦਮ ਨੇ ਪਹਿਲਾਂ ਹੀ ਨਤੀਜੇ ਦੇਣੇ ਸ਼ੁਰੂ ਕਰ ਦਿੱਤੇ ਸਨ। ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਔਰਤਾਂ ਦੀ ਬਹਾਦਰੀ ਦੀ ਸ਼ਲਾਘਾ ਕੀਤੀ। ਜਿਨ੍ਹਾਂ ਨੇ ਨਿਆਂ ਦੀ ਲੜਾਈ ਵਿਚ ਤਾਕਤਵਰ ਕਾਂਗਰਸੀ ਆਗੂਆਂ ਖ਼ਿਲਾਫ਼ ਗਵਾਹੀ ਦਿੱਤੀ। ਵਫਦ ਵਿਚ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ ਤੇ ਨਰੇਸ਼ ਗੁਜਰਾਲ ਸਮੇਤ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਮਨਜਿੰਦਰ ਸਿੰਘ ਸਿਰਸਾ ਅਤੇ ਜਗਸ਼ੇਰ ਸਿੰਘ ਤੇ ਹੋਰ ਸ਼ਾਮਿਲ ਸਨ।

Check Also

ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ

ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …