ਲੁਧਿਆਣਾ : ਲੁਧਿਆਣਾ ‘ਚ ਸਲੇਮ ਟਾਬਰੀ ਸਥਿਤ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ‘ਤੇ 25 ਦਸੰਬਰ ਨੂੰ ਕਾਲਖ਼ ਮਲਣ ਵਾਲੇ ਯੂਥ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਦੀ ਕਾਂਗਰਸ ਆਗੂ ਸੋਨੀਆ ਗਾਂਧੀ ਨੂੰ ਸਨਮਾਨਿਤ ਕਰਨ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਗੋਸ਼ਾ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੀ ਪੰਜਾਬ (ਯੂਥ) ਇਕਾਈ ਦੇ ਪ੍ਰਧਾਨ ਸਨ। ਪਾਰਟੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨਾਲ ਨੇੜਤਾ ਹੋਣ ਕਰਕੇ ਉਹ ਅਕਸਰ ਦਿੱਲੀ ਵਿਚ ਹੁੰਦੀਆਂ ਸਰਗਰਮੀਆਂ ਵਿਚ ਹਿੱਸਾ ਲੈਂਦੇ ਸਨ। ਸੰਨ 2011 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਉਨ੍ਹਾਂ ਦਿੱਲੀ ਅਕਾਲੀ ਦਲ ਦੇ ਉਮੀਦਵਾਰ ਵੱਜੋਂ ਜਥੇਦਾਰ ਅਵਤਾਰ ਸਿੰਘ ਮੱਕੜ ਖ਼ਿਲਾਫ਼ ਲੜੀ ਸੀ। ਯੂਪੀਏ ਸਰਕਾਰ ਵੱਲੋਂ ਅਨੰਦ ਮੈਰਿਜ ਐਕਟ ਬਣਾਉਣ ਦੇ ਫ਼ੈਸਲੇ ਤੋਂ ਬਾਅਦ ਸਰਨਾ ਭਰਾਵਾਂ ਨੇ ਉਸ ਵੇਲੇ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਸਨਮਾਨਿਤ ਕੀਤਾ ਸੀ। ਉਸ ਮੌਕੇ ਗੋਸ਼ਾ ਵੀ ਲੁਧਿਆਣਾ ਦੇ ਕੁੱਝ ਹੋਰ ਆਗੂਆਂ ਨਾਲ ਹਾਜ਼ਰ ਸਨ। ਵਾਇਰਲ ਹੋਈ ਤਸਵੀਰ ਵਿਚ ਗੋਸ਼ਾ ਹਰਵਿੰਦਰ ਸਿੰਘ ਸਰਨਾ ਨਾਲ ਦਿਖਾਈ ਦੇ ਰਹੇ ਹਨ। ਇਹ ਤਸਵੀਰ ਪੰਥਕ ਹਲਕਿਆਂ ਵਿਚ ਕਾਫ਼ੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
ਗੋਸ਼ਾ ਤੇ ਦੁੱਗਰੀ ਨੂੰ ਮਿਲੀ ਜ਼ਮਾਨਤ
ਲੁਧਿਆਣਾ : ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ ਲਗਾਉਣ ਵਾਲੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਗੁਰਦੀਪ ਸਿੰਘ ਗੋਸ਼ਾ ਅਤੇ ਮੀਤ ਪਾਲ ਸਿੰਘ ਦੁੱਗਰੀ ਨੂੰ ਲੁਧਿਆਣਾ ਦੀ ਅਦਾਲਤ ਵੱਲੋਂ ਜ਼ਮਾਨਤ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਦੋਵੇਂ ਅਕਾਲੀ ਆਗੂਆਂ ਨੇ ਲੰਘੀ 25 ਦਸੰਬਰ ਨੂੰ ਲੁਧਿਆਣਾ ‘ਚ ਰਾਜੀਵ ਗਾਂਧੀ ਦੇ ਬੁੱਤ ਨੂੰ ਕਾਲਖ ਮਲ ਦਿੱਤੀ ਸੀ। ਇਸ ਤੋਂ ਬਾਅਦ ਸਿੱਖ ਕਤਲੇਆਮ ਦੇ ਪੀੜਤਾਂ ਨੇ ਦਿੱਲੀ ਵਿਚ ਰਾਜੀਵ ਗਾਂਧੀ ਦੇ ਨਾਂ ਵਾਲੇ ਬੋਰਡਾਂ ਨੂੰ ਸਿਆਹੀ ਲਗਾਉਣੀ ਸ਼ੁਰੂ ਕਰ ਦਿੱਤੀ ਸੀ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …