ਮੁਹਾਲੀ/ਬਿਊਰੋ ਨਿਊਜ਼ : ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਪਹਿਲੀ ਸਿੱਧੀ ਉਡਾਣ ਸ਼ੁਰੂ ਹੋ ਗਈ। ਏਅਰ ਇੰਡੀਆ ਦੇ ਜਹਾਜ਼ ਨੇ ਮੰਗਲਵਾਰ ਸਵੇਰੇ 9 ਵਜੇ ਹਜ਼ੂਰ ਸਾਹਿਬ (ਨਾਂਦੇੜ) ਲਈ ਉਡਾਣ ਭਰੀ। ਇਸ ਮੌਕੇ ਹਵਾਈ ਅੱਡੇ ‘ਤੇ ਸ਼ਬਦ ਕੀਰਤਨ ਹੋਇਆ ਤੇ ਅਰਦਾਸ ਉਪਰੰਤ ਦੇਗ਼ ਵਰਤਾਈ ਗਈ। ਸਿੱਖ ਸ਼ਰਧਾਲੂਆਂ ਵੱਲੋਂ ਲੰਮੇ ਸਮੇਂ ਤੋਂ ਇਸ ਉਡਾਣ ਦੀ ਮੰਗ ਕੀਤੀ ਜਾ ਰਹੀ ਸੀ। ਪਹਿਲੀ ਉਡਾਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਣੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਤੇ ਜਥੇਦਾਰ ਤੋਤਾ ਸਿੰਘ, ਸਨੌਰ ਦੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਜਥੇਦਾਰ ਬਲਜੀਤ ਸਿੰਘ ਕੁੰਭੜਾ, ਸੀਨੀਅਰ ਆਗੂ ਰਣਜੀਤ ਸਿੰਘ ਖੰਨਾ, ਮਹਿਲਾ ਵਿੰਗ ਦੀ ਪ੍ਰਧਾਨ ਕੁਲਦੀਪ ਕੌਰ ਕੰਗ ਸਣੇ 162 ਸ਼ਰਧਾਲੂਆਂ ਦਾ ਜਥਾ ਹਜ਼ੂਰ ਸਾਹਿਬ ਲਈ ਰਵਾਨਾ ਹੋਇਆ। ਇਸ ਮੌਕੇ ਚੰਦੂਮਾਜਰਾ ਨੇ ਦੱਸਿਆ ਕਿ ਉਡਾਣ ਫ਼ਿਲਹਾਲ ਹਫ਼ਤੇ ਵਿਚ ਦੋ ਦਿਨ- ਮੰਗਲਵਾਰ ਤੇ ਵੀਰਵਾਰ ਨੂੰ ਰਵਾਨਾ ਹੋਇਆ ਕਰੇਗੀ, ਪਰ ਆਉਣ ਵਾਲੇ ਸਮੇਂ ਵਿਚ ਮੰਗ ਮੁਤਾਬਕ ਇਸ ਨੂੰ ਰੋਜ਼ਾਨਾ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਤੋਂ ਪਟਨਾ ਸਾਹਿਬ ਤੱਕ ਵੀ ਸਿੱਧੀ ਉਡਾਣ ਸ਼ੁਰੂ ਕੀਤੀ ਜਾਵੇਗੀ। ਸੰਸਦ ਮੈਂਬਰ ਨੇ ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਅੰਮ੍ਰਿਤਸਰ ਅਤੇ ਮੁੰਬਈ ਤੋਂ ਹੀ ਨਾਂਦੇੜ ਲਈ ਹਵਾਈ ਸੇਵਾ ਦੀ ਸੁਵਿਧਾ ਸੀ, ਪਰ ਹੁਣ ਮੁਹਾਲੀ ਤੋਂ ਉਡਾਣ ਸ਼ੁਰੂ ਹੋਣ ਨਾਲ ਚੰਡੀਗੜ੍ਹ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਸ਼ਰਧਾਲੂਆਂ ਨੂੰ ਲਾਭ ਹੋਵੇਗਾ।
Check Also
ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ
ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।