Breaking News
Home / ਪੰਜਾਬ / ਨਵਜੋਤ ਸਿੱਧੂ ਦੀ ਜਾਨ ਨੂੰ ਖ਼ਤਰਾ, ਵਧਾਈ ਸੁਰੱਖਿਆ

ਨਵਜੋਤ ਸਿੱਧੂ ਦੀ ਜਾਨ ਨੂੰ ਖ਼ਤਰਾ, ਵਧਾਈ ਸੁਰੱਖਿਆ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਜਾਨ ਨੂੰ ਖ਼ਤਰਾ ਮੰਨਦਿਆਂ ਪੰਜਾਬ ਸਰਕਾਰ ਨੇ ਬੁਲੇਟ ਪਰੂਫ ਗੱਡੀਆਂ ਸਮੇਤ ਮੰਤਰੀ ਦੀ ਸੁਰੱਖਿਆ ਵਿਚ ਭਾਰੀ ਵਾਧਾ ਕਰ ਦਿੱਤਾ ਹੈ। ਕੈਪਟਨ ਸਰਕਾਰ ਨੇ ਇਸ ਮੰਤਰੀ ਨੂੰ ਸੂਬਾਈ ਪੱਧਰ ‘ਤੇ ਜ਼ੈੱਡ ਪਲੱਸ ਸੁਰੱਖਿਆ ਸ਼੍ਰੇਣੀ ਵਿਚ ਸ਼ਾਮਲ ਕਰ ਲਿਆ ਹੈ।
ਇਸ ਦੇ ਨਾਲ ਹੀ ਸੂਬੇ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਨਿਰਮਲਜੀਤ ਸਿੰਘ ਕਲਸੀ ਨੇ ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗਾਬਾ ਨੂੰ ਭੇਜੇ ਪੱਤਰ ਰਾਹੀਂ ਪੰਜਾਬ ਦੇ ਇਸ ਮੰਤਰੀ ਨੂੰ ਪੰਜਾਬ ਸਮੇਤ ਸਮੁੱਚੇ ਦੇਸ਼ ਵਿਚ ਸੀਆਈਐਸਐਫ ਜਾਂ ਸੀਏਪੀਐਫ ਦੀ ਸੁਰੱਖਿਆ ਛਤਰੀ ਮੁਹੱਈਆ ਕਰਾਉਣ ਲਈ ਕਿਹਾ ਹੈ। ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਅਤੇ ਡੀਜੀਪੀ (ਇੰਟੈਲੀਜੈਂਸ) ਦਿਨਕਰ ਗੁਪਤਾ ਵੱਲੋਂ ਸਿੱਧੂ ਦੀ ਸੁਰੱਖਿਆ ਦੀ ਸਮੀਖਿਆ ਵੀ ਕੀਤੀ ਗਈ ਸੀ। ਰਾਜ ਸਰਕਾਰ ਵੱਲੋਂ ਮੰਤਰੀ ਦੀ ਸੁਰੱਖਿਆ ਵਿਚ ਵਾਧਾ ਕਰਦਿਆਂ ਕਮਾਂਡੋ ਬਟਾਲੀਅਨਾਂ ਨਾਲ ਸਬੰਧਤ ਵੱਡੀ ਗਿਣਤੀ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸੂਬੇ ਦੇ ਗ੍ਰਹਿ ਵਿਭਾਗ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਪੱਤਰ ਰਾਹੀਂ ਜਿੱਥੇ ‘ਹਿੰਦੂ ਯੁਵਾ ਵਾਹਿਨੀ’ ਵੱਲੋਂ ਦਿੱਤੀਆਂ ਧਮਕੀਆਂ ਦਾ ਜ਼ਿਕਰ ਕੀਤਾ ਗਿਆ, ਉਥੇ ਇਹ ਵੀ ਕਿਹਾ ਗਿਆ ਕਿ ਨਵਜੋਤ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਤਿੱਖੀ ਆਲੋਚਨਾ ਕਰਦਿਆਂ ਅਕਾਲੀ ਆਗੂਆਂ ਦੇ ਮਾਫ਼ੀਆ ਨਾਲ ਸਬੰਧਾਂ ਦੇ ਦੋਸ਼ ਲਾਏ ਹਨ। ਕੈਪਟਨ ਸਰਕਾਰ ਨੇ ਇਹ ਵੀ ਕਿਹਾ ਹੈ ਕਿ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਮੰਤਰੀ ਨੂੰ ਡਰੱਗ ਮਾਫੀਆ ਤੇ ਮਾਈਨਿੰਗ ਮਾਫ਼ੀਆ ਤੋਂ ਵੀ ਖ਼ਤਰਾ ਹੈ। ਸਿੱਧੂ ਦੀਆਂ ਪਾਕਿਸਤਾਨ ਫੇਰੀਆਂ ਦਾ ਜ਼ਿਕਰ ਕਰਦਿਆਂ ਰਾਜ ਸਰਕਾਰ ਨੇ ਕਿਹਾ ਹੈ ਕਿ ਪਾਕਿਸਤਾਨ ਸੈਨਾ ਦੇ ਮੁਖੀ ਕਮਰ ਜਾਵੇਦ ਬਾਜਵਾ ਨਾਲ ਜੱਫੀ ਪਾਉਣ ਤੋਂ ਬਾਅਦ ਇਸ ਮੰਤਰੀ ਨੂੰ ਖ਼ਤਰਾ ਹੋਰ ਵੀ ਵਧ ਗਿਆ ਹੈ। ਰਾਜ ਸਰਕਾਰ ਨੇ ਇਸ ਮੰਤਰੀ ਨੂੰ ਡੇਰਾ ਸਿਰਸਾ ਦੇ ਸ਼ਰਧਾਲੂਆਂ ਤੋਂ ਵੀ ਖ਼ਤਰਾ ਹੋਣ ਦੀ ਗੱਲ ਕਹੀ ਗਈ ਹੈ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …