Breaking News
Home / ਭਾਰਤ / ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ

ਅੰਮ੍ਰਿਤਸਰ : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 352ਵਾਂ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ। ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਕੀਰਤਨ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਪਾਵਨ ਹੁਕਮਨਾਮੇ ਮਗਰੋਂ ਦਸਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਪਾਵਨ ਉਪਦੇਸ਼ਾਂ ਨੂੰ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਹੁਕਮਾਂ ਅਨੁਸਾਰ ਹੀ ਜੀਵਨ ਜਿਊਣਾ ਚਾਹੀਦਾ ਹੈ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਕੂਲਾਂ ਦੇ ਬੱਚਿਆਂ ਨੇ ਗੁਰਬਾਣੀ ਕੀਰਤਨ ਕਰ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਸ਼ਾਮੀਂ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਮਿੰਟ ਲਈ ਆਤਿਸ਼ਬਾਜ਼ੀ ਵੀ ਚਲਾਈ ਗਈ।

Check Also

ਪਤੰਜਲੀ ਨੇ ਸੁਪਰੀਮ ਕੋਰਟ ’ਚ ਫਿਰ ਮੰਗੀ ਮੁਆਫੀ

ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਹੁਣ 23 ਅਪ੍ਰੈਲ ਨੂੰ ਹੋਵੇਗੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪਤੰਜਲੀ ਦੇ …