ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਭਦੌੜ ਵਿਧਾਨ ਸਭਾ ਹਲਕੇ ਦੇ ਇੰਚਾਰਜ ਜੋਗਿੰਦਰ ਸਿੰਘ ਪੰਜਗਰਾਈ ਨੇ ਕਾਂਗਰਸੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਅਕਾਲੀ ਦਲ ਵੱਲੋਂ ਕਾਂਗਰਸ ਛੱਡਣ ਵਾਲੇ ਇਸ ਆਗੂ ਨੂੰ ਆਉਂਦੀਆਂ ਸੰਸਦੀ ਚੋਣਾਂ ਦੌਰਾਨ ਫ਼ਰੀਦਕੋਟ (ਰਾਖਵਾਂ) ਹਲਕੇ ਤੋਂ ਉਮੀਦਵਾਰ ਬਣਾਏ ਜਾਣ ਦੀ ਵੀ ਚਰਚਾ ਹੈ। ਮਾਲਵਾ ਖੇਤਰ ਦੇ ਦਲਿਤ ਆਗੂਆਂ ਵਿੱਚੋਂ ਪੰਜਗਰਾਈਂ ਨੇ ਇਸ ਮੌਕੇ ਕਾਂਗਰਸ ਨੂੰ ‘ਚਾਪਲੂਸਾਂ’ ਦੀ ਪਾਰਟੀ ਦੱਸਿਆ ਤੇ ਕਿਹਾ ਕਿ ਇਸ ਪਾਰਟੀ ਅੰਦਰ ਕੰਮ ਵਾਲੇ ਲੋਕਾਂ ਦੀ ਕੋਈ ਕਦਰ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਛੱਡਣ ਦਾ ਫੈਸਲਾ ਇਸ ਲਈ ਲਿਆ ਕਿਉਂਕਿ ਇਹ ਪਾਰਟੀ ਆਪਣੇ ਆਦਰਸ਼ਾਂ ਤੋਂ ਥਿੜਕ ਚੁੱਕੀ ਹੈ ਅਤੇ ਹੁਣ ਇਹ ਗ਼ਰੀਬਾਂ ਅਤੇ ਸਮਾਜ ਦੇ ਦੱਬੇ ਕੁਚਲੇ ਤਬਕਿਆਂ ਦੀ ਪਾਰਟੀ ਨਹੀਂ ਰਹੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਗਰਾਈਂ ਦਾ ਸਵਾਗਤ ਕਰਦਿਆਂ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਦਲਿਤ ਆਗੂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਪੰਜਗਰਾਈਂ ਨੇ ਕਿਹਾ ਕਿ ਕਾਂਗਰਸ ਉੱਤੇ ਹੁਣ ਖੁਸ਼ਾਮਦੀ ਲੋਕਾਂ ਨੇ ਕਬਜ਼ਾ ਕਰ ਲਿਆ ਹੈ, ਜਿਹੜੇ ਗਰੀਬਾਂ ਵਾਸਤੇ ਕੋਈ ਵੀ ਲੋਕ ਭਲਾਈ ਦਾ ਕੰਮ ਨਹੀਂ ਹੋਣ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪ੍ਰਦੇਸ਼ ਕਾਂਗਰਸ ਮੁਖੀ ਸੁਨੀਲ ਜਾਖੜ ਨੂੰ ਮਿਲੇ ਸਨ ਅਤੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਕਿਵੇਂ ਕਾਂਗਰਸ ਸਰਕਾਰ ਵੱਲੋਂ ਦਲਿਤਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ, ਪਰ ਇਸ ਉੱਤੇ ਪਾਰਟੀ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …