Breaking News
Home / ਪੰਜਾਬ / ਖਹਿਰਾ ਤੇ ਟਕਸਾਲੀ ਬਣਾਉਣਗੇ ਮਹਾਗਠਜੋੜ

ਖਹਿਰਾ ਤੇ ਟਕਸਾਲੀ ਬਣਾਉਣਗੇ ਮਹਾਗਠਜੋੜ

ਦੋ ਰਵਾਇਤੀ ਪਾਰਟੀਆਂ ਵਲੋਂ ਕਾਂਗਰਸ ਅਤੇ ਅਕਾਲੀ ਦਲ ਨੂੰ ਹਰਾਉਣ ਦਾ ਫੈਸਲਾ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਦੀਆਂ ਦੋ ਰਵਾਇਤੀ ਸਿਆਸੀ ਪਾਰਟੀਆਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹਰਾਉਣ ਲਈ ‘ਪੰਜਾਬੀ ਏਕਤਾ ਪਾਰਟੀ’ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਮਹਾਗੱਠਜੋੜ ਦਾ ਫ਼ੈਸਲਾ ਕੀਤਾ ਹੈ। ਇਸ ਵਿਚ ਪੰਜਾਬ ਦੀਆਂ ਸਾਰੀਆਂ ਵਿਰੋਧੀ ਧਿਰਾਂ ਨੂੰ ਸ਼ਾਮਲ ਕਰਨ ਦੀ ਯੋਜਨਾ ਹੈ। ਇਹ ਖ਼ੁਲਾਸਾ ਇੱਥੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੀਤਾ ਹੈ। ਇਸ ਤੋਂ ਪਹਿਲਾਂ ਦੋਵਾਂ ਵਿਚਾਲੇ ਬੰਦ ਕਮਰਾ ਮੀਟਿੰਗ ਹੋਈ, ਜਿਸ ਤੋਂ ਬਾਅਦ ਇਹ ਸਾਂਝਾ ਬਿਆਨ ਜਾਰੀ ਕੀਤਾ ਗਿਆ।
ਖਹਿਰਾ ਆਪਣੀ ਨਵੀਂ ਪਾਰਟੀ ਦੇ ਐਲਾਨ ਮਗਰੋਂ ਹਰਿਮੰਦਰ ਸਾਹਿਬ ਨਤਮਸਤਕ ਹੋਣ ਆਏ ਸਨ। ਉਪਰੰਤ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਲਗਭਗ ਦੋ ਘੰਟੇ ਬੰਦ ਕਮਰਾ ਮੀਟਿੰਗ ਤੋਂ ਬਾਅਦ ਦੋਵਾਂ ਆਗੂਆਂ ਨੇ ਖ਼ੁਲਾਸਾ ਕੀਤਾ ਕਿ ਦੋਵੇਂ ਪਾਰਟੀਆਂ ਪੰਜਾਬ ਵਿਚ ਸਾਰੀਆਂ ਵਿਰੋਧੀ ਪਾਰਟੀਆਂ ਦਾ ‘ਮਹਾਗੱਠਜੋੜ’ ਕਰਨ ਲਈ ਯਤਨ ਕਰਨਗੇ। ਮੀਡੀਆ ਨਾਲ ਗੱਲਬਾਤ ਦੌਰਾਨ ਖਹਿਰਾ ਨੇ ਆਖਿਆ ਕਿ ਬ੍ਰਹਮਪੁਰਾ ਪੁਰਾਣੇ ਤੇ ਤਜਰਬੇਕਾਰ ਸਿਆਸਤਦਾਨ ਹਨ, ਜਿਨ੍ਹਾਂ ਦੀ ਉਨ੍ਹਾਂ ਦੇ ਪਿਤਾ ਮਰਹੂਮ ਸੁਖਜਿੰਦਰ ਸਿੰਘ ਖਹਿਰਾ ਨਾਲ ਵੀ ਨੇੜਤਾ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਪਾਰਟੀਆਂ ਨੇ ਇਕ ਮੰਚ ਤੋਂ ਸੰਸਦੀ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਹੈ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਰਵਾਇਤੀ ਸਿਆਸੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਨੂੰ ਸਖ਼ਤ ਮੁਕਾਬਲਾ ਦੇਣ ਲਈ ਸੂਬੇ ਵਿਚ ਮਹਾਗੱਠਜੋੜ ਤਿਆਰ ਕੀਤਾ ਜਾਵੇਗਾ। ਇਸ ਸਬੰਧੀ ਸਮੂਹ ਵਿਰੋਧੀ ਪਾਰਟੀਆਂ ਨਾਲ ਮੁਲਾਕਾਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੁਝ ਸਿਆਸੀ ਪਾਰਟੀਆਂ ਨਾਲ ਇਸ ਬਾਰੇ ਗੱਲਬਾਤ ਤੈਅ ਹੋ ਵੀ ਚੁੱਕੀ ਹੈ ਅਤੇ ਅਕਾਲੀ ਦਲ ਟਕਸਾਲੀ ਵੀ ਇਸ ਗਠਜੋੜ ਵਿਚ ਸ਼ਾਮਲ ਹੋ ਗਿਆ ਹੈ। ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਜੇ ‘ਆਪ’ ਵੀ ਇਸ ਗਠਜੋੜ ਵਿਚ ਸ਼ਾਮਲ ਹੁੰਦੀ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਅਕਾਲੀ ਦਲ ਵਲੋਂ ਵਿਰੋਧੀਆਂ ਨੂੰ ਕਾਂਗਰਸ ਦੀ ‘ਬੀ’ ਟੀਮ ਆਖੇ ਜਾਣ ‘ਤੇ ਇਤਰਾਜ਼ ਕਰਦਿਆਂ ਉਨ੍ਹਾਂ ਕਿਹਾ ਕਿ ਜੇ ਉਹ ਕਾਂਗਰਸ ਦੀ ‘ਬੀ’ ਟੀਮ ਹਨ ਤਾਂ ਕਾਂਗਰਸ ਵਲੋਂ ਉਨ੍ਹਾਂ ਖ਼ਿਲਾਫ਼ ਕੇਸ ਨਾ ਦਰਜ ਕਰਾਏ ਜਾਂਦੇ। ਉਨ੍ਹਾਂ ਆਖਿਆ ਕਿ ਉਹ ਸਪੱਸ਼ਟਵਾਦੀ ਹਨ, ਇਸੇ ਲਈ ਸਾਰਿਆਂ ਦੀਆਂ ਅੱਖਾਂ ਵਿਚ ਰੜਕਦੇ ਹਨ।
ਇਸ ਦੌਰਾਨ ਬ੍ਰਹਮਪੁਰਾ ਨੇ ਇਸ ਦੀ ਪੁਸ਼ਟੀ ਕਰਦਿਆਂ ਮੀਡੀਆ ਨੂੰ ਦੱਸਿਆ ਕਿ ਖਹਿਰਾ ਪਰਿਵਾਰ ਨਾਲ ਉਨ੍ਹਾਂ ਦੀ ਪੁਰਾਣੀ ਸਾਂਝ ਹੈ। ਦੋਵਾਂ ਹੀ ਜਥੇਬੰਦੀਆਂ ਦਾ ਮੁੱਖ ਮੰਤਵ ਕਾਂਗਰਸ ਅਤੇ ਅਕਾਲੀ ਦਲ ਨੂੰ ਸੱਤਾ ਤੋਂ ਦੂਰ ਕਰਨਾ ਹੈ। ਉਨ੍ਹਾਂ ਆਖਿਆ ਕਿ ਸੰਸਦੀ ਚੋਣਾਂ ਵਿਚ ਸਮਾਂ ਘੱਟ ਰਹਿ ਗਿਆ ਹੈ, ਇਸ ਲਈ ਤੇਜ਼ੀ ਨਾਲ ਮਹਾਗਠਜੋੜ ਬਣਾਉਣ ਦਾ ਉਪਰਾਲਾ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਨੂੰ ਸਿਆਸਤ ਤੋਂ ਮੁਕਤ ਕਰਵਾਉਣਾ ਜ਼ਰੂਰੀ : ਬ੍ਰਹਮਪੁਰਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਸੀਨੀਅਰ ਆਗੂ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਕਹਿਣਾ ਹੈ ਕਿ ਸੀਨੀਅਰ ਵਕੀਲ ਐਚ.ਐੱਸ. ਫੂਲਕਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਾਉਣ ਦੀ ਮੁਹਿੰਮ ਵਿਚ ਪਾਰਟੀ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਫੂਲਕਾ ਨੇ ਜੋ ਮੁੱਦਾ ਚੁੱਕਿਆ ਹੈ, ਅਕਾਲੀ ਦਲ (ਟਕਸਾਲੀ) ਦਾ ਏਜੰਡਾ ਵੀ ਉਹੀ ਹੈ ਤੇ ਸ਼੍ਰੋਮਣੀ ਕਮੇਟੀ ਨੂੰ ਸਿਆਸਤ ਤੋਂ ਮੁਕਤ ਕਰਾਉਣਾ ਜ਼ਰੂਰੀ ਹੈ। ਉਨ੍ਹਾਂ ਗੁਰਦੁਆਰਿਆਂ ਦੀ ਸਾਂਭ-ਸੰਭਾਲ ਲਈ ਆਲ ਇੰਡੀਆ ਗੁਰਦੁਆਰਾ ਐਕਟ ਹੋਂਦ ਵਿਚ ਲਿਆਉਣ ਦੀ ਪੈਰਵੀ ਕਰਦਿਆਂ ਕਿਹਾ ਕਿ ਗੁਰਦੁਆਰਾ ਐਕਟ ਦਾ ਘੇਰਾ ਵਿਸ਼ਾਲ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਡੇਰਾਵਾਦ ਨੂੰ ਵੀ ਠੱਲ੍ਹ ਪਵੇਗੀ। ਟਕਸਾਲੀ ਦਲ ਦੇ ਆਗੂਆਂ ਨੇ ਇਹ ਵੀ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਵੱਲੋਂ ਗੁਰਦੁਆਰਾ ਐਕਟ ਨੂੰ ਭਾਰਤ ਪੱਧਰ ਦਾ ਬਣਾਉਣ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਅਜਿਹਾ ਹੋਣ ਨਾਲ ਗੁਰਦੁਆਰਿਆਂ ‘ਤੇ ਬਾਦਲਾਂ ਦਾ ਕੰਟਰੋਲ ਨਹੀਂ ਰਹੇਗਾ।

Check Also

ਕਰਜ਼ੇ ’ਚ ਡੁੱਬੇ ਜਗਰਾਓ ਦੇ ਕਿਸਾਨ ਸੁਖਮੰਦਰ ਸਿੰਘ ਨੇ ਪੀਤੀ ਜ਼ਹਿਰ

ਤਿੰਨ ਧੀਆਂ ਦੇ ਪਿਤਾ ਨੇ ਇਲਾਜ਼ ਦੌਰਾਨ ਤੋੜਿਆ ਦਮ ਜਗਰਾਉਂ/ਬਿਊਰੋ ਨਿਊਜ਼ : ਸਮੇਂ-ਸਮੇਂ ਦੀਆਂ ਸਰਕਾਰਾਂ …