ਲੋਕ ਸਭਾ ਚੋਣਾਂ ‘ਚ ਸਾਫ ਅਕਸ ਵਾਲੇ ਉਮੀਦਵਾਰਾਂ ਨੂੰ ਉਤਾਰਨ ਦਾ ਐਲਾਨ
2022 ਦੀਆਂ ਵਿਧਾਨ ਸਭਾ ਚੋਣਾਂ ‘ਚ ਸਾਰੀਆਂ ਪਾਰਟੀਆਂ ਇਕ ਝੰਡੇ ਹੇਠ ਅਕਾਲੀ ਦਲ ਤੇ ਕਾਂਗਰਸ ਦਾ ਕਰਨਗੀਆਂ ਸਫਾਇਆ : ਸੁਖਪਾਲ ਖਹਿਰਾ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਡੈਮੋਕਰੇਟਿਕ ਅਲਾਇੰਸ ਲਈ ਹਮਖਿਆਲੀਆਂ ਦੀ ਅਹਿਮ ਮੀਟਿੰਗ ਆਉਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰੇ ਲਈ ਸਰਕਟ ਹਾਊਸ ਵਿਖੇ ਰੱਖੀ ਗਈ। ਬੈਠਕ ਵਿਚ ਸਹਿਮਤੀ ਬਣੀ ਕਿ ਲੋਕ ਸਭਾ ਚੋਣਾਂ ਲਈ ਪੰਜਾਬ ਵਿਚ ਸਾਫ ਅਕਸ ਵਾਲੇ ਤੇ ਅਕਾਲੀ-ਭਾਜਪਾ ਤੇ ਕਾਂਗਰਸ ਨੂੰ ਟੱਕਰ ਦੇਣ ਵਾਲੇ ਉਮੀਦਵਾਰਾਂ ਨੂੰ ਮੈਦਾਨ ਵਿਚ ਉਤਾਰਿਆ ਜਾਵੇਗਾ। ਮੀਟਿੰਗ ਵਿਚ ਲੋਕ ਇਨਸਾਫ ਪਾਰਟੀ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ, ਪੰਜਾਬ ਏਕਤਾ ਪਾਰਟੀ ਤੋਂ ਸੁਖਪਾਲ ਸਿੰਘ ਖਹਿਰਾ, ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੋਂ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ, ਬਹੁਜਨ ਸਮਾਜ ਪਾਰਟੀ ਤੋਂ ਗੁਰਦੀਪ ਸਿੰਘ ਬਠਿੰਡਾ ਸ਼ਾਮਲ ਹੋਏ। ਇਸ ਮੌਕੇ ਸੁਖਪਾਲ ਸਿੰਘ ਖਹਿਰਾ ਨੇ ਆਖਿਆ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਆਉਣ ਵਾਲੀਆਂ ਲੋਕ ਸਭਾ ਚੋਣਾਂ ਹਨ।
ਉਨ੍ਹਾਂ ਕਿਹਾ ਕਿ ਸਾਰੀਆਂ ਧਿਰਾਂ ਚਾਹੁੰਦੀਆਂ ਹਨ ਕਿ ਪੰਜਾਬ ਦੇ ਲੋਕਾਂ ਨੂੰ ਅਕਾਲੀ ਤੇ ਕਾਂਗਰਸ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਅਜ਼ਾਦ ਕਰਵਾਇਆ ਜਾਵੇ। ਲੋਕ ਚਾਹੁੰਦੇ ਹਨ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ, ਨਸ਼ਾ, ਰਿਸ਼ਵਤਖੋਰੀ ਤੋਂ ਰਹਿਤ ਪੰਜਾਬ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਲਈ ਪਹਿਲਾ ਮਹਾਂਗਠਜੋੜ ਬਣਾਇਆ ਜਾਵੇਗਾ ਤੇ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਪਾਰਟੀਆਂ ਇਕ ਝੰਡੇ ਦੇ ਥੱਲੇ ਆ ਕੇ ਪੰਜਾਬ ਵਿਚ ਅਕਾਲੀ-ਭਾਜਪਾ ਤੇ ਕਾਂਗਰਸ ਦਾ ਸਫਾਇਆ ਕਰਨਗੀਆਂ। ਵਿਧਾਇਕ ਬੈਂਸ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਤੇ ਕਾਂਗਰਸ ਨੇ ਲੋਕਾਂ ਨੂੰ ਲੁੱਟਿਆ ਹੈ। ਇਨ੍ਹਾਂ ਦੋਵਾਂ ਪਾਰਟੀਆਂ ਨੂੰ ਪੰਜਾਬ ਵਿਚੋਂ ਚੱਲਦਾ ਕਰਨ ਲਈ ਇਕ ਬੈਨਰ ਹੇਠ ਇਕੱਠਾ ਹੋਣਾ ਸਮੇਂ ਦੀ ਮੰਗ ਹੈ।
‘ਆਪ’ ਜੇਕਰ ਮਹਾਂਗਠਜੋੜ ‘ਚ ਆਉਂਦੀ ਹੈ ਬੈਂਸ ਭਰਾ ਕਰਨਗੇ ਵਿਰੋਧ
ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਜੇਕਰ ਮਹਾਂਗਠਜੋੜ ਵਿਚ ਆਮ ਆਦਮੀ ਪਾਰਟੀ ਦੀ ਸ਼ਮੂਲੀਅਤ ਹੁੰਦੀ ਹੈ ਤਾਂ ਲੋਕ ਇਨਸਾਫ ਪਾਰਟੀ ਉਸਦਾ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਅਰਵਿੰਦ ਕੇਜਰੀਵਾਲ ਨੂੰ ਚੰਗੀ ਤਰ੍ਹਾਂ ਪਰਖ ਚੁੱਕੇ ਹਨ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਚਿੱਟੇ ਦੇ ਮਾਫੀਆ ਬਿਕਰਮ ਸਿੰਘ ਮਜੀਠੀਆ ਨੂੰ ਕਲੀਨ ਚਿੱਟ ਦੇ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ।
ਪੰਜਾਬ ਡੈਮੋਕਰੇਟਿਕ ਅਲਾਇੰਸ ਕੋਈ ਪਾਰਟੀ ਨਹੀਂ ਸਿਰਫ ਇਕ ਗਠਜੋੜ
ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਡੈਮੋਕਰੇਟਿਕ ਅਲਾਇੰਸ ਕੋਈ ਪਾਰਟੀ ਨਹੀਂ ਸਿਰਫ ਇਕ ਗਠਜੋੜ ਹੈ। ਇਸ ਵਿਚ ਕੋਈ ਪ੍ਰਧਾਨ ਨਹੀਂ ਹੈ। ਜਿਵੇਂ ਕਿ ਨਿਸ਼ਾਨ, ਵਿਧਾਨ ਤੇ ਪ੍ਰਧਾਨ ਚੰਗੀ ਗੱਲ ਹੈ, ਪਰ ਲੋਕ ਸਭਾ ਚੋਣਾਂ ਦਾ ਸਮਾਂ ਘੱਟ ਹੋਣ ‘ਤੇ ਮਹਾਂਗਠਜੋੜ ਬਣਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਕੋਈ ਭੁਲੇਖਾ ਨਾ ਰਹੇ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …