Home / ਪੰਜਾਬ / ਬੇਅਦਬੀ ਤੇ ਗੋਲੀ ਕਾਂਡ ਦੀ ਤਫ਼ਤੀਸ਼ ਨੇ ਅਕਾਲੀਆਂ ਨੂੰ ਪਾਇਆ ਵਖਤ

ਬੇਅਦਬੀ ਤੇ ਗੋਲੀ ਕਾਂਡ ਦੀ ਤਫ਼ਤੀਸ਼ ਨੇ ਅਕਾਲੀਆਂ ਨੂੰ ਪਾਇਆ ਵਖਤ

ਕੈਪਟਨ ਸਰਕਾਰ ਨੇ ਰਣਨੀਤੀ ਤਹਿਤ ਬੇਅਦਬੀ ਮਾਮਲਾ ਮੁੜ ਸੁਰਖੀਆਂ ‘ਚ ਲਿਆਂਦਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਵਿੱਚ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਬੇਅਦਬੀ ਕਾਂਡ ਦਾ ਮੁੱਦਾ ਧੁਖਣ ਕਰਕੇ ਸ਼੍ਰੋਮਣੀ ਅਕਾਲੀ ਦਲ ਅੰਦਰ ਘਬਰਾਹਟ ਪਾਈ ਜਾ ਰਹੀ ਹੈ। ਐੱਸਆਈਟੀ ਵੱਲੋਂ ਜਿਸ ਤਰ੍ਹਾਂ ਤੇਜ਼ੀ ਨਾਲ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਵਿੱਚ ਹੋਰ ਧਾਰਾਵਾਂ ਜੋੜੀਆਂ ਹਨ, ਉਸ ਤੋਂ ਜਾਂਚ ਦਾ ਸੇਕ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਅਤੇ ਅਕਾਲੀ ਦਲ ਦੇ ਆਗੂਆਂ ਤੱਕ ਪਹੁੰਚਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਕੈਪਟਨ ਸਰਕਾਰ ਵੱਲੋਂ ਵੀ ਰਣਨੀਤੀ ਤਹਿਤ ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਦੇ ਮਾਮਲਿਆਂ ਨੂੰ ਮੁੜ ਤੋਂ ਸੁਰਖ਼ੀਆਂ ਵਿੱਚ ਲਿਆਂਦਾ ਗਿਆ ਹੈ। ਪੁਲਿਸ ਸੂਤਰਾਂ ਅਨੁਸਾਰ ਵਧੀਕ ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਹੇਠਲੀ ‘ਸਿੱਟ’ ਵੱਲੋਂ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਏਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਹੇਠ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਕਾਇਮ ਕੀਤੀ ‘ਸਿੱਟ’ ਦੇ ਕੰਮ ਕਾਰ ਦਾ ਵੀ ਮੁਲੰਕਣ ਕੀਤਾ ਜਾ ਰਿਹਾ ਹੈ।
ਪੁਲਿਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਇੱਕ ਸੀਨੀਅਰ ਪੁਲਿਸ ਅਧਿਕਾਰੀ ਦੇ ਇਸ਼ਾਰੇ ‘ਤੇ ਅਕਾਲੀਆਂ ਵੱਲੋਂ ਕਾਇਮ ਕੀਤੀ ‘ਸਿੱਟ’ ਨੇ ਤਫ਼ਤੀਸ਼ ਇੱਕ ਤਰ੍ਹਾਂ ਨਾਲ ਮੁਕੰਮਲ ਹੀ ਨਹੀਂ ਸੀ ਕੀਤੀ। ਕੈਪਟਨ ਸਰਕਾਰ ਵੱਲੋਂ ਕਾਇਮ ਕੀਤੀ ‘ਸਿੱਟ’ ਵੱਲੋਂ ਸਹੋਤਾ ਦੀ ਅਗਵਾਈ ਹੇਠਲੀ ਸਿੱਟ ਤੋਂ ਵੀ ਜਾਂਚ ਸਬੰਧੀ ਤੱਕ ਪੁੱਛੇ ਜਾਣਗੇ। ਪੁਲਿਸ ਅਧਿਕਾਰੀ ਵੱਲੋਂ ਪਰਦਾਪੋਸ਼ੀ ਕਰਨ ਦੇ ਯਤਨਾਂ ਦਾ ਇਹ ਮਾਮਲਾ ਵੀ ਅਕਾਲੀਆਂ ਦੀ ਸਿਰਦਰਦੀ ਵਧਾ ਸਕਦਾ ਹੈ। ਪੰਜਾਬ ਵਿੱਚ ਲੋਕ ਸਭਾ ਦੀਆਂ ਚੋਣਾਂ ਲਈ ਵੋਟਾਂ ਅਪਰੈਲ ਮਹੀਨੇ ‘ਚ ਪੈਣ ਦੀ ਸੰਭਾਵਨਾ ਹੈ। ਇਸ ਤਰ੍ਹਾਂ ਨਾਲ ਲੋਕ ਸਭਾ ਚੋਣਾਂ ਦਾ ਮਹੌਲ ਗਰਮ ਹੋਣਾ ਸ਼ੁਰੂ ਹੋ ਗਿਆ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਸਮੇਤ ਹੋਰਨਾਂ ਵਿਰੋਧੀ ਪਾਰਟੀਆਂ ਖਾਸ ਕਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠਲੇ ਅਕਾਲੀ ਦਲ ਅਤੇ ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਨੇ ਵੀ ਅਕਾਲੀਆਂ ਖਾਸ ਕਰ ਬਾਦਲ ਪਰਿਵਾਰ ਨੂੰ ਬੇਅਦਬੀ ਦੇ ਮਾਮਲੇ ‘ਤੇ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ।
ਉਧਰ ‘ਸਿੱਟ’ ਵੱਲੋਂ ਸਾਬਕਾ ਤੇ ਮੌਜੂਦਾ ਪੁਲਿਸ ਅਫ਼ਸਰਾਂ ਨੂੰ ਗ੍ਰਿਫਤਾਰੀਆਂ ਦੇ ਸ਼ੁਰੂ ਕੀਤੇ ਸਿਲਸਿਲੇ ਤੋਂ ਹਾਕਮ ਧਿਰ ਦੇ ਆਗੂਆਂ ਵੱਲੋਂ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ। ਪੰਜਾਬ ਦੀ ਸੱਤਾ ਤੋਂ ਲਾਂਭੇ ਹੋਣ ਤੋਂ ਬਾਅਦ ਲਗਾਤਾਰ ਸਿਆਸੀ ਤੌਰ ‘ਤੇ ਚੁਣੌਤੀਆਂ ਦਾ ਸਾਹਮਣਾ ਕਰਦੇ ਆ ਰਹੇ ਸ਼੍ਰੋਮਣੀ ਅਕਾਲੀ ਦਲ ਦੀ ਗੱਡੀ ਲੀਹ ‘ਤੇ ਲਿਆਉਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਦਿਨਾਂ ਤੋਂ ਵਿਧਾਨ ਸਭਾ ਹਲਕਾ ਵਾਰ ਜਨਤਕ ਤੇ ਵਰਕਰਾਂ ਦੀਆਂ ਮੀਟਿੰਗਾਂ ਦਾ ਸਿਲਸਿਲਾ ਆਰੰਭ ਕੀਤਾ ਸੀ। ਪੰਜਾਬ ਪੁਲਿਸ ਦੀਆਂ ਤਾਜ਼ਾ ਗਤੀਵਿਧੀਆਂ ਨੇ ਅਕਾਲੀ ਦਲ ਦੇ ਆਗੂਆਂ ਨੂੰ ਸੋਚੀਂ ਪਾ ਦਿੱਤਾ ਹੈ। ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਨਾਲ ਗੱਲਬਾਤ ਹੋਈ ਤਾਂ ਉਨ੍ਹਾਂ ਦੱਬਵੀਂ ਸੁਰ ਵਿੱਚ ਮੰਨਿਆ ਕਿ ਸੰਸਦੀ ਚੋਣਾਂ ਦੇ ਮੈਦਾਨ ਵਿੱਚ ਬੇਅਬਦੀ ਅਤੇ ਗੋਲੀ ਕਾਂਡ ਦਾ ਮੁੱਦਾ ਭਖਦਾ ਹੋਣ ਕਾਰਨ ਪਾਰਟੀ ਲਈ ਚੁਣੌਤੀਆਂ ਘਟਣ ਦੀ ਥਾਂ ਵਧਦੀਆਂ ਜਾ ਰਹੀਆਂ ਹਨ।
ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਸਿੱਟ ਵੱਲੋਂ ਜਿਵੇਂ ਜਿਵੇਂ ਪੁਲਿਸ ਅਫ਼ਸਰਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਉਸ ਨਾਲ ਅਕਾਲੀ ਵੀ ਸਹਿਜੇ ਹੀ ਨਿਸ਼ਾਨੇ ‘ਤੇ ਆਉਣਗੇ ਕਿਉਂਕਿ ਗੋਲੀ ਕਾਂਡ ਤੋਂ ਬਾਅਦ ਇਨ੍ਹਾਂ ਪੁਲਿਸ ਅਫ਼ਸਰਾਂ ‘ਤੇ ਹੀ ਬੇਦੋਸ਼ਿਆਂ ‘ਤੇ ਗੋਲੀ ਚਲਾਉਣ ਦੇ ਦੋਸ਼ ਲਗਦੇ ਰਹੇ ਹਨ। ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਕਿਸੇ ਵੀ ਪੁਲਿਸ ਅਫ਼ਸਰ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਗਈ ਸਗੋਂ ‘ਅਣਪਛਾਤੀ’ ਪੁਲਿਸ ਕਰਾਰ ਦੇ ਕੇ ਮਾਮਲੇ ‘ਤੇ ਰਫ਼ਾ ਦਫ਼ਾ ਕਰਨ ਦਾ ਯਤਨ ਕੀਤਾ ਗਿਆ। ਇਹ ਵੀ ਮਹੱਤਵਪੂਰਨ ਤੱਥ ਹੈ ਕਿ ਪੰਜਾਬ ਵਿੱਚ ਜਦੋਂ ਵੀ ਬੇਅਦਬੀ ਅਤੇ ਗੋਲੀ ਕਾਂਡ ਦਾ ਮੁੱਦਾ ਭਖਦਾ ਹੈ ਤਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਦਾ ਨਾਮ ਮੁੜ ਤੋਂ ਸੁਰਖ਼ੀਆਂ ਵਿੱਚ ਆ ਜਾਂਦਾ ਹੈ।
ਕੈਪਟਨ ਨੇ ਲੋਕਾਂ ਦੀ ਨਬਜ਼ ਟੋਹੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਿਆਸੀ ਮਹੌਲ ਭਾਂਪ ਲਿਆ ਹੈ ਕਿ ਪੰਜਾਬ ਦੇ ਲੋਕ ਬੇਅਦਬੀ ਕਾਂਡ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਵਿੱਰੁਧ ਕਾਰਵਾਈ ਲਈ ਉਤਾਵਲੇ ਹਨ। ਸੂਤਰਾਂ ਦਾ ਦੱਸਣਾ ਹੈ ਕਿ ਮੰਗਲਵਾਰ ਦੀ ਸ਼ਾਮ ਨੂੰ ਰਾਤਰੀ ਭੋਜ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਾਥੀ ਮੰਤਰੀਆਂ ਨਾਲ ਗੱਲਬਾਤ ਕਰਦਿਆਂ ਖੁਲਾਸਾ ਕਰਦਿਆਂ ਆਖਿਆ ”ਮਹਿਰਾਜ ਰੈਲੀ ਦੌਰਾਨ ਜਦੋਂ ਕਰਜ਼ਾ ਮੁਆਫ਼ੀ ਦੀ ਗੱਲ ਕੀਤੀ ਤਾਂ ਲੋਕਾਂ ਹੁੰਗਾਰਾ ਨਹੀਂ ਭਰਿਆ ਪਰ ਜਦੋਂ ਬੇਅਦਬੀ ਕਾਂਡ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦਾ ਯਕੀਨ ਦਵਾਇਆ ਤਾਂ ਸਾਰਾ ਪੰਡਾਲ ਹੀ ਗੂੰਜ ਉਠਿਆ।”

Check Also

ਪੰਜਾਬ ‘ਚ ਅਨਲੌਕ-1 ਲਾਗੂ, ਕੇਂਦਰ ਦੀ ਤਰਜ਼ ‘ਤੇ ਨਵੇਂ ਨਿਯਮ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਤਰਜ਼ ‘ਤੇ ਪੰਜਾਬ ‘ਚ ਅਨਲੌਕ-1 ਲਾਗੂ ਹੋਵੇਗਾ। ਅੱਜ ਤੋਂ ਮੁੱਖ ਬਾਜ਼ਾਰ …