Breaking News
Home / ਪੰਜਾਬ / ਵਿਦੇਸ਼ ਭੱਜਣ ਦੀ ਤਾਕ ‘ਚ ਸੀ ਚਰਨਜੀਤ ਸ਼ਰਮਾ

ਵਿਦੇਸ਼ ਭੱਜਣ ਦੀ ਤਾਕ ‘ਚ ਸੀ ਚਰਨਜੀਤ ਸ਼ਰਮਾ

ਸ਼ਰਮਾ ਕੋਲ ਹੈ ਕੈਨੇਡਾ, ਬਰਤਾਨੀਆ ਤੇ ਅਮਰੀਕਾ ਦਾ ਵੀਜ਼ਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਵਾਸਤੇ ਸਰਕਾਰ ਵਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਮੋਗਾ ਦੇ ਤਤਕਾਲੀ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ ਨੂੰ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ ਕੀਤੀ ਹੈ। ਸ਼ਰਮਾ ਵਿਦੇਸ਼ ਭੱਜਣ ਦੀ ਤਾਕ ਵਿਚ ਸੀ।
ਇਹ ਖੁਲਾਸਾ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਅਤੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਇਥੇ ਸਪੈਸ਼ਲ ਟਾਸਕ ਫੋਰਸ ਦੇ ਦਫਤਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਟੀਮ ਨੇ ਅਗਾਊਂ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਹੁਸ਼ਿਆਰਪੁਰ ਵਿਖੇ ਛਾਪਾ ਮਾਰਿਆ ਅਤੇ ਜਿਸ ਥਾਂ ‘ਤੇ ਸਾਬਕਾ ਐਸਐਸਪੀ ਚਰਨਜੀਤ ਸਿੰਘ ਰੁਕਿਆ ਹੋਇਆ ਸੀ, ਦੀ ਘੇਰਾਬੰਦੀ ਕੀਤੀ। ਇਸ ਕਾਰਵਾਈ ਦੌਰਾਨ ਸ਼ਰਮਾ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਉਸ ਨੂੰ ਸੱਟ ਵੀ ਲੱਗੀ ਪਰ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਮੀਡੀਆ ਨੂੰ ਸੰਬੋਧਨ ਕਰਦਿਆਂ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਸਾਬਕਾ ਪੁਲਿਸ ਅਧਿਕਾਰੀ ਨੂੰ ਇਸ ਮਾਮਲੇ ਦੀ ਜਾਂਚ ਵਿਚ ਸ਼ਾਮਲ ਹੋਣ ਲਈ ਸੰਮਨ ਭੇਜੇ ਗਏ ਸਨ ਪਰ ਇਹ ਸੰਮਨ ਉਸ ਨੂੰ ਨਹੀਂ ਮਿਲੇ ਸਨ। ਇਸ ਦੌਰਾਨ ਟੀਮ ਨੂੰ ਪੁਖਤਾ ਜਾਣਕਾਰੀ ਮਿਲੀ ਸੀ ਕਿ ਇਹ ਵਿਅਕਤੀ 27 ਜਨਵਰੀ ਨੂੰ ਵਿਦੇਸ਼ ਭੱਜ ਸਕਦਾ ਹੈ।
ਉਸ ਨੂੰ ਤਫਤੀਸ਼ ਵਿਚ ਸ਼ਾਮਲ ਕਰਾਉਣ ਲਈ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਸਾਬਕਾ ਐਸਐਸਪੀ ਸ਼ਰਮਾ ਕੋਲ ਤਿੰਨ ਦੇਸ਼ਾਂ ਕੈਨੇਡਾ, ਬਰਤਾਨੀਆ ਅਤੇ ਅਮਰੀਕਾ ਦਾ ਵੀਜ਼ਾ ਸੀ ਅਤੇ ਉਹ ਵਿਦੇਸ਼ ਜਾਣ ਦੀ ਤਾਕ ਵਿਚ ਸੀ। ਉਸ ਖਿਲਾਫ਼ ਪਹਿਲਾਂ ਹੀ ਆਈਪੀਸੀ ਦੀ ਧਾਰਾ 302 ਹੇਠ ਕੇਸ ਦਰਜ ਹੈ, ਜਿਸ ਤਹਿਤ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਸ ਖਿਲਾਫ ਸਿਟ ਕੋਲ ਪੁਖਤਾ ਸਬੂਤ ਹਨ।
ਇਸੇ ਲਈ ਉਸ ਕੋਲੋਂ ਪੁੱਛਗਿੱਛ ਕਰਨੀ ਜ਼ਰੂਰੀ ਸੀ। ਇਹ ਸਾਬਕਾ ਅਧਿਕਾਰੀ 2015 ਵਿਚ ਵਾਪਰੇ ਬਹਿਬਲ ਕਲਾਂ ਗੋਲੀ ਕਾਂਡ ਸਮੇਂ ਮੌਕੇ ‘ਤੇ ਹਾਜ਼ਰ ਸੀ। ਇਸ ਕੇਸ ਦੀ ਜਾਂਚ ਵਿਚ ਕਿੰਨਾ ਸਮਾਂ ਲੱਗੇਗਾ, ਬਾਰੇ ਕੁਝ ਕਹਿਣ ਤੋਂ ਇਨਕਾਰ ਕਰਦਿਆਂ ਉਨ੍ਹਾਂ ਆਖਿਆ ਕਿ ਜਾਂਚ ਜਲਦੀ ਤੋਂ ਜਲਦੀ ਮੁਕੰਮਲ ਕਰਕੇ ਇਸ ਦੀ ਰਿਪੋਰਟ ਅਦਾਲਤ ਵਿਚ ਸੌਂਪੀ ਜਾਵੇਗੀ।
ਉਨ੍ਹਾਂ ਖੁਲਾਸਾ ਕੀਤਾ ਕਿ ਸਿੱਟ ਲੋੜ ਮੁਤਾਬਕ ਮੁੜ ਪੁੱਛਗਿੱਛ ਵਾਸਤੇ ਕਿਸੇ ਨੂੰ ਵੀ ਸੱਦ ਸਕਦੀ ਹੈ। ਉਨ੍ਹਾਂ ਆਖਿਆ ਕਿ ਜਿਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ ਹੈ, ਉਨ੍ਹਾਂ ਸਬੰਧੀ ਜਾਂਚ ਟੀਮ ਕੋਲ ਪੁਖਤਾ ਸਬੂਤ ਹਨ। ਇਸ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਘੇ ਕਲਾਕਾਰ ਅਕਸ਼ੈ ਕੁਮਾਰ ਕੋਲੋਂ ਸਿੱਟ ਨੇ ਪੁੱਛਗਿੱਛ ਕੀਤੀ ਹੈ। ਇਨ੍ਹਾਂ ਵਲੋਂ ਦਿੱਤੇ ਗਏ ਜਵਾਬ ਦੀ ਰਿਪੋਰਟ ਵੀ ਸਿੱਟ ਵਲੋਂ ਅਦਾਲਤ ਵਿਚ ਵੀ ਪੇਸ਼ ਕੀਤੀ ਜਾਵੇਗੀ।
ਚਰਨਜੀਤ ਸ਼ਰਮਾ ਕੋਲੋਂ ਐਸ ਆਈ ਟੀ ਕਰ ਰਹੀ ਹੈ ਪੁੱਛਗਿੱਛ
ਫ਼ਰੀਦਕੋਟ : ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਤੇ ਏਡੀਜੀਪੀ ਪ੍ਰਬੋਧ ਕੁਮਾਰ ਤੇ ਆਈਜੀ ਕੰਵਰ ਵਿਜੇ ਪ੍ਰਤਾਪ ਸਿੰਘ ਨੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਤੋਂ ਫ਼ਰੀਦਕੋਟ ਦੇ ਥਾਣਾ ਸਦਰ ਵਿੱਚ ਪੰਜ ਘੰਟੇ ਲੰਬੀ ਪੁੱਛਗਿੱਛ ਕੀਤੀ।
ਜਾਂਚ ਟੀਮ ਨੇ ਚਰਨਜੀਤ ਸ਼ਰਮਾ ਨੂੰ ਸਵਾਲਾਂ ਦੀ ਝੜੀ ਲਾਈ ਹੋਈ ਹੈ। ਵਿਸ਼ੇਸ਼ ਜਾਂਚ ਟੀਮ ਨੇ ਆਪਣੇ ਕੈਂਪ ਦਫ਼ਤਰ ਵਿੱਚ ਬਹਿਬਲ ਕਾਂਡ ਨਾਲ ਜੁੜੇ ਪੰਜ ਗਵਾਹਾਂ ਦੇ ਵੀ ਬਿਆਨ ਕਲਮਬੰਦ ਕੀਤੇ, ਜਿਨ੍ਹਾਂ ਵਿੱਚ ਬੇਅੰਤ ਸਿੰਘ ਵਾਸੀ ਬਹਿਬਲ ਕਲਾਂ ਅਤੇ ਬਲਦੀਪ ਸਿੰਘ ਕੋਟਲਾ ਮੇਹਰ ਸਿੰਘ ਪ੍ਰਮੁੱਖ ਤੌਰ ‘ਤੇ ਸ਼ਾਮਿਲ ਹਨ।
ਜਾਂਚ ਟੀਮ ਨੇ ਪ੍ਰਗਟਾਈ ਸ਼ੰਤੁਸ਼ਟੀ : ਜਾਂਚ ਟੀਮ ਦੇ ਮੁਖੀ ਤੇ ਏਡੀਜੀਪੀ ਪਰਬੋਧ ਕੁਮਾਰ ਨੇ ਕਿਹਾ ਕਿ ਜਾਂਚ ਦੌਰਾਨ ਸਾਬਕਾ ਜਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਵੱਲੋਂ ਪੂਰੀ ਤਰ੍ਹਾਂ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੇ ਮਾਮਲੇ ਦੀ ਪੜਤਾਲ ਬਹੁਤ ਜਲਦੀ ਮੁਕੰਮਲ ਹੋ ਰਹੀ ਹੈ ਅਤੇ ਇਸ ਦੀ ਰਿਪੋਰਟ ਅਦਾਲਤ ਵਿੱਚ ਸੌਂਪੀ ਜਾਵੇਗੀ। ਪੜਤਾਲ ਪੂਰੀ ਤਰ੍ਹਾਂ ਨਿਰਪੱਖ ਤਰੀਕੇ ਨਾਲ ਅਤੇ ਨਿਯਮਾਂ ਮੁਤਾਬਿਕ ਹੀ ਹੋ ਰਹੀ ਹੈ।

ਐਸ ਐਚ ਓ ਅਮਰਜੀਤ ਸਿੰਘ ਕੁਲਾਰ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ
ਫਰੀਦਕੋਟ/ਬਿਊਰੋ ਨਿਊਜ਼ : ਸਾਲ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਇਸ ਤੋਂ ਬਾਅਦ ਹੋਏ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਨੂੰ ਲੰਘੇ ਕੱਲ੍ਹ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਬਾਅਦ ਚਰਨਜੀਤ ਸ਼ਰਮਾ ਨੂੰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਤੇ ਉਨ੍ਹਾਂ ਕੋਲੋਂ ਐੱਸਆਈਟੀ ਫਰੀਦਕੋਟ ‘ਚ ਪੁੱਛਗਿੱਛ ਕਰ ਰਹੀ ਹੈ। ਧਿਆਨ ਰਹੇ ਕਿ ਐਸ ਆਈ ਟੀ ਦੇ ਮੈਂਬਰ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਇਹ ਵੀ ਖੁਲਾਸਾ ਕੀਤਾ ਸੀ ਕਿ ਚਰਨਜੀਤ ਸ਼ਰਮਾ ਵਿਦੇਸ਼ ਭੱਜਣ ਦੀ ਤਾਕ ਵਿਚ ਸੀ ਤੇ ਉਸ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ।
ਜ਼ਿਕਰਯੋਗ ਹੈ ਕਿ ਚਰਨਜੀਤ ਸ਼ਰਮਾ ਦਾ ਬੇਅਦਬੀ ਕਾਂਡ ਵਿਚ ਨਾਮ ਆਇਆ ਸੀ ਅਤੇ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸੇ ਮਾਮਲੇ ਵਿਚ ਐਸ ਐਚ ਓ ਅਮਰਜੀਤ ਸਿੰਘ ਕੁਲਾਰ ਨੂੰ ਗ੍ਰਿਫਤਾਰ ਕਰਨ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਤਲਬ

ਅਕਾਲੀ ਸਰਕਾਰ ਸਮੇਂ ਸਿਰਸਾ ਕੋਲ ਵੀ ਸੀ ਕੈਬਨਿਟ ਰੈਂਕ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ …