ਜੈਸ਼-ਏ-ਮੁਹੰਮਦ ਦੇ ਟਿਕਾਣੇ ਤਬਾਹ, 300 ਦੇ ਕਰੀਬ ਅੱਤਵਾਦੀ ਮਾਰੇ ਜਾਣ ਦੀ ਖਬਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਖਿਲਾਫ ਅੱਜ ਤੜਕੇ 3.30 ਵਜੇ ਏਅਰ ਸਟਰਾਈਕ ਕੀਤੀ। ਇਸ ਵਾਰ ਇਹ ਸਟਰਾਈਕ ਲੜਾਕੂ ਜਹਾਜ਼ਾਂ ਰਾਹੀਂ ਕੀਤੀ ਗਈ। ਹਵਾਈ ਫੌਜ ਨੇ ਅੱਜ ਤੜਕੇ ਪਾਕਿਸਤਾਨ ‘ਚ 80 ਕਿਲੋਮੀਟਰ ਤੱਕ ਅੰਦਰ ਦਾਖਲ ਹੋ ਕੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕੀਤਾ। ਇਸ ਹਮਲੇ ਵਿਚ ਜੈਸ਼ ਏ ਮੁਹੰਮਦ ਦੇ ਕਈ ਟਿਕਾਣੇ ਤਬਾਹ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਹਵਾਈ ਫੌਜ ਦੇ 12 ਮਿਰਾਜ ਲੜਾਕੂ ਜਹਾਜ਼ਾਂ ਨਾਲ ਇਹ ਕਾਰਵਾਈ ਕੀਤੀ ਗਈ। ਬਾਲਾਕੋਟ ਵਿਚ ਜੈਸ਼ ਦਾ ਕੰਟਰੋਲ ਰੂਮ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ ਅਤੇ 200 ਤੋਂ 300 ਅੱਤਵਾਦੀਆਂ ਦੇ ਮਾਰੇ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਕੰਟਰੋਲ ਰੇਖਾ ਦੇ ਪਾਰ ਬਾਲਾਕੋਟ, ਚਕੋਟੀ, ਮੁਜੱਫਰਾਬਾਦ ਵਿਚ ਜੈਸ਼ ਦੇ ਟਿਕਾਣਿਆਂ ਨੂੰ ਤਬਾਹ ਕੀਤਾ ਗਿਆ। ਬਾਲਾਕੋਟ ਪਾਕਿਸਤਾਨ ਦੇ ਸੂਬੇ ਪਖਤੂਨ ਖਵਾਹ ਵਿਚ ਸਥਿਤ ਹੈ। ਜ਼ਿਕਰਯੋਗ ਹੈ ਕਿ ਲੰਘੀ 14 ਫਰਵਰੀ ਨੂੰ ਪੁਲਵਾਮਾ ਵਿਚ ਸੀ.ਆਰ.ਪੀ.ਐਫ. ਦੇ ਕਾਫਲੇ ‘ਤੇ ਫਿਦਾਈਨ ਹਮਲਾ ਹੋਇਆ ਹੈ, ਜਿਸ ਵਿਚ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਲਈ ਸੀ ਤੇ ਹੁਣ ਭਾਰਤ ਨੇ ਪੁਲਵਾਮਾ ਹਮਲੇ ਦਾ ਬਦਲਾ ਲੈ ਲਿਆ ਹੈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …