ਜਲੰਧਰ : ਫਿਲਪੀਨਜ਼ ਵਿੱਚ ਮੌਤ ਦੇ ਸਾਏ ਹੇਠ ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀਆਂ ‘ਤੇ ਦੇਸ਼ ਨਿਕਾਲੇ ਦਾ ਖਤਰਾ ਮੰਡਰਾਉਣ ਲੱਗ ਪਿਆ ਹੈ। ਉਥੋਂ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਨੇ ਸਪੱਸ਼ਟ ਤੌਰ ‘ਤੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜਿਹੜੇ ਭਾਰਤੀ ਪੰਜ-ਛੇ ਦਾ ਕੰਮ ਕਰਦੇ ਹਨ ਉਨ੍ਹਾਂ ਨੂੰ ਦੇਸ਼ ਵਿੱਚੋਂ ਬਾਹਰ ਕੱਢਿਆ ਜਾਵੇਗਾ। ਨਵੇਂ ਬਣੇ ਰਾਸ਼ਟਰਪਤੀ ਰੋਡਰਿਗੋ ਡਿਊਟੇਰਟ ਨੇ ਆਪਣੀ ਚੋਣ ਮੁਹਿੰਮ ਦੌਰਾਨ ਵੀ ਉਥੋਂ ਦੇ ਲੋਕਾਂ ਨਾਲ ਇਹ ਮੁੱਦਾ ਉਠਾਇਆ ਸੀ ਕਿ ਜੇਕਰ ਉਹ ਜਿੱਤ ਜਾਂਦੇ ਹਨ ਤਾਂ ਜੋ ਇੱਥੇ ਪੰਜ-ਛੇ (ਭਾਰੀ ਵਿਆਜ ‘ਤੇ ਗੈਰ ਕਾਨੂੰਨੀ ਢੰਗ ਨਾਲ ਪੈਸੇ ਦੇਣੇ) ਦਾ ਕੰਮ ਕਰਦੇ ਹਨ ਉਨ੍ਹਾਂ ਨੂੰ ਦੇਸ਼ ਵਿਚੋਂ ਕੱਢ ਦਿੱਤਾ ਜਾਵੇਗਾ। ਹੁਣ ਜਦੋਂ ਉਹ ਜਿੱਤ ਕੇ ਰਾਸ਼ਟਰਪਤੀ ਬਣ ਗਏ ਹਨ ਤਾਂ ਭਾਰਤੀਆਂ ਤੇ ਖਾਸ ਕਰਕੇ ਪੰਜਾਬੀਆਂ ਨੂੰ ਇਸ ਗੱਲ ਦੀ ਚਿੰਤਾ ਸਤਾਉਣ ਲੱਗ ਪਈ ਹੈ ਕਿ ਹੁਣ ਉਨ੍ਹਾਂ ਦਾ ਕੀ ਬਣੇਗਾ। ਉਥੇ ਪੈਦਾ ਹੋਈ ਸਥਿਤੀ ਦਾ ਹੱਲ ਕੱਢਣ ਲਈ ਫਿਲਪੀਨਜ਼ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਪੰਜਾਬੀ ਭਾਈਚਾਰੇ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਮਨੀਲਾ ਵਿਚ ਭਾਰਤੀ ਦੂਤਾਵਾਸ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ। ਦਬਾਊ ਸਿਟੀ ਵਿੱਚ ਹੀ ਰਹਿੰਦੇ ਪੰਜਾਬੀ ਜਗਤਾਰ ਸਿੰਘ ਨੇ ਦੱਸਿਆ ਕਿ ਨਵੇਂ ਬਣੇ ਰਾਸ਼ਟਰਪਤੀ ਵੱਲੋਂ ਜੋ ਐਲਾਨ ਕੀਤਾ ਗਿਆ ਹੈ ਉਸ ਨੇ ਪੰਜਾਬੀਆਂ ਦੀ ਚਿੰਤਾ ਵਧਾ ਦਿੱਤੀ ਹੈ। ਮਨੀਲਾ ਦੇ ਨਾਲ ਲਗਦੇ ਇਲਾਕੇ ਵਿਚ ਰਹਿੰਦੇ ਹਰਦੀਪ ਸਿੰਘ ਦਾ ਕਹਿਣਾ ਸੀ ਕਿ ਉਹ ਇਸ ਸਬੰਧੀ ਭਾਰਤੀ ਰਾਜਦੂਤ ਨਾਲ ਗੱਲਬਾਤ ਕਰਨਗੇ ਤੇ ਸਭ ਤੋਂ ਪਹਿਲਾਂ ਉਹ ਰਾਸ਼ਟਰਪਤੀ ਨੂੰ ਅਪੀਲ ਕਰਨਗੇ ਕਿ ਭਾਰਤੀਆਂ ਤੇ ਖਾਸ ਕਰਕੇ ਪੰਜਾਬੀਆਂ ਦੀ ਸੁਰੱਖਿਆ ਵਧਾਈ ਜਾਵੇ ਕਿਉਂਕਿ ਇੱਥੇ ਹਰ ਮਹੀਨੇ ਤਿੰਨ ਤੋਂ ਚਾਰ ਪੰਜਾਬੀ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਸਹੀ ਢੰਗ ਨਾਲ ਕੰਮ ਕਰਨ ਲਈ ਤਿਆਰ ਹਨ ਬਸ਼ਰਤੇ ਫਿਲਪੀਨਜ਼ ਸਰਕਾਰ ਸ਼ਰਤਾਂ ਨੂੰ ਨਰਮ ਕਰ ਦੇਵੇ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …