Breaking News
Home / ਪੰਜਾਬ / ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਬਣੇ ਭੁਪਿੰਦਰ ਸਿੰਘ

ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਬਣੇ ਭੁਪਿੰਦਰ ਸਿੰਘ

ਬੋਰਡ ਵਿਚ 9 ਮੈਂਬਰਾਂ ਨੂੰ ਵੀ ਕੀਤਾ ਗਿਆ ਸ਼ਾਮਲ
ਅੰਮ੍ਰਿਤਸਰ/ਬਿਊਰੋ ਨਿਊਜ਼ : ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਕੀ ਬੋਰਡ ਦੇ ਗਠਨ ਬਾਰੇ ਮਹਾਰਾਸ਼ਟਰ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੇ ਬੋਰਡ ਵਿਚ 9 ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਭੁਪਿੰਦਰ ਸਿੰਘ ਮਿਨਹਾਸ ਨੂੰ ਬੋਰਡ ਦਾ ਪ੍ਰਧਾਨ ਬਣਾਇਆ ਗਿਆ ਹੈ।
ਮਹਾਰਾਸ਼ਟਰ ਸਰਕਾਰ ਦੇ ਡਿਪਟੀ ਸਕੱਤਰ ਰਵੀ ਰਾਜ ਫਾਲੇ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਨਾਂਦੇੜ ਦੇ 9 ਮੈਂਬਰਾਂ ਵਿਚ ਭੁਪਿੰਦਰ ਸਿੰਘ ਮਿਨਹਾਸ ਤੋਂ ਇਲਾਵਾ ਰਵਿੰਦਰ ਸਿੰਘ ਬੁੰਗਈ, ਮਨਪ੍ਰੀਤ ਸਿੰਘ ਕੂੰਜੀਵਾਲੇ, ਗੁਰਮੀਤ ਸਿੰਘ ਮਹਾਜਨ, ਗੁਰਦੀਪ ਸਿੰਘ ਭਾਟੀਆ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਗੁਰਿੰਦਰ ਸਿੰਘ ਬਾਵਾ, ਪਰਮਜੋਤ ਸਿੰਘ ਚਾਹਲ ਦੇ ਨਾਂ ਸ਼ਾਮਲ ਹਨ। ਇਹ ਨੋਟੀਫਿਕੇਸ਼ਨ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਅਬਚਲ ਨਗਰ ਸਾਹਿਬ ਐਕਟ 1956 ਤਹਿਤ ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਹਾਰਾਸ਼ਟਰ ਸਰਕਾਰ ਵਲੋਂ ਇਸ ਐਕਟ ਵਿਚ ਸੋਧ ਕਰਕੇ ਪ੍ਰਬੰਧਕੀ ਬੋਰਡ ਦਾ ਚੇਅਰਮੈਨ ਸਰਕਾਰ ਵਲੋਂ ਨਾਮਜ਼ਦ ਕੀਤਾ ਜਾ ਰਿਹਾ ਸੀ ਜਿਸ ਦਾ ਪਹਿਲਾਂ ਵੀ ਮਹਾਰਾਸ਼ਟਰ ਦੀ ਸਿੱਖ ਸੰਗਤ ਵਲੋਂ ਵਿਰੋਧ ਕੀਤਾ ਗਿਆ ਸੀ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਸਬੰਧ ਵਿਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੂੰ ਅਪੀਲ ਕੀਤੀ ਸੀ ਕਿ ਇਸ ਸੋਧ ਨੂੰ ਰੱਦ ਕੀਤਾ ਜਾਵੇ ਅਤੇ ਸਿੱਖ ਸੰਗਤ ਦੀ ਮੰਗ ਮੁਤਾਬਕ ਬੋਰਡ ਲਈ ਚੁਣੇ ਗਏ ਤੇ ਨਾਮਜ਼ਦ ਕੀਤੇ ਮੈਂਬਰਾਂ ਵਿਚੋਂ ਹੀ ਪ੍ਰਧਾਨ ਨਿਯੁਕਤ ਕੀਤਾ ਜਾਵੇ। ਪ੍ਰਧਾਨ ਮਿਨਹਾਸ ਨੇ ਦੱਸਿਆ ਕਿ ਉਹ ਅਗਲੇ ਹਫਤੇ ਬੋਰਡ ਦੇ ਪ੍ਰਧਾਨ ਵਜੋਂ ਆਪਣਾ ਕਾਰਜਭਾਰ ਸੰਭਾਲਣਗੇ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …