‘ਆਪ’ ਨੇ ਸੁਖਬੀਰ ਵੱਲ ਉਠਾਈ ਸ਼ੱਕ ਦੀ ਉਂਗਲ; ਕੇਬਲ ਮਾਫੀਆ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੇ ਦੋਸ਼ ਲਾਇਆ ਹੈ ਕਿ ਫਾਸਟਵੇਅ ਕੰਪਨੀ ਵੱਲੋਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸ਼ਹਿ ‘ਤੇ ਪੰਜਾਬ ਵਿੱਚ 2800 ਕਰੋੜ ਰੁਪਏ ਦੇ ਟੈਕਸ ਦੀ ਧੋਖਾਧੜੀ ਕੀਤੀ ਗਈ ਹੈ। ‘ਆਪ’ ਨੇ ਇਸ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਪੜਤਾਲ ਕਰਵਾ ਕੇ ਫਾਸਟਵੇਅ ਟਰਾਂਸਮਿਸ਼ਨ ਸਰਵਿਸ ਦੇ ਗੁਰਦੀਪ ਸਿੰਘ ਜੁਝਾਰ ਨੂੰ ਗ੍ਰਿਫ਼ਤਾਰ ਕਰਨ ਅਤੇ ਇਸ ਮਾਮਲੇ ਵਿੱਚ ਸੁਖਬੀਰ ਬਾਦਲ ਦੀ ਭੂਮਿਕਾ ਨੂੰ ਵੀ ਘੋਖਣ ਦੀ ਮੰਗ ਕੀਤੀ ਹੈ। ‘ਆਪ’ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਅਤੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਕੰਵਰ ਸੰਧੂ ਨੇ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੋਸ਼ ਲਾਏ ਕਿ ਸਾਲ 2008-09 ਤੋਂ ਫਾਸਟਵੇਅ ਨੇ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਆਦਿ ਵਿੱਚ ਗੈਰਕਾਨੂੰਨੀ ਢੰਗ ਨਾਲ ਗਲਬਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿੱਚ ਟੈਕਸ ਦੀ ਕੁੱਲ 5000 ਕਰੋੜ ਰੁਪਏ ਦੀ ਚੋਰੀ ਕੀਤੀ ਗਈ ਹੈ, ਜਿਸ ਵਿੱਚੋਂ 2800 ਕਰੋੜ ਦੀ ਚੋਰੀ ਪੰਜਾਬ ਵਿੱਚ ਹੋਈ ਹੈ। ਦੱਸਣਯੋਗ ਹੈ ਕਿ ਖਹਿਰਾ ਅਤੇ ਸੰਧੂ ਵਿਰੁੱਧ ਫਾਸਟਵੇਅ ਵੱਲੋਂ ਪਹਿਲਾਂ ਹੀ ਮਾਣਹਾਨੀ ਦੇ ਕੇਸ ਪਾਏ ਗਏ ਹਨ। ਦੋਵਾਂ ਆਗੂਆਂ ਨੇ ਐਲਾਨ ਕੀਤਾ ਕਿ ਉਹ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਮਿਲ ਕੇ ਇਸ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਅਤੇ ਫਾਈਨਾਂਸ ਐਕਟ-1994 ਤਹਿਤ ਗੁਰਦੀਪ ਸਿੰਘ ਜੁਝਾਰ ਅਤੇ ਹੋਰਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕਰਨਗੇ। ਜੇ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਮੰਗ ਪ੍ਰਵਾਨ ਨਾ ਕੀਤੀ ਤਾਂ ਉਹ ਹਾਈ ਕੋਰਟ ਦਾ ਕੁੰਡਾ ਖੜਕਾ ਕੇ ਸੀਬੀਆਈ ਦੀ ਜਾਂਚ ਦੀ ਮੰਗ ਕਰਨਗੇ।
ਸੰਧੂ ਤੇ ਖਹਿਰਾ ਕਰ ਰਹੇ ਹਨ ਸਿਆਸੀ ਸਟੰਟ: ਫਾਸਟਵੇਅ : ਫਾਸਟਵੇਅ ਦੇ ਬੁਲਾਰੇ ਨੇ ਸਾਰੇ ਦੋਸ਼ਾਂ ਨੂੰ ਝੂਠ ਦਾ ਪੁਲੰਦਾ ਦੱਸਦਿਆਂ ਕਿਹਾ ਕਿ ‘ਆਪ’ ਦੀ ਪ੍ਰੈਸ ਕਾਨਫਰੰਸ ਸਿਆਸੀ ਸਟੰਟ ਹੈ ਅਤੇ ਸੰਧੂ ਨਿੱਜੀ ਰੰਜਿਸ਼ਾਂ ਕੱਢ ਰਹੇ ਹਨ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …