ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਪੈਂਦੇ ਪਿੰਡ ਬਦਸੂਈ ਵਿਖੇ ਗੁਰਦੁਆਰਾ ਸਾਹਿਬ ‘ਤੇ ਹਮਲਾਵਰਾਂ ਵਲੋਂ ਘੱਟ ਗਿਣਤੀ ਸਿੱਖ ਭਾਈਚਾਰੇ ਦੇ ਲੋਕਾਂ ‘ਤੇ ਕੀਤੇ ਹਮਲੇ ਨੂੰ ਸੋਚੀ ਸਮਝੀ ਸਾਜ਼ਿਸ਼ ਕਰਾਰ ਦਿੰਦਿਆਂ ਹਰਿਆਣਾ ਸਰਕਾਰ ਤੋਂ ਮਾਰੇ ਗਏ ਸਿੱਖ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤੇ ਜਾਣ ਅਤੇ ਹਮਲਾਵਰਾਂ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਭਾਈ ਲੌਂਗੋਵਾਲ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਦੌਰਾਨ ਜ਼ਖ਼ਮੀਆਂ ਦਾ ਪਤਾ ਲੈਣ ਮੌਕੇ ਗੱਲਬਾਤ ਕਰ ਰਹੇ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਮਲਾਵਰਾਂ ਵਲੋਂ ਗੁਰਦੁਆਰਾ ਸਾਹਿਬ ‘ਤੇ ਕੀਤੇ ਹਮਲੇ ਦੌਰਾਨ ਮਾਰੇ ਗਏ ਸਿੱਖ ਸ਼ਮਸ਼ੇਰ ਸਿੰਘ ਦੇ ਪੀੜਤ ਪਰਿਵਾਰ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 25-25 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਦੇਸ਼ ਭਰ ਅੰਦਰ ਘੱਟ ਗਿਣਤੀਆਂ ‘ਤੇ ਲਗਾਤਾਰ ਹਮਲੇ ਹੋ ਰਹੇ ਹਨ, ਜਿਸ ਨੂੰ ਰੋਕਣ ਲਈ ਸਰਕਾਰਾਂ ਨੂੰ ਸਖ਼ਤੀ ਵਰਤਣੀ ਚਾਹੀਦੀ ਹੈ ਅਤੇ ਘਟਨਾ ਲਈ ਜ਼ਿੰਮੇਵਾਰਾਂ ਨੂੰ ਸਜ਼ਾਵਾਂ ਵਿਚ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ। ਭਾਈ ਲੌਂਗੋਵਾਲ ਨੇ ਮੰਗ ਕੀਤੀ ਹੈ ਕਿ ਹਰਿਆਣਾ ਸਰਕਾਰ ਉੱਥੇ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿੱਜੀ ਸਹਾਇਕ ਦਰਸ਼ਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ (ਹਰਿਆਣਾ) ਕੈਥਲ ਦੇ ਪਿੰਡ ਬਦਸੂਈ ਵਿਚ 23 ਮਾਰਚ ਨੂੰ ਦੋ ਧਿਰਾਂ ਵਿਚ ਝਗੜਾ ਹੋਇਆ ਸੀ। ਇਸ ਝਗੜੇ ਵਿਚ ਸ਼ਮਸ਼ੇਰ ਸਿੰਘ ਦੀ ਮੌਤ ਹੋ ਗਈ ਸੀ। ਸੰਦੀਪ ਪੁਨੀਆ, ਪ੍ਰਤਾਪ ਸਿੰਘ, ਮਨਪ੍ਰੀਤ, ਦਵਿੰਦਰ ਸਿੰਘ, ਸਰਬਜੀਤ ਸਿੰਘ, ਕਰਮਜੀਤ ਸਿੰਘ ਤੇ ਰਣਜੀਤ ਨੂੰ ਜ਼ਖ਼ਮੀ ਹਾਲਤ ਵਿਚ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਦਕਿ ਇਨ੍ਹਾਂ ਦੇ ਸਾਥੀ ਬਲਜੀਤ ਸਿੰਘ ਤੇ ਜਗਮੇਲ ਸਿੰਘ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਜਾ ਚੁੱਕਾ ਹੈ।
ਦਿੱਲੀ ਗੁਰਦੁਆਰਾ ਕਮੇਟੀ ਦੀ ਟੀਮ ਵੱਲੋਂ ਬਦਸੂਈ ਦਾ ਦੌਰਾ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉੱਚ ਪੱਧਰੀ ਟੀਮ ਹਰਿਆਣਾ ਦੇ ਜ਼ਿਲ੍ਹਾ ਕੈਥਲ ਦੇ ਪਿੰਡ ਬਦਸੂਈ ਵਿਚ ਪਹੁੰਚੀ। ਟੀਮ ਨੇ ਪਿੰਡ ਵਿੱਚ ਗੁਰਦੁਆਰੇ ਦੇ ਮਾਮਲੇ ‘ਤੇ ਹੋਏ ਫ਼ਿਰਕੂ ਟਕਰਾਅ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਸ ਘਟਨਾ ਦੌਰਾਨ ਸ਼ਹੀਦ ਹੋਏ ਸਮਸ਼ੇਰ ਸਿੰਘ ਦੇ ਪਰਿਵਾਰ ਨੂੰ ਇੱਕ ਲੱਖ ਰੁਪਏ ਤੇ 10 ਜਖ਼ਮੀਆਂ ਨੂੰ 10-10 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ। ਟੀਮ ਨੇ ਘਟਨਾ ਸਥਾਨ ਦਾ ਵੀ ਦੌਰਾ ਕੀਤਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …