ਬੰਗਾ/ਬਿਊਰੋ ਨਿਊਜ਼ : ਪਿੰਡ ਖਟਕੜ ਕਲਾਂ ਵਿਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਆਏ ਕਾਂਗਰਸ ਤੇ ਅਕਾਲੀ ਆਗੂਆਂ ਨੇ ਸਿਆਸੀ ਰੋਟੀਆਂ ਸੇਕਣ ਦੀ ਰਵਾਇਤ ਇਸ ਵਾਰ ਵੀ ਜਾਰੀ ਰੱਖੀ। ਕਾਂਗਰਸ ਵਲੋਂ ਪੁੱਜੇ ਪੰਜਾਬ ਦੇ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਜੇ ਕਾਂਗਰਸ ਕੇਂਦਰ ਵਿੱਚ ਸੱਤਾ ਵਿਚ ਆਉਂਦੀ ਹੈ ਤਾਂ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਹੀ ਪ੍ਰਧਾਨ ਮੰਤਰੀ ਹੋਣਗੇ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਅਗਵਾਈ ਵਿਚ ਹੀ ਪਿੰਡ ਖਟਕੜ ਕਲਾਂ ਦੀ ਧਰਤੀ ਤੋਂ ‘ਡੈਪੋ’ ਮਿਸ਼ਨ ਆਰੰਭ ਕਰ ਕੇ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਦਾ ਅਹਿਦ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦਿੱਤਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਮੀਨੀ ਪੱਧਰ ‘ਤੇ ਸੇਵਾਵਾਂ ਨਿਭਾਈਆਂ ਹਨ। ਦੂਜੇ ਪਾਸੇ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਮੌਜੂਦਾ ਦੌਰ ਵਿਚ ਪੂਰੀ ਤਰ੍ਹਾਂ ਬੁਖਲਾਈ ਹੋਈ ਹੈ ਅਤੇ ਉਸ ਤੋਂ ਦੁਸ਼ਮਣ ਦੇਸ਼ ‘ਤੇ ਕੀਤੀ ‘ਸਰਜੀਕਲ ਸਟਰਾਈਕ’ ਅਤੇ ਪਾਇਲਟ ਅਭਿਨੰਦਨ ਦੀ ਸਹੀ ਸਲਾਮਤ ਵਾਪਸੀ ਵੀ ਬਰਦਾਸ਼ਤ ਨਹੀਂ ਹੋ ਰਹੀ। ਉਨ੍ਹਾਂ ਦੱਸਿਆ ਕਿ ਬਾਦਲ ਸਰਕਾਰ ਦੀ ਅਗਵਾਈ ਵੇਲੇ ਖਟਕੜ ਕਲਾਂ ਦੀ ਯਾਦਗਾਰ ਲਈ 19 ਕਰੋੜ ਰੁਪਏ ਖਰਚ ਕੀਤੇ ਗਏ ਸਨ ਪਰ ਕਾਂਗਰਸ ਸਰਕਾਰ ਨੇ ਇਸ ਦੀ ਸੰਭਾਲ ਨਹੀਂ ਕੀਤੀ।
ਹੁਸੈਨੀਵਾਲਾ ਵਿੱਚ ਸ਼ਹੀਦਾਂ ਨੂੰ ਅਕੀਦਤ ਭੇਟ ਫ਼ਿਰੋਜ਼ਪੁਰ : ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ 88ਵੇਂ ਸ਼ਹੀਦੀ ਦਿਹਾੜੇ ਮੌਕੇ ਹੁਸੈਨੀਵਾਲਾ ਵਿਚ ਸ਼ਹੀਦੀ ਸਮਾਰਕ ‘ਤੇ ਵੱਡੀ ਗਿਣਤੀ ਲੋਕਾਂ ਨੇ ਅਕੀਦਤ ਭੇਟ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸ਼ਹਿਰੀ ਹਲਕੇ ਤੋਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਕਾਂਗਰਸੀ ਆਗੂ ਲਾਡੀ ਗਹਿਰੀ ਤੇ ਪ੍ਰਸ਼ਾਸਨਿਕ ਆਗੂਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …