ਕਿਸਾਨਾਂ ਦਾ ਵੱਖਰਾ ਬੱਜਟ ਲਿਆਉਣ ਅਤੇ ਦੇਸ਼ ਧ੍ਰੋਹ ਦੀ ਧਾਰਾ 124 ਏ ਖਤਮ ਕਰਨ ਦਾ ਵਾਅਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਨੇ ਅੱਜ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਕਾਂਗਰਸ ਵਲੋਂ ਇਸ ਮੈਨੀਫੈਸਟੋ ਨੂੰ ‘ਜਨ ਅਵਾਜ਼’ ਦਾ ਨਾਮ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਮੈਨੀਫੈਸਟੋ ਵਿਚ ਪੰਜ ਪ੍ਰਮੁੱਖ ਵਾਅਦੇ ਕੀਤੇ ਗਏ ਹਨ, ਜਿਨ੍ਹਾਂ ਵਿਚ ਨਿਆਂ, ਰੋਜ਼ਗਾਰ, ਕਿਸਾਨ, ਸਿੱਖਿਆ ਅਤੇ ਹੈਲਥ ਸ਼ਾਮਲ ਹੈ। ਮੈਨੀਫੈਸਟੋ ਵਿਚ ਕਿਸਾਨਾਂ ਲਈ ਵੱਖਰਾ ਬਜਟ ਲਿਆਉਣ ਦੀ ਗੱਲ ਕੀਤੀ ਗਈ ਹੈ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਖੇਤੀ ਕਰਜ਼ੇ ਦੇ ਡਿਫਾਲਟਰਾਂ ‘ਤੇ ਫੌਜਦਾਰੀ ਮਾਮਲਾ ਦਰਜ ਨਹੀਂ ਹੋਵੇਗਾ। ਰਾਹੁਲ ਨੇ ‘ਗਰੀਬੀ ਉਤੇ ਵਾਰ, 72 ਹਜ਼ਾਰ’ ਦਾ ਨਾਅਰਾ ਵੀ ਦਿੱਤਾ। ਚੋਣ ਮੈਨੀਫੈਸਟੋ ਕਿਹਾ ਗਿਆ ਕਿ ਦੇਸ਼ ਧ੍ਰੋਹ ਨੂੰ ਪਰਿਭਾਸ਼ਤ ਕਰਨ ਵਾਲੀ ਧਾਰਾ 124 ਏ ਨੂੰ ਵੀ ਖਤਮ ਕੀਤਾ ਜਾਵੇਗਾ। ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਜਿਸ ਤਰ੍ਹਾਂ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿਚ ਵਾਅਦੇ ਦੇ ਮੁਤਾਬਕ 10 ਦਿਨਾਂ ਦੇ ਅੰਦਰ ਹੀ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ, ਉਸੇ ਤਰ੍ਹਾਂ ਹੀ ਇਹ ਵਾਅਦੇ ਵੀ ਪੂਰੇ ਕਰਾਂਗੇ। ਉਨ੍ਹਾਂ ਕਿਹਾ ਕਿ ਚੋਣ ਮੈਨੀਫੈਸਟੋ ਬਣਾਉਣ ਵਿਚ ਸਮਾਜ ਦੇ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ ਅਤੇ ਇਸ ਵਾਰ ਸਭ ਤੋਂ ਵੱਡਾ ਮੁੱਦਾ ਬੇਰੁਜ਼ਗਾਰੀ ਹੈ। ਪ੍ਰਿਅੰਕਾ ਗਾਂਧੀ ਨੇ ਵੀ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਾਂਗਰਸ ਪਾਰਟੀ ਦਾ ਮੈਨੀਫੈਸਟੋ ਜ਼ਰੂਰ ਪੜ੍ਹਨ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …