14.2 C
Toronto
Tuesday, April 28, 2026
spot_img
Homeਪੰਜਾਬਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਐਲਾਨ

ਚਰਨਜੀਤ ਅਟਵਾਲ ਜਲੰਧਰ, ਜਗੀਰ ਕੌਰ ਖਡੂਰ ਸਾਹਿਬ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸ੍ਰੀ ਆਨੰਦਪੁਰ ਸਾਹਿਬ, ਸੁਰਜੀਤ ਸਿੰਘ ਰੱਖੜਾ ਪਟਿਆਲਾ ਤੇ ਦਰਬਾਰਾ ਸਿੰਘ ਗੁਰੂ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਲੜਨਗੇ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਆਗਾਮੀ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦੇ ਨਾਵਾਂ ਦਾ ਰਸਮੀ ਐਲਾਨ ਕਰ ਦਿੱਤਾ ਗਿਆ। ਇਸ ਤਹਿਤ ਚਰਨਜੀਤ ਸਿੰਘ ਅਟਵਾਲ ਜਲੰਧਰ, ਬੀਬੀ ਜਗੀਰ ਕੌਰ ਖਡੂਰ ਸਾਹਿਬ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸ੍ਰੀ ਆਨੰਦਪੁਰ ਸਾਹਿਬ, ਸੁਰਜੀਤ ਸਿੰਘ ਰੱਖੜਾ ਪਟਿਆਲਾ ਅਤੇ ਦਰਬਾਰਾ ਸਿੰਘ ਗੁਰੂ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਚੋਣ ਲੜਨਗੇ। ਦੋ ਅਹਿਮ ਹਲਕਿਆਂ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ ਅਜੇ ਤੱਕ ਨਹੀਂ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਟਿੰਗ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸ੍ਰੀ ਆਨੰਦਪੁਰ ਸਾਹਿਬ, ਸਾਬਕਾ ਆਈ.ਏ.ਐੱਸ. ਅਧਿਕਾਰੀ ਦਰਬਾਰਾ ਸਿੰਘ ਗੁਰੂ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਪਟਿਆਲਾ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿਚ ਉਤਾਰਿਆ ਹੈ। ਪਟਿਆਲਾ ਹਲਕੇ ਤੋਂ ਰੱਖੜਾ ਦੀ ਟੱਕਰ ਸ਼ਾਹੀ ਘਰਾਣੇ ਦੀ ਉਮੀਦਵਾਰ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਪ੍ਰਨੀਤ ਕੌਰ ਅਤੇ ‘ਆਪ’ ਦੇ ਬਾਗੀ ਆਗੂ ਤੇ ਸਿਟਿੰਗ ਮੈਂਬਰ ਡਾ. ਧਰਮਵੀਰ ਗਾਂਧੀ ਨਾਲ ਹੋਵੇਗੀ।
ਡਾ. ਗਾਂਧੀ ਨੇ ਕੁਝ ਦਿਨ ਪਹਿਲਾਂ ਹੀ ਆਪਣੀ ਨਵੀਂ ਪਾਰਟੀ ਬਣਾ ਲਈ ਹੈ।
ਇਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਖਡੂਰ ਸਾਹਿਬ ਅਤੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਲੋਕ ਸਭਾ ਹਲਕਿਆਂ ਤੋਂ ਉਮੀਦਵਾਰ ਐਲਾਨਿਆ ਜਾ ਚੁੱਕਿਆ ਹੈ। ਪ੍ਰੋ. ਚੰਦੂਮਾਜਰਾ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਮੁੜ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਤਾਂ ਕਾਫ਼ੀ ਪਹਿਲਾਂ ਹੋ ਚੁੱਕਿਆ ਸੀ ਪਰ ਰਸਮੀ ਐਲਾਨ ਕੀਤਾ ਗਿਆ ਹੈ। ਇਸੇ ਤਰ੍ਹਾਂ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ੍ਰੀ ਦਰਬਾਰਾ ਸਿੰਘ ਗੁਰੂ ਬਾਰੇ ਵੀ ਕੁਝ ਸਮਾਂ ਪਹਿਲਾਂ ਫੈਸਲਾ ਲੈ ਲਿਆ ਗਿਆ ਸੀ ਪਰ ਰਸਮੀ ਐਲਾਨ ਹੀ ਕਰਨਾ ਬਾਕੀ ਸੀ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵਲੋਂ ਲੁਧਿਆਣਾ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਤੋਂ ਢੁਕਵੇਂ ਉਮੀਦਵਾਰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਅਜੇ ਤਕ ਸਫਲਤਾ ਹੱਥ ਨਹੀਂ ਲੱਗੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਲੋਂ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ ਕਰਨ ਵਿਚ ਉਡੀਕ ਕਰਨ ਦੀ ਨੀਤੀ ਅਪਣਾਈ ਗਈ ਹੈ।
ਬਠਿੰਡਾ ਤੋਂ ਸਿਟਿੰਗ ਲੋਕ ਸਭਾ ਮੈਂਬਰ ਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਹੈ ਪਰ ਇਹ ਗਿਣਤੀ-ਮਿਣਤੀ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਲਈ ਬਠਿੰਡਾ ਤੇ ਫਿਰੋਜ਼ਪੁਰ ਵਿੱਚੋਂ ਕਿਹੜਾ ਹਲਕਾ ਬਿਹਤਰ ਰਹੇਗਾ।

RELATED ARTICLES
POPULAR POSTS