‘ਆਪ’ ਨੇ ਫਤਹਿਗੜ੍ਹ ਸਾਹਿਬ ਤੋਂ ਪਹਿਲਾਂ ਐਲਾਨੇ ਉਮੀਦਵਾਰ ਦੀ ਟਿਕਟ ਕੱਟ ਕੇ ਹਰਬੰਸ ਕੌਰ ਦੂਲੋਂ ਨੂੰ ਦਿੱਤੀ
ਜਲੰਧਰ/ਬਿਊਰੋ ਨਿਊਜ਼ : ਕਾਂਗਰਸ ਨੂੰ ਉਸ ਵੇਲੇ ਜ਼ੋਰਦਾਰ ਝਟਕਾ ਲੱਗਾ ਜਦ ਪਾਰਟੀ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਤੇ ਸਾਬਕਾ ਵਿਧਾਇਕਾ ਬੀਬੀ ਹਰਬੰਸ ਕੌਰ ਦੂਲੋ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ‘ਆਪ’ ਵਿਚ ਸ਼ਾਮਲ ਹੁੰਦਿਆਂ ਹੀ ਪਾਰਟੀ ਨੇ ਉਨ੍ਹਾਂ ਨੂੰ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ। ਹਾਲਾਂਕਿ ‘ਆਪ’ ਨੇ ਫਤਹਿਗੜ੍ਹ ਸਾਹਿਬ ਤੋਂ ਪਹਿਲਾਂ ਹੀ ਆਪਣਾ ਉਮੀਦਵਾਰ ਬਲਜਿੰਦਰ ਸਿੰਘ ਚੌਂਦਾ ਨੂੰ ਐਲਾਨਿਆ ਹੋਇਆ ਸੀ ਪਰ ਟਿਕਟ ਵਾਪਸ ਲੈ ਕੇ ਹੁਣ ਬੀਬੀ ਹਰਬੰਸ ਕੌਰ ਨੂੰ ਉਮੀਦਵਾਰ ਬਣਾ ਦਿੱਤਾ ਗਿਆ ਹੈ। ਤੇਜ਼ੀ ਨਾਲ ਵਾਪਰੇ ਇਸ ਘਟਨਾਕ੍ਰਮ ਬਾਰੇ ਐਲਾਨ ‘ਆਪ’ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਬਲਜਿੰਦਰ ਸਿੰਘ ਚੌਂਦਾ, ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਜਸਟਿਸ ਜ਼ੋਰਾ ਸਿੰਘ, ਵਿਧਾਇਕ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਅਤੇ ਐਨਆਰਆਈ ਵਿੰਗ ਦੇ ਪ੍ਰਧਾਨ ਜੈ ਕਿਸ਼ਨ ਸਿੰਘ ਰੋੜੀ, ਜਲੰਧਰ ਸ਼ਹਿਰੀ ਦੇ ਪ੍ਰਧਾਨ ਡਾ. ਸ਼ਿਵਦਿਆਲ ਮਾਲੀ ਅਤੇ ਸੂਬਾ ਉਪ ਪ੍ਰਧਾਨ ਡਾ. ਸੰਜੀਵ ਸ਼ਰਮਾ ਵੀ ਹਾਜ਼ਰ ਸਨ। ਅਮਨ ਅਰੋੜਾ ਨੇ ਕਿਹਾ ਕਿ ਦੂਲੋ ਪਰਿਵਾਰ ਨੇ ਹਮੇਸ਼ਾ ਦਲਿਤਾਂ, ਗਰੀਬਾਂ ਅਤੇ ਦਬੇ-ਕੁਚਲੇ ਲੋਕਾਂ ਦੇ ਹੱਕਾਂ ਲਈ ਪਹਿਰਾ ਦਿੱਤਾ ਹੈ ਤੇ ਇਨ੍ਹਾਂ ਦੇ ਹੱਕਾਂ ‘ਤੇ ਡਾਕਾ ਮਾਰਨ ਵਾਲਿਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਰਬੰਸ ਕੌਰ ਦੂਲੋ ਫ਼ਤਹਿਗੜ੍ਹ ਸਾਹਿਬ ਤੋਂ ਜਿੱਤ ਦਰਜ ਕਰਨਗੇ ਤੇ ਸੁਬਾ ਪੱਧਰ ‘ਤੇ ਵੀ ਇਸ ਦਾ ਫਾਇਦਾ ਮਿਲੇਗਾ। ਬੀਬੀ ਦੂਲੋ ਨੇ ਕਿਹਾ ਕਿ ਉਨ੍ਹਾਂ ਇਹ ਫ਼ੈਸਲਾ ਦੂਲੋ ਨੂੰ ਪੁੱਛ ਕੇ ਲਿਆ ਹੈ, ਪਰ ਦੂਲੋ ਸਾਹਿਬ ਦਾ ਆਪਣੇ ਬਾਰੇ ਕੀ ਫ਼ੈਸਲਾ ਹੈ, ਇਸ ਬਾਰੇ ਉਹ ਖ਼ੁਦ ਹੀ ਦੱਸ ਸਕਦੇ ਹਨ।
ਕੈਪਟਨ ਖਿਲਾਫ ਬੋਲਣ ਵਾਲੇ ਗੁਰਵਿੰਦਰ ਸਿੰਘ ਬਾਲੀ ਦੀ ਕਾਂਗਰਸ ਪਾਰਟੀ ‘ਚੋਂ ਛੁੱਟੀ
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪਾਰਟੀ ਦੇ ਬਾਗੀ ਨੇਤਾ ਗੁਰਵਿੰਦਰ ਸਿੰਘ ਬਾਲੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਖਾਰਜ ਕਰ ਦਿੱਤਾ ਹੈ। ਇਸ ਸਬੰਧੀ ਐਲਾਨ ਪਾਰਟੀ ਦੀ ਚੋਣ ਪ੍ਰਬੰਧਨ ਕਮੇਟੀ ਦੇ ਮੁਖੀ ਲਾਲ ਸਿੰਘ ਨੇ ਕੀਤਾ। ਪਾਰਟੀ ਵੱਲੋਂ ਬਾਲੀ ‘ਤੇ ਅਨੁਸਾਸ਼ਨ ਭੰਗ ਕਰਨ ਦੇ ਦੋਸ਼ ਲਾਏ ਗਏ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਬਾਲੀ ਵੱਲੋਂ ਮੁੱਖ ਮੰਤਰੀ ਖ਼ਿਲਾਫ਼ ਕੀਤੀ ਗਈ ਬਿਆਨਬਾਜ਼ੀ ਨਾਲ ਪਾਰਟੀ ਦੇ ਅਕਸ ਨੂੰ ਧੱਕਾ ਲੱਗਿਆ ਹੈ, ਜਿਸ ਕਰਕੇ ਇਹ ਕਾਰਵਾਈ ਕੀਤੀ ਗਈ ਹੈ। ਮਹੱਤਵਪੂਰਨ ਤੱਥ ਇਹ ਹੈ ਕਿ ਪਾਰਟੀ ਵਿੱਚੋਂ ਕੱਢੇ ਗਏ ਇਸ ਨੇਤਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿੱਜੀ ਹਮਲੇ ਕੀਤੇ ਸਨ। ਬਾਲੀ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਇਸ ਵੀਡੀਓ ਵਿੱਚ ਬਾਲੀ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਦੀ ਪਾਕਿਸਤਾਨੀ ਮਹਿਲਾ ਦੋਸਤ ਅਰੂਸਾ ਆਲਮ ‘ਤੇ ਵੀ ਤਿੱਖੇ ਹਮਲੇ ਕੀਤੇ ਸਨ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …