Breaking News
Home / ਪੰਜਾਬ / ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਵੱਲੋਂ ਸ਼ਹੀਦਾਂ ਦੀ ਯਾਦ ਵਿਚ ਸਿੱਕਾ ਤੇ ਟਿਕਟ ਜਾਰੀ
ਅੰਮ੍ਰਿਤਸਰ : ਜੱਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੀ ਸ਼ਤਾਬਦੀ ਮੌਕੇ ਦੇਸ਼ ਦੇ ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਨੇ ਇੱਥੇ ਜੱਲ੍ਹਿਆਂਵਾਲਾ ਬਾਗ ਵਿੱਚ ਸ਼ਹੀਦੀ ਸਮਾਰਕ ‘ਤੇ ਫੁੱਲਮਾਲਾ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸ਼ਹੀਦਾਂ ਦੀ ਯਾਦ ਵਿੱਚ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕੀਤੀ ਗਈ ਹੈ। ਉਪ ਰਾਸ਼ਟਰਪਤੀ ਨੇ ਇਥੇ ਜੱਲ੍ਹਿਆਂਵਾਲਾ ਬਾਗ ਦੀ ‘ਯਾਤਰੂ ਕਿਤਾਬ’ ਵਿੱਚ ਦਰਜ ਕੀਤੀਆਂ ਆਪਣੀਆਂ ਭਾਵਨਾਵਾਂ ਅਤੇ ਸੋਸ਼ਲ ਮੀਡੀਆ ਉੱਤੇ ਇਕ ਟਵੀਟ ਰਾਹੀਂ ਆਖਿਆ ਕਿ ਜੱਲ੍ਹਿਆਂਵਾਲਾ ਬਾਗ ਦਾ ਖੂਨੀ ਸਾਕਾ ਸਾਨੂੰ ਯਾਦ ਦਿਵਾਉਂਦਾ ਹੈ ਕਿ ਦੇਸ਼ ਦੀ ਅਜ਼ਾਦੀ ਲਈ ਕਿੰਨੀਆਂ ਕੁਰਬਾਨੀਆਂ ਦਿੱਤੀਆਂ ਗਈਆਂ ਸਨ। ਇਹ ਸ਼ਰਧਾਂਜਲੀ ਉਨ੍ਹਾਂ ਸਾਰੇ ਬੇਦੋਸ਼ੇ ਦੇਸ਼ ਵਾਸੀਆਂ ਨੂੰ ਹੈ, ਜਿਨ੍ਹਾਂ ਨੇ 1919 ਵਿੱਚ ਵਿਸਾਖੀ ਵਾਲੇ ਦਿਨ ਜੱਲ੍ਹਿਆਂਵਾਲਾ ਬਾਗ ਵਿੱਚ ਆਪਣੀ ਜਾਨ ਕੁਰਬਾਨ ਕੀਤੀ ਸੀ। ਉਹ ਇੱਥੇ ਆਉਣ ਮਗਰੋਂ ਜਿਥੇ ਗਮਗੀਨ ਮਹਿਸੂਸ ਕਰਦੇ ਹਨ, ਉਥੇ ਸ਼ਹੀਦਾਂ ਵਲੋਂ ਦਿੱਤੀ ਕੁਰਬਾਨੀ ‘ਤੇ ਫਖ਼ਰ ਵੀ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਇਤਿਹਾਸ ਸਾਨੂੰ ਆਪਣੀਆਂ ਗਲਤੀਆਂ ਤੋਂ ਸਿੱਖਿਆ ਲੈਣ ਲਈ ਸੁਚੇਤ ਵੀ ਕਰਦਾ ਹੈ ਅਤੇ ਸਿਖਾਉਂਦਾ ਵੀ ਹੈ ਕਿ ਜ਼ੁਲਮ ਦੀ ਉਮਰ ਘੱਟ ਹੀ ਹੁੰਦੀ ਹੈ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਤਿਹਾਸ ਤੋਂ ਸਬਕ ਲੈ ਕੇ ਮਨੁੱਖਤਾ ਨੂੰ ਬਿਹਤਰ ਭਵਿੱਖ ਦੇਣ ਦੀ ਦਿਸ਼ਾ ਵੱਲ ਯਤਨ ਕਰਨ। ਇਸ ਦੌਰਾਨ ਇੱਥੇ ਜੱਲ੍ਹਿਆਂਵਾਲਾ ਬਾਗ ਵਿੱਚ ਕਰਵਾਏ ਇਕ ਸਮਾਗਮ ਦੌਰਾਨ ਸ਼ਤਾਬਦੀ ਮੌਕੇ ਇੱਕ ਪ੍ਰਾਰਥਨਾ ਸਭਾ ਵੀ ਕੀਤੀ ਗਈ, ਜਿਸ ਵਿੱਚ ਉਪ ਰਾਸ਼ਟਰਪਤੀ ਸਮੇਤ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ, ਪੰਜਾਬ ਸਰਕਾਰ ਵੱਲੋਂ ਮੰਤਰੀ ਓ.ਪੀ. ਸੋਨੀ, ਭਾਜਪਾ ਦੇ ਸੂਬਾਈ ਪ੍ਰਧਾਨ ਤੇ ਸੰਸਦ ਮੈਂਬਰ ਸ਼ਵੇਤ ਮਲਿਕ, ਜੱਲ੍ਹਿਆਂਵਾਲਾ ਬਾਗ ਯਾਦਗਾਰ ਟਰਸੱਟ ਦੇ ਟਰਸੱਟੀ ਵਜੋਂ ਤਰਲੋਚਨ ਸਿੰਘ, ਸ਼੍ਰੋਮਣੀ ਕਮੇਟੀ ਵਲੋਂ ਭਾਈ ਰਜਿੰਦਰ ਸਿੰਘ ਮਹਿਤਾ ਤੇ ਬੀਬੀ ਜਗੀਰ ਕੌਰ, ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ, ਚੀਫ ਖਾਲਸਾ ਦੀਵਾਨ ਵੱਲੋਂ ਨਿਰਮਲ ਸਿੰਘ ਠੇਕੇਦਾਰ ਆਦਿ ਹਾਜ਼ਰ ਸਨ। ਪ੍ਰਾਰਥਨਾ ਸਭਾ ਵਿੱਚ ਗੁਰਬਾਣੀ ਦੇ ਕੀਰਤਨ ਤੋਂ ਬਾਅਦ ਉਪ ਰਾਸ਼ਟਰਪਤੀ ਨੇ ਸ਼ਹੀਦਾਂ ਦੀ ਯਾਦ ਵਿੱਚ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤੀ। ਯਾਦਗਾਰੀ ਸਿੱਕਾ ਸੌ ਰੁਪਏ ਦਾ ਹੈ। ਇਸ ਮੌਕੇ ਇਥੇ ਐੱਲਸੀਡੀ ਸਕਰੀਨ ਉੱਤੇ ਕੇਂਦਰ ਸਰਕਾਰ ਵੱਲੋਂ ਜੱਲ੍ਹਿਆਂਵਾਲਾ ਬਾਗ ਦੀ ਸੁੰਦਰਤਾ ਤੇ ਸਾਂਭ ਸੰਭਾਲ ਲਈ 19.21 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਯੋਜਨਾ ਦੀ ਰੂਪ ਰੇਖਾ ਦਾ ਖੁਲਾਸਾ ਕੀਤਾ ਗਿਆ।

ਜੱਲ੍ਹਿਆਂਵਾਲਾ ਬਾਗ਼ ਸਮਾਗਮਾਂ ਸਬੰਧੀ ਮੋਦੀ ਅਤੇ ਕੈਪਟਨ ਨੇ ਇਕ ਦੂਜੇ ਨੂੰ ਘੇਰਿਆ
ਕੈਪਟਨ ਦੀ ਗੈਰਹਾਜ਼ਰੀ ਸ਼ਹੀਦਾਂ ਦਾ ਅਪਮਾਨ : ਮੋਦੀ
ਕਠੂਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਪਾਰਟੀ ‘ਤੇ ਜੱਲ੍ਹਿਆਂਵਾਲਾ ਬਾਗ ਸਾਕਾ ਦੇ ਸ਼ਤਾਬਦੀ ਸਮਾਗਮਾਂ ਦੇ ਸਿਆਸੀਕਰਨ ਦੇ ਦੋਸ਼ ਲਾਉਂਦਿਆਂ ਜਿੱਥੇ ਕਾਂਗਰਸ ਦੀ ਨਿੰਦਾ ਕੀਤੀ ਉੱਥੇ ਕੈਪਟਨ ਅਮਰਿੰਦਰ ਸਿੰਘ ਦੀ ਗੈਰਹਾਜ਼ਰੀ ਨੂੰ ਸ਼ਹੀਦਾਂ ਦਾ ਅਪਮਾਨ ਦੱਸਿਆ। ਉਨ੍ਹਾਂ ਕੈਪਟਨ ਉਤੇ ‘ਰਾਸ਼ਟਰ ਭਗਤੀ’ ਕਰਨ ਦੀ ਥਾਂ ‘ਪਰਿਵਾਰ ਭਗਤੀ’ ਵਿੱਚ ਮਸਰੂਫ਼ ਹੋਣ ਦੇ ਦੋਸ਼ ਲਾਏ। ਪ੍ਰਧਾਨ ਮੰਤਰੀ ਜੰਮੂ ਕਸ਼ਮੀਰ ਦੇ ਕਠੂਆ ਵਿੱਚ ਰੈਲੀ ਮੌਕੇ ਸੰਬੋਧਨ ਕਰ ਰਹੇ ਸਨ।ਮੋਦੀ ਨੇ ਕਾਂਗਰਸ ਦੀ ਨਿੰਦਾ ਕਰਦਿਆਂ ਕਿਹਾ, ”ਉਪ ਰਾਸ਼ਟਰਪਤੀ ਜੱਲ੍ਹਿਆਂਵਾਲਾ ਸਾਕੇ ਸਬੰਧੀ ਅੰਮ੍ਰਿਤਸਰ ਵਿਚ ਕਰਵਾਏ ਗਏ ਸਰਕਾਰੀ ਸਮਾਗਮ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪੁੱਜੇ ਸਨ। ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਪਰ ਉੱਥੇ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੌਜੂਦ ਨਹੀਂ ਸਨ।” ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰ ਲਈ ਰਾਸ਼ਟਰਵਾਦ ਅਪਮਾਨ ਹੈ। ਉਨ੍ਹਾਂ ਕਿਹਾ, ”ਪੰਜਾਬ ਦੇ ਮੁੱਖ ਮੰਤਰੀ ਨੇ ਜੱਲ੍ਹਿਆਂਵਾਲਾ ਬਾਗ ਸਾਕੇ ਦੀ ਸ਼ਤਾਬਦੀ ਮੌਕੇ ਸਰਕਾਰੀ ਸਮਾਗਮ ਵਿੱਚ ਹਿੱਸਾ ਨਾ ਲੈ ਕੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ।”
ਜੱਲ੍ਹਿਆਂਵਾਲਾ ਬਾਗ ਸਾਕੇ ‘ਤੇ ਸਿਆਸਤ ਕਰ ਰਹੇ ਨੇ ਮੋਦੀ : ਅਮਰਿੰਦਰ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ‘ਘਟੀਆ ਰਾਜਨੀਤੀ’ ਕਰਨ ਦੇ ਦੋਸ਼ ਲਾਏ ਹਨ। ਕੈਪਟਨ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਰਾਜ ਸਰਕਾਰ ਦੀਆਂ ਪਹਿਲਕਦਮੀਆਂ ਅਤੇ ਸਮਾਗਮਾਂ ਵਿੱਚ ਸਾਥ ਦੇਣ ਦੀ ਬਜਾਏ ਜਾਣਬੁੱਝ ਕੇ ‘ਬਰਾਬਰ ਪ੍ਰੋਗਰਾਮ’ ਰੱਖਿਆ। ਦੱਸਣਯੋਗ ਹੈ ਕਿ ਕੇਂਦਰ ਵਲੋਂ ਸ਼ਨਿਚਰਵਾਰ ਨੂੰ ਕਰਵਾਏ ਸਮਾਗਮ ਵਿੱਚ ਉਪ-ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਸ਼ਿਰਕਤ ਕੀਤੀ ਸੀ। ਕੈਪਟਨ ਨੇ ਦਾਅਵਾ ਕੀਤਾ ਕਿ ਪਿਛਲੇ ਦੋ ਸਾਲਾਂ ਵਿੱਚ ਉਨ੍ਹਾਂ ਨੇ ਵਿਅਕਤੀਗਤ ਤੌਰ ‘ਤੇ ਪ੍ਰਧਾਨ ਮੰਤਰੀ ਨਾਲ ਰਾਬਤਾ ਕਰਕੇ ਉਨ੍ਹਾਂ ਤੋਂ ਸਮਰਥਨ ਮੰਗਿਆ ਤਾਂ ਜੋ ਸ਼ਰਧਾਂਜਲੀ ਸਮਾਗਮ ਸਾਂਝੇ ਤੌਰ ‘ਤੇ ਕੀਤਾ ਜਾ ਸਕੇ, ਪਰ ਕੇਂਦਰ ਸਰਕਾਰ ਵਲੋਂ ਠੀਕ ਤਰ੍ਹਾਂ ਨਾਲ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਇਸ ਦੀ ਬਜਾਏ ਮੋਦੀ ਸਰਕਾਰ ਨੇ ਆਪਣੇ ਪੱਧਰ ‘ਤੇ ਪ੍ਰੋਗਰਾਮ ਕਰਨ ਦਾ ਫ਼ੈਸਲਾ ਕੀਤਾ। ਇਸ ਤੋਂ ਸਪੱਸ਼ਟ ਹੈ ਕਿ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਜਿਹਾ ਸਿਆਸੀ ਲਾਭ ਲੈਣ ਲਈ ਕੀਤਾ ਗਿਆ ਹੈ। ਕੈਪਟਨ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਉਹ ਕਤਲੇਆਮ ਦੇ ਸ਼ਹੀਦਾਂ, ਰੋਜ਼ਾਨਾ ਸਰਹੱਦ ‘ਤੇ ਸ਼ਹੀਦ ਹੁੰਦੇ ਜਵਾਨਾਂ ਤੇ ਆਈਐੱਸਆਈ ਦੀ ਸ਼ਹਿ ‘ਤੇ ਹੁੰਦੇ ਹਮਲਿਆਂ ਵਿੱਚ ਜਾਨ ਗੁਆਉਣ ਵਾਲੇ ਜਵਾਨਾਂ ਦੀ ਸ਼ਹਾਦਤ ਨੂੰ ਆਪਣੇ ਸਿਆਸੀ ਮੁਫ਼ਾਦਾਂ ਲਈ ਨਾ ਵਰਤਣ।
ਰਾਹੁਲ ਗਾਂਧੀ ਨੇ ਜਲ੍ਹਿਆਂਵਾਲੇ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਕਿਹਾ – ਸ਼ਹੀਦਾਂ ਦੀਆਂ ਕੁਰਬਾਨੀਆਂ ਕਦੇ ਨਹੀਂ ਭੁਲਾਵਾਂਗੇ
ਅੰਮ੍ਰਿਤਸਰ : ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਇੱਥੇ ਜੱਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦਾਂ ਪ੍ਰਤੀ ਆਪਣੀਆਂ ਭਾਵਨਾਵਾਂ ਜੱਲ੍ਹਿਆਂਵਾਲਾ ਬਾਗ ਵਿਚ ਯਾਤਰੂ ਕਿਤਾਬ ਵਿਚ ਦਰਜ ਕਰਦਿਆਂ ਉਨ੍ਹਾਂ ਲਿਖਿਆ ਕਿ ਦੇਸ਼ ਦੀ ਅਜ਼ਾਦੀ ਲਈ ਦਿੱਤੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਅਸੀਂ ਦੇਸ਼ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਸਲਾਮ ਕਰਦੇ ਹਾਂ, ਜਿਨ੍ਹਾਂ ਨੇ ਅਜ਼ਾਦੀ ਲਈ ਆਪਣਾ ਸਭ ਕੁਝ ਵਾਰ ਦਿੱਤਾ। ਰਾਹੁਲ ਗਾਂਧੀ ਨੇ ਇੱਥੇ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦੀ ਸਮਾਰਕ ‘ਤੇ ਫੁੱਲ ਮਾਲਾ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨਾਲ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਪੰਜਾਬ ਮਾਮਲਿਆਂ ਬਾਰੇ ਇੰਚਾਰਜ ਆਸ਼ਾ ਕੁਮਾਰੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੇ ਹੋਰ ਮੰਤਰੀ ਅਤੇ ਵਿਧਾਇਕ ਸ਼ਾਮਲ ਸਨ। ਸਾਰੇ ਕਾਂਗਰਸੀ ਆਗੂਆਂ ਨੇ ਸ਼ਹੀਦੀ ਸਮਾਰਕ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਮੌਨ ਧਾਰਨ ਕੀਤਾ। ਇਸ ਦੌਰਾਨ ਪੁਲਿਸ ਬੈਂਡ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸੰਗੀਤਕ ਧੁੰਨ ਵਜਾਈ। ਵਾਪਸੀ ਮੌਕੇ ਰਾਹੁਲ ਗਾਂਧੀ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ। ਉਨ੍ਹਾਂ ਨੇ ਦੇਸ਼ ਦੇ ਸੰਵਿਧਾਨ ਦੇ ਰਚੇਤਾ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ‘ਤੇ ਵੀ ਫੁੱਲ ਮਾਲਾ ਭੇਟ ਕੀਤੀ।
ਰਾਹੁਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਟੇਕਿਆ ਮੱਥਾ
ਰਾਹੁਲ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਤ ਸਾਢੇ 11 ਵਜੇ ਮੱਥਾ ਟੇਕਿਆ। ਉਹ ਅਕਾਲ ਤਖ਼ਤ ਸਾਹਿਬ ਵਿਖੇ ਵੀ ਨਤਮਸਤਕ ਹੋਏ। ਗੁਰੂ ਘਰ ਮੱਥਾ ਟੇਕਣ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਗੁਰਜੀਤ ਸਿੰਘ ਔਜਲਾ ਤੇ ਹੋਰ ਕਈ ਹਾਜ਼ਰ ਸਨ।
ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਅੰਮ੍ਰਿਤਸਰ : ਭਾਰਤ ਵਿੱਚ ਬਰਤਾਨੀਆ ਦੇ ਹਾਈ ਕਮਿਸ਼ਨਰ ਡੌਮੀਨਿਕ ਐੱਸਕੁਇਤ ਨੇ ਬਰਤਾਨਵੀ ਸਰਕਾਰ ਵੱਲੋਂ ਇੱਥੇ ਜਲ੍ਹਿਆਂਵਾਲਾ ਬਾਗ ਵਿੱਚ ਸ਼ਹੀਦੀ ਸਮਾਰਕ ਵਿਖੇ ਪੁੱਜ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਨੇ ਸੌ ਸਾਲ ਪਹਿਲਾਂ ਵਾਪਰੇ ਇਸ ਖੂਨੀ ਸਾਕੇ ਉੱਤੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ। ਸਾਕੇ ਦੀ ਸ਼ਤਾਬਦੀ ਮੌਕੇ ਬਰਤਾਨੀਆ ਦੇ ਹਾਈ ਕਮਿਸ਼ਨਰ ਜਲ੍ਹਿਆਂਵਾਲਾ ਬਾਗ ਪੁੱਜੇ, ਜਿਥੇ ਉਨ੍ਹਾਂ ਸਮਾਰਕ ‘ਤੇ ਫੁੱਲਮਾਲਾ ਭੇਟ ਕੀਤੀ ਅਤੇ ਮੌਨ ਧਾਰਨ ਕਰਕੇ ਸ਼ਹੀਦਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮਗਰੋਂ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਅਤੇ ‘ਯਾਤਰੂ ਕਿਤਾਬ’ ਵਿੱਚ ਦਰਜ ਕੀਤੀਆਂ ਆਪਣੀਆਂ ਭਾਵਨਾਵਾਂ ਵਿੱਚ ਉਨ੍ਹਾਂ ਆਖਿਆ ਕਿ ਸੌ ਸਾਲ ਪਹਿਲਾਂ ਜਲਿਆਂਵਾਲਾ ਬਾਗ ਵਿੱਚ ਵਾਪਰੀ ਘਟਨਾ ਇੱਕ ਸ਼ਰਮਨਾਕ ਕਾਰਾ ਸੀ, ਜਿਸ ਦਾ ਬਰਤਾਨੀਆ ਦੀ ਸਰਕਾਰ ਨੂੰ ਬੇਹੱਦ ਦੁੱਖ ਹੈ।

Check Also

ਕਰਜ਼ੇ ’ਚ ਡੁੱਬੇ ਜਗਰਾਓ ਦੇ ਕਿਸਾਨ ਸੁਖਮੰਦਰ ਸਿੰਘ ਨੇ ਪੀਤੀ ਜ਼ਹਿਰ

ਤਿੰਨ ਧੀਆਂ ਦੇ ਪਿਤਾ ਨੇ ਇਲਾਜ਼ ਦੌਰਾਨ ਤੋੜਿਆ ਦਮ ਜਗਰਾਉਂ/ਬਿਊਰੋ ਨਿਊਜ਼ : ਸਮੇਂ-ਸਮੇਂ ਦੀਆਂ ਸਰਕਾਰਾਂ …