ਅਕਾਲੀ ਦਲ ਭੀੜ ਇਕੱਠੀ ਕਰਨ ਲਈ ਕਾਮੇਡੀਅਨਾਂ ਦਾ ਲੈਣ ਲੱਗਾ ਸਹਾਰਾ
ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਹਲਕੇ ਤੋਂ ਮੁਕਾਬਲਾ ਕਾਫੀ ਰੌਚਕ ਹੁੰਦਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਸਿਆਸਤਦਾਨ ਹੋਣ ਦੇ ਨਾਲ-ਨਾਲ ਇਕ ਕਾਮੇਡੀ ਕਲਾਕਾਰ ਵੀ ਹਨ ਅਤੇ ਭੀੜ ਵੀ ਵਾਹਵਾ ਇਕੱਠੀ ਕਰ ਰਹੇ ਹਨ। ਇਸ ਨੂੰ ਦੇਖਦਿਆਂ ਅਕਾਲੀ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਭੀੜ ਇਕੱਠੀ ਕਰਨ ਲਈ ਕਾਮੇਡੀਅਨ ਭੋਟੂ ਸ਼ਾਹ ਨੂੰ ਆਪਣੇ ਕਾਫਲੇ ਵਿਚ ਸ਼ਾਮਲ ਕੀਤਾ ਹੈ। ਇਸ ਸਬੰਧੀ ਹਲਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਨੇਤਾ ਕੰਮ ਕਰਨ ਤਾਂ ਭੀੜ ਇਕੱਠੀ ਕਰਨ ਲਈ ਕਾਮੇਡੀਅਨਾਂ ਦਾ ਸਹਾਰਾ ਨਾ ਲੈਣਾ ਪਵੇ। ਇਸ ਸਬੰਧੀ ਭਗਵੰਤ ਮਾਨ ਦਾ ਕਹਿਣਾ ਸੀ ਕਿ ਢੀਂਡਸਾ ਜਿੰਨੇ ਮਰਜ਼ੀ ਕਾਮੇਡੀਅਨ ਇਕੱਠੇ ਕਰ ਲੈਣ, ਪਰ ਜਨਤਾ ਨੇ ਤੱਕੜੀ ਨੂੰ ਵੋਟ ਨਹੀਂ ਪਾਉਣੀ। ਜ਼ਿਕਰਯੋਗ ਹੈ ਕਿ 2014 ਦੀਆਂ ਲੋਕ ਸਭਾ ਚੋਣਾਂ ਵਿਚ ਭਗਵੰਤ ਮਾਨ ਨੇ ਪਰਮਿੰਦਰ ਸਿੰਘ ਢੀਂਡਸਾ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਦੀ ਜ਼ਮਾਨਤ ਵੀ ਜ਼ਬਤ ਕਰਵਾ ਦਿੱਤੀ ਸੀ। ਜ਼ਿਕਰਯੋਗ ਹੈ ਕਿ ਸੰਗਰੂਰ ਵਿਚ ਮੁੱਖ ਮੁਕਾਬਲਾ ਭਗਵੰਤ ਮਾਨ, ਪਰਮਿੰਦਰ ਸਿੰਘ ਢੀਂਡਸਾ ਅਤੇ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਵਿਚਕਾਰ ਹੋਣਾ ਹੈ।
ਪੰਜਾਬ ਦੇ ਲੀਡਰਾਂ ਦੀਆਂ ਨੀਤਾਂ ਖੋਟੀਆਂ
ਬਠਿੰਡਾ : ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਮੁੱਦਾ ਹਰ ਚੋਣਾਂ ਵਿਚ ਭਾਰੂ ਰਹਿੰਦਾ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਸੂਬੇ ਦੇ ਇਸ ਗੰਭੀਰ ਮੁੱਦੇ ‘ਤੇ ਸਿਆਸੀ ਰੋਟੀਆਂ ਸੇਕਦੀਆਂ ਆ ਰਹੀਆਂ ਹਨ, ਪਰ ਖੁਦਕੁਸ਼ੀਆਂ ਰੋਕਣ ਲਈ ਅਜੇ ਤੱਕ ਕਿਸੇ ਵੀ ਪਾਰਟੀ ਨੇ ਕੁਝ ਲਹੀਂ ਕੀਤਾ। ਵੱਖ-ਵੱਖ ਪਾਰਟੀਆਂ ਦੇ ਆਗੂ ਖੁਦਕੁਸ਼ੀ ਪੀੜਤ ਕਿਸਾਨ ਪਰਿਵਾਰਾਂ ਦੇ ਘਰਾਂ ‘ਚ ਜਾ ਕੇ ਉਨ੍ਹਾਂ ਨੂੰ ਮਿਲ ਕੇ ਲੰਬੇ ਚੌੜੇ ਵਾਅਦੇ ਤਾਂ ਬਹੁਤ ਕਰਦੇ ਹਨ, ਪਰ ਅਮਲ ਵਿਚ ਕੁਝ ਵੀ ਨਹੀਂ ਲਿਆਇਆ ਜਾਂਦਾ। ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ, ‘ਆਪ’ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪ੍ਰਸ਼ਾਂਤ ਭੂਸ਼ਨ ਸਮੇਤ ਪੰਜਾਬ ਦੇ ਕਈ ਆਗੂ ਖੁਦਕੁਸ਼ੀ ਪੀਡਤ ਪਰਿਵਾਰਾਂ ਨੂੰ ਮਿਲ ਚੁੱਕੇ ਹਨ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਅਪੀਲਾਂ ਕਰਦੇ ਰਹੇ ਕਿ ਉਹ ਕੁਝ ਸਮਾਂ ਖੁਦਕੁਸ਼ੀ ਨਾ ਕਰਨ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਖੁਦਕੁਸ਼ੀਆਂ ਦਾ ਪੱਕਾ ਹੱਲ ਕਰ ਦਿੱਤਾ ਜਾਵੇਗਾ ਪਰ ਹੱਲ ਨਹੀਂ ਲੱਭਿਆ ਗਿਆ। ਭਾਵੇਂ ਕੈਪਟਨ ਸਰਕਾਰ ਨੇ ਕਿਸਾਨਾਂ ਦਾ ਕੁਝ ਕਰਜ਼ਾ ਮਾਫ ਕਰਕੇ ਰਾਹਤ ਜ਼ਰੂਰ ਦਿੱਤੀ ਹੈ, ਪਰ ਸਰਕਾਰ ਕਿਸਾਨ ਖੁਦਕੁਸ਼ੀਆਂ ਰੋਕਣ ਲਈ ਬਹੁਤਾ ਪੁਖਤਾ ਕਦਮ ਨਹੀਂ ਚੁੱਕ ਸਕੀ। ਅਕਾਲੀ ਦਲ ਦੀ ਸਰਕਾਰ ਸਮੇਂ ਕਾਂਗਰਸ ਨੇ ਕਿਸਾਨ ਖੁਦਕੁਸ਼ੀਆਂ ‘ਤੇ ਖੂਬ ਰੋਟੀਆਂ ਸੇਕੀਆਂ, ਜਦੋਂ ਕਿ ਹੁਣ ਅਕਾਲੀ ਦਲ ਤੇ ‘ਆਪ’ ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ਉਤੇ ਕਾਂਗਰਸ ਸਰਕਾਰ ਨੂੰ ਘੇਰ ਰਹੇ ਹਨ। ਅਕਾਲੀ-ਭਾਜਪਾ ਸਰਕਾਰ ਨੇ ਵੀ ਦਸ ਸਾਲਾਂ ਦੇ ਰਾਜ ਦੌਰਾਨ ਕਿਸਾਨ ਖੁਦਕੁਸ਼ੀਆਂ ਰੋਕਣ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ। ਖੁਦਕੁਸ਼ੀ ਪੀੜਤ ਪਰਿਵਾਰਾਂ ਦੀ ਆਰਥਿਕ ਹਾਲਤ ਬਹੁਤ ਮੰਦੀ ਹੈ। ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਸਿਰ ਕਰਜ਼ੇ ਦੀ ਪੰਡ ਹੋਰ ਭਾਰੀ ਹੋ ਗਈ ਹੈ। ਕਈ ਘਰਾਂ ਦੇ ਕਮਾਊ ਮਰਦ ਜਹਾਨ ਤੋਂ ਤੁਰ ਜਾਣ ਕਾਰਨ ਉਨ੍ਹਾਂ ਦੇ ਘਰ ਕਮਾਉਣ ਵਾਲਾ ਕੋਈ ਨਹੀਂ ਰਿਹਾ।
ਕਈਆਂ ਦਾ ਨਹੀਂ ਹੋਇਆ ਪੋਸਟ ਮਾਰਟਮ
ਸਾਲ 2016 ਵਿਚ ਜ਼ਿਲ੍ਹੇ ਅੰਦਰ 98 ਕਿਸਾਨਾਂ ਤੇ ਮਜ਼ਦੂਰਾਂ ਨੇ ਖੁਦਕੁਸ਼ੀ ਕੀਤੀ ਸੀ। ਇਨ੍ਹਾਂ ਵਿਚੋਂ 16 ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਮਨਜੂਰੀ ਦਿੱਤੀ ਗਈ ਹੈ। ਖੁਦਕੁਸ਼ੀ ਕਰਨ ਵਾਲੇ ਬਹੁਤ ਲੋਕਾਂ ਨੂੰ ਮੁਆਵਜ਼ੇ ਤੋਂ ਇਸ ਲਈ ਵਾਂਝਾ ਕਰ ਦਿੱਤਾ ਗਿਆ ਕਿਉਂਕਿ ਕਈ ਮ੍ਰਿਤਕਾਂ ਦਾ ਪੋਸਟ ਮਾਰਟਮ ਨਹੀਂ ਕਰਵਾਇਆ ਗਿਆ ਸੀ।
ਖੁਦਕੁਸ਼ੀਆਂ ਕਰਨ ਵਾਲੇ ਮਜ਼ਦੂਰਾਂ ਨੂੰ ਸਰਕਾਰ ਨੇ ਮੁਆਵਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ।
ਸਾਲ 2017 ਵਿਚ 100 ਖੁਦਕੁਸ਼ੀਆਂ
ਭਾਵੇਂ ਕਾਂਗਰਸ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਕਈ ਵੱਡੇ ਵਾਅਦੇ ਕੀਤੇ ਸਨ, ਜਿਸ ਵਿਚ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੋ ਲੱਖ ਤੋਂ ਵਧਾ ਕੇ ਤਿੰਨ ਲੱਖ ਰੁਪਏ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਸਰਕਾਰ ਦੇ ਗਠਨ ਤੋਂ ਬਾਅਦ ਬਠਿੰਡਾ ਜ਼ਿਲ੍ਹੇ ਅੰਦਰ ਸਿਰਫ 23 ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮਨਜੂਰੀ ਦਿੱਤੀ ਗਈ ਹੈ, ਜਦਕਿ ਮੁਆਵਜ਼ਾ ਅਜੇ ਕਿਸੇ ਨੂੰ ਵੀ ਨਹੀਂ ਮਿਲਿਆ। ਸਾਲ 2017 ਵਿਚ ਕਾਂਗਰਸ ਸਰਕਾਰ ਦੇ ਗਠਨ ਤੋਂ ਬਾਅਦ ਕਰਜ਼ੇ ਤੇ ਆਰਥਿਕ ਤੰਗੀ ਕਾਰਨ ਇਕੱਠੇ ਬਠਿੰਡਾ ਜ਼ਿਲ੍ਹੇ ਅੰਦਰ 100 ਕਿਸਾਨਾਂ ਤੇ ਮਜ਼ਦੂਰਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ। ਖੁਦਕੁਸ਼ੀਆਂ ਕਰਨ ਵਾਲੇ ਇਨ੍ਹਾਂ 100 ਕਿਸਾਨਾਂ ਵਿਚੋਂ ਸਿਰਫ 23 ਕਿਸਾਨਾਂ ਨੂੰ ਮੁਆਵਜ਼ੇ ਲਈ ਮਨਜੂਰੀ ਦਿੱਤੀ ਗਈ ਹੈ, ਪਰ ਅਜੇ ਤੱਕ ਮੁਆਵਜ਼ਾ ਨਸੀਬ ਨਹੀਂ ਹੋਇਆ। ਆਰਥਿਕ ਤੰਗੀ ਕਾਰਨ ਖੁਦਕੁਸ਼ੀ ਕਰਨ ਵਾਲੇ ਮਜ਼ਦੂਰਾਂ ਨੂੰ ਪੰਜਾਬ ਸਰਕਾਰ ਵਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਜਾਂਦਾ।
ਦੋ ਸਾਲਾਂ ‘ਚ 11 ਮਹਿਲਾਵਾਂ ਵੀ ਕਰ ਚੁੱਕੀਆਂ ਹਨ ਖੁਦਕੁਸ਼ੀ
ਸਾਲ 2016 ਤੇ 2017 ਵਿਚ ਜ਼ਿਲ੍ਹੇ ਅੰਦਰ 11 ਕਿਸਾਨ ਮਜ਼ਦੂਰ ਮਹਿਲਾਵਾਂ ਨੇ ਖੁਦਕੁਸ਼ੀ ਕੀਤੀ, ਪਰ ਅਜੇ ਤੱਕ ਕਿਸੇ ਵੀ ਕਿਸਾਨ ਮਜ਼ਦੂਰ ਮਹਿਲਾ ਦੇ ਪਰਿਵਾਰ ਨੂੰ ਮੁਆਵਜ਼ਾ ਨਹੀਂ ਮਿਲਿਆ।
2015 ਤੋਂ ਬਾਅਦ ਵਧਿਆ ਖੁਦਕੁਸ਼ੀਆਂ ਦਾ ਰੁਝਾਨ
ਚਿੱਟੀ ਮੱਖੀ ਦੇ ਹਮਲੇ ਕਾਰਨ ਨਰਮੇ ਦੀ ਫਸਲ ਬਰਬਾਦ ਹੋਣ ਤੋਂ ਬਾਅਦ ਸਾਲ 2015 ਵਿਚ ਖੁਦਕੁਸ਼ੀਆਂ ਦਾ ਰੁਝਾਨ ਕਾਫੀ ਵਧ ਗਿਆ ਸੀ। ਨਵੰਬਰ 2015 ਵਿਚ ਉਸ ਵੇਲੇ ਦੇ ਆਲ ਇੰਡੀਆ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਜ਼ਿਲ੍ਹੇ ਦੇ ਪਿੰਡ ਮਾਨਾਂਵਾਲਾ ਵਿਚ ਖੁਦਕੁਸ਼ੀ ਕਰਨ ਵਾਲੇ ਕਿਸਾਨ ਦੇ ਘਰ ਗਏ ਸਨ। ਇਸ ਤੋਂ ਇਲਾਵਾ ਉਨ੍ਹਾਂ ਹੋਰ ਕਈ ਖੁਦਕੁਸ਼ੀ ਪੀੜਤ ਕਿਸਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਸੀ ਅਤੇ ਕਿਸਾਨ ਖੁਦਕੁਸ਼ੀਆਂ ਰੋਕਣ ਲਈ ਕੋਈ ਠੋਸ ਕਦਮ ਚੁੱਕਣ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ ਫਰਵਰੀ 2016 ਵਿਚ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੇ ਦੌਰੇ ‘ਤੇ ਆਏ ਤਾਂ ਉਨ੍ਹਾਂ ਜ਼ਿਲ੍ਹਾ ਸੰਗਰੂਰ ਤੇ ਮਾਨਸਾ ਦੇ ਤਿੰਨ-ਤਿੰਨ ਪਿੰਡਾਂ ਦੇ ਖੁਦਕੁਸ਼ੀ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਸੀ।ਇਸ ਤੋਂ ਇਲਾਵਾ ਪ੍ਰਸ਼ਾਂਤ ਭੂਸ਼ਨ, ਕੈਪਟਨ ਅਮਰਿੰਦਰ ਸਿੰਘ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ ਵੀ ਖੁਦਕੁਸ਼ੀ ਪੀੜਤ ਪਰਿਵਾਰਾਂ ਦੇ ਘਰਾਂ ਵਿਚ ਜਾ ਕੇ ਹਮਦਰਦੀ ਜ਼ਾਹਰ ਕਰ ਚੁੱਕੇ ਹਨ।
Check Also
ਸਮੂਹ ਕੈਨੇਡਾ-ਵਾਸੀਆਂ ਦੀਆਂ ਜੇਬਾਂ ‘ ਚ ਡਾਲਰ ਪਾਉਣ ਲਈ ਸਰਕਾਰ ਨੇ ਦਿੱਤੀਆਂ ਟੈਕਸ ਰਿਆਇਤਾਂ : ਸੋਨੀਆ ਸਿੱਧੂ
ਬਰੈਂਪਟਨ : ਪਿਛਲੇ ਕੁਝ ਸਾਲ ਲੋਕਾਂ ਲਈ ਚੁਣੌਤੀਆਂ ਭਰਪੂਰ ਰਹੇ ਹਨ ਅਤੇ ਇੰਜ ਲੱਗਦਾ ਹੈ, …