ਚੰਡੀਗੜ੍ਹ/ਬਿਊਰੋ ਨਿਊਜ਼
ਕੁਝ ਕਾਂਗਰਸ ਆਗੂਆਂ ਵੱਲੋਂ ਚੋਣ ਸਰਗਰਮੀ ਸ਼ੁਰੂ ਨਾ ਕੀਤੇ ਜਾਣ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਮੰਤਰੀਆਂ ਦੀ ਕਾਰਗੁਜ਼ਾਰੀ ਆਪਣੇ ਹਲਕਿਆਂ ਵਿਚ ਪਾਰਟੀ ਦੇ ਮਿਆਰਾਂ ਅਨੁਸਾਰ ਨਾ ਹੋਈ ਤਾਂ ਉਨ੍ਹਾਂ ਦੀ ਵਜ਼ਾਰਤ ਵਿਚੋਂ ਛਾਂਟੀ ਕਰ ਦਿੱਤੀ ਜਾਵੇਗੀ ਅਤੇ ਵਿਧਾਇਕਾਂ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਟਿਕਟ ਤੋਂ ਹੱਥ ਧੋਣੇ ਪੈ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਰਲ ਕੇ ‘ਮਿਸ਼ਨ 13’ ਦੀ ਸਫ਼ਲਤਾ ਲਈ ਜੁੱਟ ਜਾਣਾ ਚਾਹੀਦਾ ਹੈ।
ਇਹੀ ਹੁਕਮ ਚੇਅਰਮੈਨਾਂ ਅਤੇ ਸੰਭਾਵੀ ਚੇਅਰਮੈਨਾਂ ਲਈ ਲਾਗੂ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਬੋਰਡਾਂ ਅਤੇ ਨਿਗਮਾਂ ਦੇ ਚੇਅਰਮੈਨ ਲਾਉਣ ਲਈ ਪਾਰਟੀ ਹਾਈਕਮਾਂਡ ਨੇ ਸੀਨੀਆਰਤਾ ਦੀ ਥਾਂ ਵਿਅਕਤੀਗਤ ਕਾਰਗੁਜ਼ਾਰੀ ਤੈਅ ਕਰ ਦਿੱਤੀ ਹੈ। ਜਾਣਕਾਰਾਂ ਮੁਤਾਬਕ ਪੰਜਾਬ ਵਿਚ ਕਾਂਗਰਸ ਵਿਧਾਇਕਾਂ, ਮੰਤਰੀਆਂ ਅਤੇ ਆਗੂਆਂ ਦੀ ਢਿੱਲੀ ਕਾਰਗੁਜ਼ਾਰੀ ਦੀਆਂ ਰਿਪੋਰਟਾਂ ਕਾਂਗਰਸ ਹਾਈਕਮਾਂਡ ਕੋਲ ਪਹੁੰਚੀਆਂ ਹਨ। ਇਸ ਫ਼ੈਸਲੇ ਦਾ ਮੰਤਵ ਪਾਰਟੀ ਵਿੱਚ ਕਾਰਗੁਜ਼ਾਰੀ ਆਧਾਰਿਤ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੈ। ਹੁਣ ਵੀ ਪਾਰਟੀ ਦੇ ਕੁਝ ਵਿਧਾਇਕ ਆਪਣੇ ਹਲਕਿਆਂ ਦੀ ਥਾਂ ਚੰਡੀਗੜ੍ਹ ਵਿਚ ਸਨ। ਇਸ ਚਿਤਾਵਨੀ ਮਗਰੋਂ ਆਗੂਆਂ ਦੇ ਫੌਰੀ ਤੌਰ ‘ਤੇ ਆਪੋ ਆਪਣੇ ਹਲਕਿਆਂ ਵਿਚ ਸਰਗਰਮ ਹੋ ਜਾਣ ਦੀ ਉਮੀਦ ਹੈ।
ਜਾਣਕਾਰੀ ਅਨੁਸਾਰ ਪਾਰਟੀ ਨੂੰ ਫਿਰੋਜ਼ਪੁਰ, ਸੰਗਰੂਰ ਅਤੇ ਸ੍ਰੀ ਆਨੰਦਪੁਰ ਸਾਹਿਬ ਹਲਕਿਆਂ ਵਿਚ ਅਜਿਹੀਆਂ ਰਿਪੋਰਟਾਂ ਮਿਲੀਆਂ ਹਨ ਕਿ ਉਥੇ ਸਾਰੇ ਆਗੂ ਅਜੇ ਸਰਗਰਮ ਨਹੀਂ ਹੋਏ ਹਨ ਜਿਨ੍ਹਾਂ ਵਿਚ ਕੁਝ ਮੌਜੂਦਾ ਅਤੇ ਸਾਬਕਾ ਵਿਧਾਇਕ ਵੀ ਸ਼ਾਮਲ ਹਨ।
ਇਸੇ ਕਰਕੇ ਮੁੱਖ ਮੰਤਰੀ ਨੂੰ ਹਫ਼ਤੇ ਦੇ ਅੰਦਰ ਅੰਦਰ ਦੂਜੀ ਵਾਰ ਅਜਿਹਾ ਬਿਆਨ ਜਾਰੀ ਕਰਨਾ ਪਿਆ ਹੈ। ਬਾਦਲਾਂ ਨਾਲ ਨੇੜਤਾ ਦੇ ਲੱਗ ਰਹੇ ਦੋਸ਼ਾਂ ਬਾਰੇ ਕੈਪਟਨ ਨੇ ਕਿਹਾ ਕਿ ਉਹ ਬਠਿੰਡਾ ਤੋਂ ਅਕਾਲੀ ਉਮੀਦਵਾਰ ਹਰਸਿਮਰਤ ਬਾਦਲ ਅਤੇ ਫਿਰੋਜ਼ਪੁਰ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਧੂੜ ਚਟਾਉਣ ਲਈ ਆਪ ਚੋਣ ਮੁਹਿੰਮ ਦੀ ਅਗਵਾਈ ਕਰਨਗੇ।
ਅਕਾਲ ਤਖ਼ਤ ਸਾਹਿਬ ਨੂੰ ਨਿੱਜੀ ਹਿੱਤਾਂ ਲਈ ਵਰਤਣ ਵਾਲੇ ਸਿੱਖ ਨਹੀਂ ਹੋ ਸਕਦੇ : ਕੈਪਟਨ
ਸੰਗਰੂਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਰਮ ਦੇ ਨਾਂ ‘ਤੇ ਸਿਆਸਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਿਆਸੀ ਰਗੜੇ ਲਾਏ। ਉਨ੍ਹਾਂ ਸਿੱਧੇ ਰੂਪ ਵਿਚ ਸੁਖਬੀਰ ਬਾਦਲ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਨੂੰ ਨਿੱਜੀ ਹਿੱਤਾਂ ਲਈ ਵਰਤਣ ਵਾਲੇ ਕਦੇ ਸਿੱਖ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਜਿਹੜੀਆਂ ਧਿਰਾਂ ਬਾਦਲਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚੋਂ ਬਾਹਰ ਕੱਢਣ ਲਈ ਯਤਨ ਕਰਨਗੀਆਂ ਉਨ੍ਹਾਂ ਦੀ ਹਮਾਇਤ ਕੀਤੀ ਜਾਵੇਗੀ। ਕੈਪਟਨ ਸੰਗਰੂਰ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੰਕਾਰੀ ਬਣ ਗਿਆ ਹੈ ਜੋ ਕਿ ਤਖ਼ਤਾਂ ਦੇ ਜਥੇਦਾਰਾਂ ਨੂੰ ਘਰ ਸੱਦ ਕੇ ਹੁਕਮ ਸੁਣਾਉਂਦਾ ਹੈ। ਉਨ੍ਹਾਂ ਸੁਖਬੀਰ ਤੇ ਹਰਸਿਮਰਤ ਬਾਰੇ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਦੋਵਾਂ ਨੂੰ ਹਰਾਉਣਗੇ।
ਸੂਬਾਈ ਲੀਡਰਸ਼ਿਪ ਦੀ ਜ਼ਿੰਮੇਵਾਰੀ ਵੀ ਤੈਅ ਹੋਵੇ: ਬਾਜਵਾ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਨੇ ਲੋਕ ਸਭਾ ਚੋਣਾਂ ਵਿਚ ਸੂਬੇ ਦੇ ਮਾੜੀ ਕਾਰਗੁਜ਼ਾਰੀ ਵਾਲੇ ਮੰਤਰੀਆਂ, ਵਿਧਾਇਕਾਂ ਵਿਰੁੱਧ ਕਾਰਵਾਈ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਲਈ ਸੂਬਾਈ ਲੀਡਰਸ਼ਿਪ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ। ਇਸ ਮਾਮਲੇ ‘ਚ ਲੀਡਰਸ਼ਿਪ ਨੂੰ ਮਿਸਾਲ ਕਾਇਮ ਕਰਨੀ ਚਾਹੀਦੀ ਹੈ ਤੇ ਜੇ ਨਹੀਂ ਕਰ ਸਕਦੀ ਤਾਂ ਅਹੁਦੇ ਛੱਡ ਦੇਣੇ ਚਾਹੀਦੇ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …