ਕਿਹਾ – ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ
ਰੂਪਨਗਰ/ਬਿਊਰੋ ਨਿਊਜ਼
ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ਵਿਚ ਅਕਾਲੀ ਲੀਡਰਸ਼ਿਪ ਨੂੰ ਐਸ.ਆਈ.ਟੀ. ਵਲੋਂ ਕਲੀਨ ਚਿੱਟ ਦਿੱਤੇ ਜਾਣ ਦੀਆਂ ਰਿਪੋਰਟਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਦ ਕਰ ਦਿੱਤਾ ਹੈ। ਰੂਪਨਗਰ ‘ਚ ਗੱਲਬਾਤ ਕਰਦਿਆਂ ਕੈਪਟਨ ਨੇ ਕਿਹਾ ਕਿ ਅਜੇ ਤੱਕ ਅਦਾਲਤ ਵਿਚ ਇਕਹਿਰਾ ਚਲਾਨ ਪੇਸ਼ ਕੀਤਾ ਗਿਆ ਹੈ, ਜਿਸ ਦਾ ਵਿਸ਼ਲੇਸ਼ਣ ਗਲਤ ਢੰਗ ਨਾਲ ਕਰਕੇ ਇਸਦਾ ਅਰਥ ਇਹ ਕੱਢਿਆ ਜਾ ਰਿਹਾ ਹੈ, ਕਿ ਇਸ ਮਾਮਲੇ ਵਿਚ ਅਕਾਲੀ ਬੇਗੁਨਾਹ ਹਨ। ਮੁੱਖ ਮੰਤਰੀ ਨੇ ਕਿਹਾ ਕਿ ਐਸ.ਆਈ.ਟੀ. ਨੇ ਪਹਿਲਾਂ ਹੀ ਸਪੱਸ਼ਟ ਕੀਤਾ ਹੋਇਆ ਹੈ ਕਿ ਇਸ ਮਾਮਲੇ ਵਿਚ ਜਾਂਚ ਪੜਤਾਲ ਅਜੇ ਚੱਲ ਰਹੀ ਹੈ। ਉਨ੍ਹਾਂ ਸਾਫ ਸ਼ਬਦਾਂ ਵਿਚ ਕਿਹਾ ਕਿ ਜਿਹੜਾ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਦੋਸ਼ੀ ਪਾਇਆ ਗਿਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਕੈਪਟਨ ਨੇ ਕਿਹਾ ਕਿ ਇਸ ਮਾਮਲੇ ਵਿਚ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਨਹੀਂ ਕੀਤਾ ਜਾਵੇਗਾ।