16.2 C
Toronto
Saturday, September 19, 2026
spot_img
Homeਭਾਰਤ'ਆਪ' ਦੇ ਵਿਧਾਇਕਾਂ ਨੂੰ ਕਰੋੜਾਂ ਰੁਪਏ 'ਚ ਖਰੀਦਣ ਦੀ ਕੋਸ਼ਿਸ਼ ਕਰ ਰਹੀ...

‘ਆਪ’ ਦੇ ਵਿਧਾਇਕਾਂ ਨੂੰ ਕਰੋੜਾਂ ਰੁਪਏ ‘ਚ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ : ਸਿਸੋਦੀਆ

‘ਆਪ’ ਦੇ ਵਿਧਾਇਕਾਂ ਨੂੰ ਕਰੋੜਾਂ ਰੁਪਏ ‘ਚ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ : ਸਿਸੋਦੀਆਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਜਪਾ ਆਪਣੀਆਂ ਪੁਰਾਣੀਆਂ ਹਰਕਤਾਂ ‘ਤੇ ਉੱਤਰ ਆਈ ਹੈ। ਉਨ੍ਹਾਂ ਕਿਹਾ ਕਿ ਨਿਗਮ ਚੋਣਾਂ ਤੋਂ ਪਹਿਲਾਂ ਇਕ ਵਿਧਾਇਕ ਨੂੰ ਖਰੀਦਣ ਦੀ ਕੀਤੀ ਗਈ ਕੋਸ਼ਿਸ਼ ਵਾਂਗ ਹੀ ਹੁਣ ਫਿਰ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਦੇ 7 ਵਿਧਾਇਕਾਂ ਨੂੰ 10-10 ਕਰੋੜ ਰੁਪਏ ਦੇ ਕੇ ਖਰੀਦਣ ਦੀ ਕੋਸ਼ਿਸ਼ ਕੀਤੀ ਗਈ ਹੈ।
ਦਿੱਲੀ ਦੇ ਉਪ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਜਮਹੂਰੀਅਤ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮੋਦੀ ਨੇ ਪਹਿਲਾਂ ਕਿਹਾ ਸੀ ਕਿ ਪੱਛਮੀ ਬੰਗਾਲ ਦੇ 40 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਹ ਇਹ ਸ਼ਰੇਆਮ ਕਹਿੰਦੇ ਫਿਰਨ ਕਿ ਉਹ ਵਿਧਾਇਕਾਂ ਨੂੰ ਖਰੀਦਣ ਲਈ ਚਾਰਾ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਜਮਹੂਰੀਅਤ ਕਾਰਨ ਹੀ ਪ੍ਰਧਾਨ ਮੰਤਰੀ ਹਨ ਤੇ ਉਹ ਪੱਛਮੀ ਬੰਗਾਲ ਵਿੱਚ ਤੇ ਇੱਥੇ ਦਿੱਲੀ ਵਿੱਚ ਕਥਿਤ ਵਿਧਾਇਕ ਖਰੀਦਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਫ਼ਰਜ਼ੀ ਮੁੱਦੇ ਉਠਾ ਕੇ ਚੋਣਾਂ ਲੜਨ ਦੀ ਥਾਂ ਆਮ ਜਨਤਾ ਲਈ ਕੀਤੇ ਕੰਮਾਂ ਤੇ ਆਪਣੇ ਦਮ ‘ਤੇ ਚੋਣਾਂ ਲੜਨ ਦਾ ਸਵਾਗਤ ਹੋਵੇਗਾ, ਪਰ ਜੇਕਰ ਉਹ ਵਿਧਾਇਕ ਖਰੀਦਣ ਦੀ ਕੋਸ਼ਿਸ਼ ਕਰਨਗੇ ਤਾਂ ਨਾ ਉਨ੍ਹਾਂ ਨੂੰ ਵਿਧਾਇਕ ਮਿਲਣਗੇ ਤੇ ਨਾ ਵੋਟਾਂ ਮਿਲਣਗੀਆਂ।

RELATED ARTICLES
POPULAR POSTS